ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ, 'ਆਪ' ਦੀ ਜਿੱਤ ਬਾਰੇ ਆਖੀ ਇਹ ਗੱਲ

Friday, Mar 11, 2022 - 02:05 PM (IST)

ਚੰਡੀਗੜ੍ਹ : ਪੰਜਾਬ 'ਚ ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਗਵਰਨਰ ਹਾਊਸ ਤੋਂ ਬਾਹਰ ਨਿਕਲਦਿਆਂ ਚਰਨਜੀਤ ਸਿੰਘ ਚੰਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਸਮੁੱਚੀ ਕੈਬਨਿਟ ਸਮੇਤ ਰਾਜਪਾਲ ਨੂੰ ਅਸਤੀਫ਼ਾ ਸੌਂਪ ਦਿੱਤਾ ਹੈ ਅਤੇ ਉਨ੍ਹਾਂ ਨੂੰ 15ਵੀਂ ਵਿਧਾਨ ਸਭਾ ਭੰਗ ਕਰਨ ਦੀ ਸਿਫਾਰਿਸ਼ ਕੀਤੀ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕਣ ਤੱਕ ਰਾਜਪਾਲ ਨੇ ਉਨ੍ਹਾਂ ਨੂੰ ਕਾਰਜਭਾਰ ਸੰਭਾਲਣ ਲਈ ਕਿਹਾ ਹੈ। ਇਸ ਤਰ੍ਹਾਂ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕਣ ਤੱਕ ਚਰਨਜੀਤ ਸਿੰਘ ਚੰਨੀ ਹੁਣ ਕਾਰਜਕਾਰੀ ਮੁੱਖ ਮੰਤਰੀ ਰਹਿਣਗੇ।

ਇਹ ਵੀ ਪੜ੍ਹੋ : ਚਰਨਜੀਤ ਸਿੰਘ ਚੰਨੀ ਨੇ ਬੁਲਾਈ ਮੰਤਰੀ ਮੰਡਲ ਦੀ ਬੈਠਕ, ਰਾਜਪਾਲ ਨੂੰ ਸੌਂਪ ਸਕਦੇ ਨੇ ਅਸਤੀਫ਼ਾ

ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜਨਤਾ ਦਾ ਜੋ ਫ਼ੈਸਲਾ ਹੈ, ਉਹ ਸਿਰ-ਮੱਥੇ 'ਤੇ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ 'ਚ ਹਾਜ਼ਰ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਸਨ ਅਤੇ ਇਸ ਬਦਲਾਅ ਲਈ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਹਨ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਅਗਲੀ ਸਰਕਾਰ ਨੂੰ ਅਪੀਲ ਹੈ ਕਿ ਪਿਛਲੇ 111 ਦਿਨਾਂ ਦੌਰਾਨ ਉਨ੍ਹਾਂ ਦੀ ਸਰਕਾਰ ਵੱਲੋਂ ਜੋ ਕੰਮ ਕੀਤੇ ਗਏ ਹਨ, ਉਨ੍ਹਾਂ ਨੂੰ ਜਾਰੀ ਰੱਖਿਆ ਜਾਵੇ।

ਇਹ ਵੀ ਪੜ੍ਹੋ : ਇਸ਼ਕ-ਏ-ਸਿਸਵਾਂ ਲੈ ਡੁੱਬਾ 'ਕੈਪਟਨ' ਨੂੰ, ਹੁਣ ਕੀ ਕਰਨਗੇ

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਨ੍ਹਾਂ 111 ਦਿਨਾਂ ਦੌਰਾਨ ਉਨ੍ਹਾਂ ਦੀ ਸਰਕਾਰ ਵੱਲੋਂ 111 ਫ਼ੈਸਲੇ ਲਏ ਗਏ ਹਨ, ਜਿਨ੍ਹਾਂ 'ਚ ਬਿਜਲੀ ਦੇ ਰੇਟ ਘਟਾਉਣਾ, ਪੈਟਰੋਲ-ਡੀਜ਼ਲ ਦੇ ਰੇਟ ਘਟਾਉਣਾ, ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕਰਨਾ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਵੀਂ ਸਰਕਾਰ ਨੇ ਜਨਤਾ ਨਾਲ ਜੋ ਵਾਅਦੇ ਕੀਤੇ ਹਨ, ਉਨ੍ਹਾਂ 'ਤੇ ਉਹ ਖ਼ਰਾ ਉਤਰੇਗੀ। ਦੱਸਣਯੋਗ ਹੈ ਕਿ ਅਸਤੀਫ਼ਾ ਦੇਣ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਕੈਬਨਿਟ ਮੀਟਿੰਗ ਵੀ ਕੀਤੀ ਗਈ ਸੀ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News