ਮੁੱਖ ਮੰਤਰੀ ਚੰਨੀ ਦੇ ਅਕਾਲੀਆਂ ''ਤੇ ਰਗੜੇ, ਕਿਹਾ-ਪੰਜਾਬ ਤੇ ਪੰਜਾਬੀਆਂ ਨਾਲ ਕਮਾਏ ਧ੍ਰੋਹ ਦਾ ਲਵਾਂਗੇ ਹਿਸਾਬ

12/27/2021 6:22:31 PM

ਧਰਮਕੋਟ (ਸਤੀਸ਼)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਵੱਲੋਂ ਆਪਣੇ 10 ਸਾਲਾ ਦੇ ਕਾਰਜਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਨਾਲ ਜੋ ਧ੍ਰੋਹ ਕਮਾਏ ਗਏ ਹਨ, ਉਨ੍ਹਾਂ ਤੋਂ ਹਰੇਕ ਦਾ ਹਿਸਾਬ ਲਿਆ ਜਾਵੇਗਾ। ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਣਾ, ਬੇਅਦਬੀ ਦੀਆਂ ਘਟਨਾਵਾਂ ਸਮੇਤ ਸੂਬੇ ਨੂੰ ਆਰਥਿਕ ਪੱਖੋਂ ਕੰਗਾਲ ਕਰਨ ਵਰਗੇ ਮੁੱਦਿਆਂ ਦਾ ਸੂਬੇ ਦੇ ਲੋਕ ਅਕਾਲੀਆਂ ਕੋਲੋਂ ਜਵਾਬ ਮੰਗਦੇ ਹਨ। ਜਿਸ ਦੀ ਸ਼ੁਰੂਆਤ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਨ ਨਾਲ ਹੋ ਗਈ ਹੈ। ਮੁੱਖ ਮੰਤਰੀ ਚੰਨੀ ਅੱਜ ਸਥਾਨਕ ਦਾਣਾ ਮੰਡੀ ਵਿਖੇ ਪੰਜਾਬ ਸਰਕਾਰ ਵੱਲੋਂ ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟਾਂ ਦੀਆਂ ਸੰਨਦਾਂ ਵੰਡਣ ਲਈ ਆਯੋਜਿਤ ਕੀਤੇ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। 

ਵਿਧਾਇਕ ਸੁਖਜੀਤ ਸਿੰਘ ਲੋਹਗੜ ਦੀ ਅਗਵਾਈ ਵਿੱਚ ਦਾਣਾ ਮੰਡੀ ਧਰਮਕੋਟ ਵਿਖੇ ਹਜ਼ਾਰਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਚੰਨੀ ਨੇ ਕਿਹਾ ਕਿ ਦੇਸ਼ ਵਿੱਚ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਆਗੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਰਲ਼ੇ ਹੋਏ ਸਨ। ਬੀਬੀ ਹਰਸਿਮਰਤ ਕੌਰ ਬਾਦਲ ਉਸ ਵਜ਼ਾਰਤ ਦਾ ਹਿੱਸਾ ਸੀ, ਜਿਸ ਵਜ਼ਾਰਤ ਨੇ ਇਹ ਕਾਨੂੰਨ ਲਾਗੂ ਕੀਤੇ ਸਨ। ਹਰਸਿਮਰਤ ਨੂੰ ਕੇਂਦਰੀ ਵਜ਼ਾਰਤ ਛੱਡਣ ਲਈ ਲੋਕਾਂ ਖ਼ਾਸ ਕਰਕੇ ਪੰਜਾਬੀ ਕਿਸਾਨਾਂ ਦੇ ਰੋਹ ਨੇ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਰਾਹੀਂ ਦੇਸ਼ ਦੀ ਕਿਸਾਨੀ ਨੂੰ ਖ਼ਤਮ ਕਰਨ ਦੀ ਸਾਜਿਸ਼ ਵਿੱਚ ਅਕਾਲੀ ਦਲ ਅਤੇ ਭਾਜਪਾ ਬਰਾਬਰ ਦੇ ਸਾਂਝੀਦਾਰ ਸਨ। ਉਨਾਂ ਕਿਹਾ ਕਿ ਕਿਸਾਨਾਂ ਦੀ ਜਿੱਤ ਵਿੱਚ ਹਰੇਕ ਵਰਗ ਦਾ ਯੋਗਦਾਨ ਹੈ। ਇਹ ਦੇਸ਼ ਦੀ ਲੜਾਈ ਸੀ, ਜੋਕਿ ਪੰਜਾਬ ਦੇ ਬਹਾਦਰ ਕਿਸਾਨਾਂ ਨੇ ਮੂਹਰੇ ਹੋ ਕੇ ਲੜੀ ਹੈ ਅਤੇ ਇਸ ਵਿੱਚ ਮਿਸਾਲੀ ਜਿੱਤ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ:  Year Ender: ਸਾਲ 2021 ਦੀਆਂ ਇਨ੍ਹਾਂ ਘਟਨਾਵਾਂ ਨੇ ਵਲੂੰਧਰੇ ਪੰਜਾਬ ਦੇ ਹਿਰਦੇ, ਆਪਣਿਆਂ ਨੇ ਦਿੱਤੀ ਭਿਆਨਕ ਮੌਤ

PunjabKesari

ਉਨ੍ਹਾਂ ਕਿਹਾ ਕਿ ਦੂਜੇ ਪਾਸੇ ਉਨ੍ਹਾਂ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਦਾ ਪਹਿਲੇ ਦਿਨ ਤੋਂ ਹੀ ਸਿਰੜ ਨਾਲ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਭ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਇਹ ਤਿੰਨੋਂ ਕਾਨੂੰਨ ਰੱਦ ਕੀਤੇ। ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਬੁਲਾ ਕੇ ਉਨਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ। ਇਸ ਅੰਦੋਲਨ ਦੌਰਾਨ ਸਾਡੇ ਨਾਲੋਂ ਵਿਛੜ ਕਏ ਕਰੀਬ 750 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦੇਣ ਦੇ ਨਾਲ-ਨਾਲ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਦੀਆਂ ਸ਼ਹੀਦੀਆਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਬਰਾਬਰ ਦੇ ਜਿੰਮੇਵਾਰ ਗਰਦਾਨਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਨਾਂ ਪਰਿਵਾਰਾਂ ਨਾਲ ਹਮੇਸ਼ਾਂ ਮੋਢੇ ਨਾਲ ਮੋਢਾ ਲਗਾ ਕੇ ਖੜੀ ਹੈ।ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵੇਰਵਾ ਲੋਕਾਂ ਮੂਹਰੇ ਰੱਖਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਸਭ ਤੋਂ ਪਹਿਲਾਂ ਘਰੇਲੂ ਬਿਜਲੀ ਦੇ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ਼ ਕੀਤੇ। ਬਿਜਲੀ ਦਾ ਰੇਟ 3 ਰੁਪਏ ਪ੍ਰਤੀ ਯੂਨਿਟ ਘਟਾਇਆ ਜਿਸ ਨਾਲ ਪੰਜਾਬ ਦੇ ਹਰੇਕ ਵਰਗ ਦੇ ਬਿਜਲੀ ਖ਼ਪਤਕਾਰਾਂ ਨੂੰ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ। ਅਕਾਲੀ ਸਰਕਾਰ ਵੇਲੇ ਨਿੱਜੀ ਸਰਮਾਏਦਾਰਾਂ ਨੂੰ ਲਾਭ ਦਿਵਾਉਣ ਲਈ ਕੀਤੇ ਗਏ ਬਿਜਲੀ ਸਮਝੌਤੇ ਰੱਦ ਕੀਤੇ। ਪੀਣ ਵਾਲੇ ਪਾਣੀ ਦੇ ਬਕਾਇਆ ਬਿੱਲ ਮੁਆਫ਼ ਕਰਨ ਦੇ ਨਾਲ ਨਾਲ ਪਿੰਡਾਂ ਵਿੱਚ ਪਾਣੀ ਦੀ ਕਿਰਾਇਆ ਦਰ 160 ਰੁਪਏ ਤੋਂ ਅਤੇ ਸ਼ਹਿਰਾਂ ਵਿੱਚ 250 ਰੁਪਏ ਤੋਂ ਘਟਾ ਕੇ 50 ਰੁਪਏ ਪ੍ਰਤੀ ਮਹੀਨਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਜੋ ਐਲਾਨ ਕੀਤੇ ਹਨ, ਉਹ ਪੂਰੇ ਵੀ ਕੀਤੇ ਹਨ। ਅੱਜ ਪੈਟਰੋਲ ਅਤੇ ਡੀਜ਼ਲ ਵਿੱਚ ਪ੍ਰਤੀ ਲੀਟਰ ਕਰਮਵਾਰ 10 ਅਤੇ 5 ਰੁਪਏ ਦੀ ਕਮੀ ਕੀਤੀ ਗਈ ਹੈ। ਕਿਸੇ ਵੇਲੇ 22 ਰੁਪਏ ਤੋਂ ਵਧੇਰੇ ਦੀ ਕੀਮਤ ਉੱਤੇ ਮਿਲਣ ਵਾਲਾ ਰੇਤਾ ਅੱਜ ਸਾਢੇ 5 ਰੁਪਏ ਪ੍ਰਤੀ ਫੁੱਟ ਮਿਲ ਰਿਹਾ ਹੈ। ਉਨਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ਨਾਲ ਜੁੜੇ ਤਰਜੀਹੀ ਤੌਰ ’ਤੇ ਹੱਲ ਕੀਤੇ ਜਾਣ। 

ਇਹ ਵੀ ਪੜ੍ਹੋ:  ਜਲੰਧਰ ਵੈਸਟ ਤੋਂ ਭਾਜਪਾ ਦੇ ਆਗੂ ਸ਼ੀਤਲ ਅੰਗੁਰਾਲ ‘ਆਪ’ ’ਚ ਹੋਏ ਸ਼ਾਮਲ

ਮਜੀਠੀਆ ਬਣਿਆ ਕਥਿਤ ਤੌਰ 'ਤੇ ਨਸ਼ਿਆਂ ਦਾ ਇਕ ਬਰਾਂਡ
ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਕਥਿਤ ਤੌਰ ਉੱਤੇ ਨਸ਼ਿਆਂ ਦਾ ਇਕ ਬਰਾਂਡ ਬਣ ਗਿਆ ਸੀ, ਜਿਸ ਨੂੰ ਹੁਣ ਜਲਦ ਹੀ ਸਲਾਖ਼ਾਂ ਪਿੱਛੇ ਸੁੱਟਿਆ ਜਾਵੇਗਾ। ਉਨ੍ਹਾਂ ਆਪ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਤੇ ਅਕਾਲੀਆਂ ਮੂਹਰੇ ਗੋਡੇ ਟੇਕਣ ਦਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਜੇਕਰ ਅਰਵਿੰਦਰ ਕੇਜਰੀਵਾਲ ਅਕਾਲੀ ਆਗੂ ਮਜੀਠੀਆ ਤੋਂ ਅਦਾਲਤ ਵਿੱਚ ਹਲਫ਼ੀਆ ਬਿਆਨ ਦੇ ਕੇ ਮੁਆਫ਼ੀ ਨਾ ਮੰਗਦਾ ਤਾਂ ਮਜੀਠੀਆ 6 ਸਾਲ ਪਹਿਲਾਂ ਹੀ ਸਲਾਖ਼ਾਂ ਪਿੱਛੇ ਹੁੰਦਾ। ਉਨ੍ਹਾਂ ਕੇਜਰੀਵਾਲ ਨੂੰ ਲੋਕਾਂ ਨੂੰ ਝੂਠੀਆਂ ਗਾਰੰਟੀਆਂ ਦੇਣ ਤੋਂ ਵੀ ਵਰਜਿਆ। ਉਨ੍ਹਾਂ ਦੇ ਪੰਜਾਬ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਵੀ ਕਥਿਤ ਤੌਰ ਉੱਤੇ ਅਕਾਲੀਆਂ ਨੂੰ ਬਚਾਉਣ ਦਾ ਹਰ ਹੀਲਾ ਵਰਤਣ ਦਾ ਦੋਸ਼ ਲਗਾਇਆ। ਸੂਬੇ ਦੇ ਲੋਕਾਂ ਨੇ ਹੁਣ ਮਨ ਬਣਾ ਲਿਆ ਹੈ ਕਿ ਸੂਬੇ ਦੇ ਵਿਕਾਸ ਦੀ ਗਤੀ ਨੂੰ ਚਾਲੂ ਰੱਖਣ ਲਈ ਪੰਜਾਬ ਵਿੱਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਲਿਆਂਦੀ ਜਾਵੇਗੀ। ਇਸ ਮੌਕੇ ਉਨ੍ਹਾਂ ਵਿਧਾਨ ਸਭਾ ਹਲਕਾ ਧਰਮਕੋਟ ਦੇ ਸਰਬਪੱਖੀ ਵਿਕਾਸ ਲਈ 5 ਕਰੋੜ ਰੁਪਏ ਹੋਰ ਗਰਾਂਟ ਦੇਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਹਲਕੇ ਵਿੱਚ ਪਹਿਲਾਂ ਹੀ ਚੱਲ ਰਹੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਉੱਤੇ ਨੇਪਰੇ ਚਾੜਿਆ ਜਾਵੇਗਾ।

PunjabKesari

ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਸਿਆਣਪ ਨਾਲ ਵੋਟ ਦੀ ਵਰਤੋਂ ਕਰਨ ਤਾਂ ਜੋ ਉਨਾਂ ਦੀ ਸਰਕਾਰ ਵੱਲੋਂ ਪੰਜਾਬ ਨੂੰ ਆਰਥਿਕ ਤੌਰ ’ਤੇ ਮੁੜ ਪੈਰਾਂ ਸਿਰ ਖੜਾ ਕਰਨ ਲਈ ਵਿੱਢੇ ਉਪਰਾਲਿਆਂ ਨੂੰ ਹੋਰ ਬਲ ਮਿਲੇ। ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਨੇ ਇਸ ਮੌਕੇ ਹਲਕੇ ਦੀਆਂ ਮੰਗਾਂ ਦਾ ਵੇਰਵਾ ਮੁੱਖ ਮੰਤਰੀ ਅੱਗੇ ਰੱਖਿਆ ਅਤੇ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ 5-5 ਮਰਲੇ ਦੇ ਪਲਾਟ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਨੇ ਸੰਨਦਾਂ ਦੀ ਵੀ ਵੰਡ ਕੀਤੀ। ਇਸ ਮੌਕੇ 'ਤੇ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। 

ਇਹ ਵੀ ਪੜ੍ਹੋ: ਪੰਜਾਬ ਦੇ ਲੋਕਾਂ ਲਈ ਛੇਤੀ ਹੀ ਤੋਹਫ਼ੋ ਲੈ ਕੇ ਆ ਰਹੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ : ਹੰਸ ਰਾਜ ਹੰਸ

ਇਸ ਮੌਕੇ ਉਨ੍ਹਾਂ ਨਾਲ ਲੋਕ ਸਭਾ ਮੈਂਬਰ ਮੁਹੰਮਦ ਸਦੀਕ, ਵਿਧਾਇਕ  ਇਕਬਾਲ ਸਿੰਘ ਸਮਰਾ ਯੂ. ਐੱਸ. ਏ, ਇੰਦਰਪ੍ਰੀਤ ਸਿੰਘ ਬੰਟੀ ਪ੍ਰਧਾਨ ਨਗਰ ਕੌਂਸਲ, ਦਰਸ਼ਨ ਸਿੰਘ ਬਰਾੜ, ਵਿਧਾਇਕ ਡਾ. ਹਰਜੋਤ ਕਮਲ, ਸਾਬਕਾ ਮੰਤਰੀ ਸ੍ਰੀਮਤੀ ਮਾਲਤੀ ਥਾਪਰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀ ਰਾਹੁਲ ਤਿਵਾੜੀ, ਡੀ. ਆਈ. ਜੀ. ਸੁਰਜੀਤ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ, ਜ਼ਿਲ੍ਹਾ ਪੁਲਸ ਮੁੱਖੀ ਸ੍ਰ. ਸੁਰਿੰਦਰਪਾਲ ਸਿੰਘ ਮੰਡ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ਬੀੜ ਚੜਿੱਕ, ਨਗਰ ਸੁਧਾਰ ਟਰੱਸਟ ਮੋਗਾ ਦੇ ਚੇਅਰਮੈਨ ਸ੍ਰੀ ਵਿਨੋਦ ਬਾਂਸਲ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸ੍ਰ. ਕਮਲਜੀਤ ਸਿੰਘ ਬਰਾੜ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

ਇਹ ਵੀ ਪੜ੍ਹੋ: ਗਜੇਂਦਰ ਸਿੰਘ ਸ਼ੇਖਾਵਤ ਦਾ ਵੱਡਾ ਬਿਆਨ, ਪੰਜਾਬ 'ਚ ਆਮ ਵਿਅਕਤੀ ਨੂੰ ਬਦਲ ਵਜੋਂ ਭਾਜਪਾ ਤੋਂ ਉਮੀਦ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News