ਪੰਜਾਬ ਲਈ ਵਰਦਾਨ ਸਾਬਤ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਲੋਕਪੱਖੀ ਫ਼ੈਸਲੇ

Wednesday, Nov 03, 2021 - 10:25 AM (IST)

ਜਲੰਧਰ (ਜ.ਬ.)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਲੋਕਹਿੱਤ ਵਿਚ ਧੜਾ-ਧੜ ਫ਼ੈਸਲੇ ਲਏ ਅਤੇ ਪੰਜਾਬ ਵਾਸੀਆਂ ਦੀ ਭਲਾਈ ਲਈ ਅਨੇਕਾਂ ਲੋਕਪੱਖੀ ਸਕੀਮਾਂ ਅਤੇ ਯੋਜਨਾਵਾਂ ਦੀ ਸ਼ੁਰੂਆਤ ਕੀਤੀ। ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ (ਈ. ਡਬਲਯੂ. ਐੱਸ.) ਲਈ 32,000 ਘਰ ਬਣਾਉਣ ਦਾ ਫ਼ੈਸਲਾ ਲੈਣ ਉਪਰੰਤ ਮੁੱਖ ਮੰਤਰੀ ਨੇ ਐੱਸ. ਸੀ/ਬੀ. ਸੀ/ਬੀ. ਪੀ. ਐੱਲ. ਵਰਗਾਂ ਦੇ ਘਰੇਲੂ ਖ਼ਪਤਕਾਰਾਂ ਲਈ ਮੁਫ਼ਤ ਬਿਜਲੀ ਯੂਨਿਟਾਂ ਨੂੰ ਵੀ 200 ਤੋਂ ਵਧਾ ਕੇ 300 ਯੂਨਿਟ ਕਰ ਦਿੱਤਾ। ਚੰਨੀ ਹਮੇਸ਼ਾ ਹੀ ਆਪਣੀਆਂ ਜੜ੍ਹਾਂ ਨਾਲ ਜੁੜੇ ਰਹੇ ਹਨ। ਉਨ੍ਹਾਂ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਉਪਰੰਤ ਆਪਣਾ ਨਿੱਜੀ ਸੁਰੱਖਿਆ ਅਮਲਾ ਉਸੇ ਵੇਲੇ ਘਟਾ ਦਿੱਤਾ ਸੀ ਅਤੇ ਉਨ੍ਹਾਂ ਦਾ ਇਹ ਕਦਮ ਕਿਸੇ ਵੱਡੇ ਰਾਜਨੇਤਾ ਦੇ ਤੌਰ ’ਤੇ ਹੁਕਮ ਚਾੜ੍ਹਨ ਦੀ ਬਜਾਏ ‘ਆਮ ਆਦਮੀ’ ਵਾਂਗ ਵਿਚਰ ਕੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਦੇ ਨਿਸਵਾਰਥ ਰਵੱਈਏ ਅਤੇ ਦੂਰ-ਦ੍ਰਿਸ਼ਟੀ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੇ ਸਿਰਫ਼ 6 ਹਫ਼ਤਿਆਂ ਵਿਚ ਚੰਨੀ ਨੇ ਆਪਣੇ ਆਪ ਨੂੰ ਨਿਵੇਕਲੀ ਸ਼ੈਲੀ ਵਾਲੇ ਮੁੱਖ ਮੰਤਰੀ ਵਜੋਂ ਸਥਾਪਿਤ ਕੀਤਾ। ਪੰਜਾਬ ਦੇ ਨਵੇਂ ਮੁੱਖ ਮੰਤਰੀ ਕਮਾਲ ਦੀ ਊਰਜਾ ਦਾ ਪ੍ਰਦਰਸ਼ਨ ਕਰ ਰਹੇ ਹਨ। ਦੇਰ ਰਾਤ ਤੱਕ ਕੰਮ ਕਰਨਾ ਅਤੇ ਸਵੇਰੇ ਜਲਦੀ ਉੱਠਣਾ ਉਨ੍ਹਾਂ ਦੇ ਕੰਮ ਪ੍ਰਤੀ ਦ੍ਰਿੜ ਇਰਾਦੇ ਨੂੰ ਦਰਸਾਉਂਦਾ ਹੈ, ਜਿਸ ਸਦਕਾ ਉਹ ਅਨੇਕਾਂ ਨਵੀਆਂ ਪਹਿਲਕਦਮੀਆਂ ਸ਼ੁਰੂ ਕਰਨ ਵਿਚ ਕਾਮਯਾਬ ਹੋਏ, ਜਿਨ੍ਹਾਂ ਦਾ ਸਿੱਧੇ ਤੌਰ ’ਤੇ ਸੂਬੇ ਦੇ ਲੋਕਾਂ ਨੂੰ ਲਾਭ ਪਹੁੰਚਿਆ। ਇਤਿਹਾਸਕ ਫ਼ੈਸਲੇ ਲੈਂਦਿਆਂ ਮੁੱਖ ਮੰਤਰੀ ਨੇ 7 ਕਿਲੋਵਾਟ ਤਕ ਦੇ ਲੋਡ ਵਾਲੇ ਘਰੇਲੂ ਖ਼ਪਤਕਾਰਾਂ ਲਈ ਬਿਜਲੀ ਦਰਾਂ ਵਿਚ 3 ਰੁਪਏ ਪ੍ਰਤੀ ਯੂਨਿਟ ਕਟੌਤੀ ਕਰ ਦਿੱਤੀ ਹੈ, ਜਿਸ ਨਾਲ ਸੂਬੇ ਦੇ 71.75 ਲੱਖ ਵਸਨੀਕਾਂ ਨੂੰ ਲਾਭ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਭਾਰਤ ਵਿਚ ਵਧਦੀ ਮਹਿੰਗਾਈ ਦੇ ਮੱਦੇਨਜ਼ਰ ਰਾਹਤ ਦਿਵਾਉਂਦੇ ਹੋਏ ਐੱਸ. ਸੀ., ਓ. ਬੀ. ਸੀ., ਬੀ. ਪੀ. ਐੱਲ. ਵਰਗਾਂ ਦੇ ਲੋਕਾਂ ਨੂੰ ਇਕ ਕਿਲੋਵਾਟ ਤਕ ਮੁਫ਼ਤ ਬਿਜਲੀ ਦੇ ਰਹੀ ਹੈ।

ਇਹ ਵੀ ਪੜ੍ਹੋ: ਦਸੂਹਾ ਦਾ ਫ਼ੌਜੀ ਨੌਜਵਾਨ ਰਾਜੌਰੀ ਦੇ ਨੌਸ਼ਹਿਰਾ 'ਚ ਸ਼ਹੀਦ, ਇਕ ਮਹੀਨੇ ਬਾਅਦ ਛੁੱਟੀ 'ਤੇ ਆਉਣਾ ਸੀ ਘਰ

ਪੰਜਾਬ ਦੇ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਤੋਂ 3 ਵਾਰ ਵਿਧਾਇਕ ਬਣੇ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਸਾਬਕਾ ਨੇਤਾ ਚੰਨੀ ਸਰਕਾਰ ਦੇ ਕੰਮਕਾਜ ਦੀਆਂ ਬਾਰੀਕੀਆਂ ਤੋਂ ਚੰਗੀ ਤਰ੍ਹਾਂ ਵਾਕਿਫ਼ ਹਨ। ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2 ਕਿਲੋਵਾਟ ਤੋਂ ਘੱਟ ਲੋਡ ਵਾਲੇ ਖ਼ਪਤਕਾਰਾਂ ਦੀ ਬਕਾਇਆ ਖੜ੍ਹੀ ਰਕਮ ਨੂੰ ਪਹਿਲਾਂ ਹੀ ਮੁਆਫ਼ ਕਰ ਦਿੱਤਾ ਹੈ, ਜਿਸ ਨਾਲ ਸੂਬੇ ਦੇ 15 ਲੱਖ ਖ਼ਪਤਕਾਰਾਂ ਖ਼ਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨੂੰ ਲਾਭ ਹੋ ਰਿਹਾ ਹੈ। ਇਸੇ ਤਰ੍ਹਾਂ ਦਰਮਿਆਨੇ ਉਦਯੋਗਾਂ ਨੂੰ ਰਾਹਤ ਦੇਣ ਲਈ ਚੰਨੀ ਸਰਕਾਰ ਨੇ ਦਰਮਿਆਨੇ ਦਰਜੇ ਦੇ 35,000 ਯੂਨਿਟਾਂ ਨੂੰ ਪਹਿਲਾਂ ਹੀ ਲਾਭ ਪਹੁੰਚਾਉਂਦੇ ਹੋਏ ਨਿਰਧਾਰਤ ਖ਼ਰਚਿਆਂ ਵਿਚ 50 ਫ਼ੀਸਦੀ ਕਟੌਤੀ ਕਰ ਦਿੱਤੀ ਹੈ। ਪਿੰਡਾਂ ਅਤੇ ਸ਼ਹਿਰਾਂ ਦੇ ‘ਲਾਲ ਲਕੀਰ’ ਦੇ ਅੰਦਰ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਲਕੀਅਤ ਦੇ ਅਧਿਕਾਰ ਦੇਣ ਲਈ ‘ਮੇਰਾ ਘਰ, ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਮੁੱਖ ਮੰਤਰੀ ਚੰਨੀ ਨੇ ਲੱਖਾਂ ਪਰਿਵਾਰਾਂ ਖ਼ਾਸ ਕਰਕੇ ਸਮਾਜ ਦੇ ਕਮਜ਼ੋਰ ਤੇ ਪਛੜੇ ਵਰਗਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਦੇ ਸਾਰੇ ਪਿੰਡਾਂ ਦੇ ਵਸਨੀਕਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬਾ ਸਰਕਾਰ, ਸਰਕਾਰੀ ਖਜ਼ਾਨੇ ’ਚੋਂ 440 ਕਰੋੜ ਰੁਪਏ ਦੇ ਸਾਲਾਨਾ ਖਰਚ ਨਾਲ ਸਾਰੀਆਂ ਪੇਂਡੂ ਜਲ ਸਪਲਾਈ (ਆਰ. ਡਬਲਿਊ. ਐੱਸ.) ਸਕੀਮਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰ ਰਹੀ ਹੈ।

ਇਸ ਦੇ ਨਾਲ ਹੀ ਕਲਾਸ-ਡੀ ਗਰੁੱਪ ਦੀਆਂ ਨੌਕਰੀਆਂ ਨੂੰ ਰੈਗੂਲਰ ਕਰਨ ਅਤੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿਚ 11 ਫ਼ੀਸਦੀ ਵਾਧਾ ਕਰਨ ਦੇ ਫ਼ੈਸਲੇ, ਇਸ ਗੱਲ ਦਾ ਪ੍ਰਤੱਖ ਸਬੂਤ ਹਨ ਕਿ ਮੁੱਖ ਮੰਤਰੀ ਚੰਨੀ ਸਾਰਿਆਂ ਨੂੰ ਨਾਲ ਲੈ ਕੇ ਹਰੇਕ ਵਰਗ ਦੇ ਸਰਬਪੱਖੀ ਵਿਕਾਸ ਲਈ ਪੂਰਨ ਤੌਰ ’ਤੇ ਵਚਨਬੱਧ ਹਨ ਅਤੇ ਸੂਬੇ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕਰ ਰਹੇ ਹਨ।

ਇਹ ਵੀ ਪੜ੍ਹੋ: ਭੈਣਾਂ ਨੇ ਸਿਹਰਾ ਸਜਾ ਕੇ ਸ਼ਹੀਦ ਮਨਜੀਤ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News