ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ

Tuesday, Oct 13, 2026 - 04:54 PM (IST)

ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ

ਜਲੰਧਰ (ਵੈੱਬ ਡੈਸਕ): ਜਲੰਧਰ ਤੋਂ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਸ਼ੇ ਵਿਰੁੱਧ ਆਵਾਜ਼ ਉਠਾਉਣ ਵਾਲੇ ਸੋਸ਼ਲ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੀ ਗੋਲ਼ੀ ਮਾਰ ਕੇ ਕੀਤੀ ਗਈ ਹੱਤਿਆ ਨੂੰ ਬਹੁਤ ਹੀ ਮੰਦਭਾਗੀ ਘਟਨਾ ਕਰਾਰ ਦਿੱਤਾ ਹੈ। ਚੰਨੀ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਦੇ ਖ਼ਿਲਾਫ਼ ਲਗਾਤਾਰ ਡਟੇ ਹੋਏ ਸਨ ਅਤੇ ਲੋਕਾਂ ਦੀ ਸੇਵਾ ਕਰ ਰਹੇ ਸਨ, ਪਰ ਅੱਜ ਉਨ੍ਹਾਂ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿਚ ਪਰਵਿੰਦਰ ਸਿੰਘ ਝੋਟਾ ਇਕ ਸ਼ਹੀਦ ਬਣ ਕੇ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਉਹ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਣ ਲਈ ਕੱਲ੍ਹ ਉਨ੍ਹਾਂ ਦੇ ਘਰ ਜਾਣਗੇ।

ਚੰਨੀ ਨੇ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅਪਰਾਧ ਅਤੇ ਨਸ਼ਿਆਂ ਦੀ ਰੋਕਥਾਮ ਦੇ ਦਾਅਵਿਆਂ ਦੇ ਬਾਵਜੂਦ ਸਥਿਤੀ ਬਹੁਤ ਖ਼ਰਾਬ ਹੈ। ਚੰਨੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਨਸ਼ਿਆਂ ਅਤੇ ਅਪਰਾਧ 'ਤੇ ਜਲਦੀ ਠੱਲ੍ਹ ਨਾ ਪਾਈ ਗਈ ਤਾਂ ਇਸ ਦਾ ਖ਼ਾਮਿਆਜ਼ਾ ਸੂਬੇ ਦੀ ਜਵਾਨੀ ਨੂੰ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨ ਏਡਜ਼ ਦਾ ਸ਼ਿਕਾਰ ਹੋ ਰਹੇ ਹਨ ਤੇ ਹਾਲਾਤ ਇਹ ਬਣ ਚੁੱਕੇ ਹਨ ਕਿ ਲੋਕ ਆਪਣੀਆਂ ਧੀਆਂ ਦਾ ਵਿਆਹ ਕਰਨ ਤੋਂ ਪਹਿਲਾਂ ਮੁੰਡੇ ਤੋਂ ਮੈਡੀਕਲ ਸਰਟੀਫ਼ਿਕੇਟ ਮੰਗ ਰਹੇ ਹਨ ਕਿ ਕਿੱਧਰੇ ਉਸ ਨੂੰ ਏਡਜ਼ ਤਾਂ ਨਹੀਂ। ਚੰਨੀ ਨੇ ਕਿਹਾ ਕਿ ਜੇਕਰ ਇਹੋ ਹਾਲਾਤ ਰਹੇ ਤਾਂ ਆਉਣ ਵਾਲੇ ਸਮੇਂ 'ਚ ਬਾਰਾਤ ਚੜ੍ਹਣ ਲਈ ਮੁੰਡੇ ਹੀ ਨਹੀਂ ਲੱਭਣਗੇ।


author

Anmol Tagra

Content Editor

Related News