ਭਵਾਨੀਗੜ੍ਹ ਪੁਲਸ ਵੱਲੋਂ ਕਾਲਾਝਾੜ ਟੋਲ ’ਤੇ ਵਾਹਨਾਂ ਦੀ ਚੈਕਿੰਗ

Thursday, Jul 16, 2026 - 06:22 PM (IST)

ਭਵਾਨੀਗੜ੍ਹ ਪੁਲਸ ਵੱਲੋਂ ਕਾਲਾਝਾੜ ਟੋਲ ’ਤੇ ਵਾਹਨਾਂ ਦੀ ਚੈਕਿੰਗ

ਭਵਾਨੀਗੜ੍ਹ (ਵਿਕਾਸ)- ਜ਼ਿਲ੍ਹੇ ’ਚ ਅਮਨ-ਕਾਨੂੰਨ ਦੀਸਥਿਤੀ ਨੂੰ ਬਰਕਰਾਰ ਰੱਖਣ ਤੇ ਨਸ਼ਾ ਸਮੱਗਲਰਾਂ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਦੇ ਮਕਸਦ ਨਾਲ ਸੰਗਰੂਰ ਪੁਲਸ ਵੱਲੋਂ ਬੁੱਧਵਾਰ ਨੂੰ ਜ਼ਿਲ੍ਹੇ ਦੀਆਂ ਸਰਹੱਦਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰ ਕੇ ਸਖਤ ਵਾਹਨ ਚੈਕਿੰਗ ਮੁਹਿੰਮ ਚਲਾਈ ਗਈ। ਐੱਸ.ਐੱਸ.ਪੀ. ਗਰੇਵਾਲ ਦੀ ਅਗਵਾਈ ਹੇਠ ਭਵਾਨੀਗੜ੍ਹ ਦੇ ਕਾਲਾਝਾੜ ਟੋਲ ਪਲਾਜ਼ਾ ਨੇੜੇ ਚੰਡੀਗੜ੍ਹ-ਬਠਿੰਡਾ ਕੌਮੀ ਰਾਜਮਾਰਗ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਜ਼ਿਲੇ ’ਚ ਦਾਖਲ ਹੋਣ ਵਾਲੇ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ ਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਦਾਖਲ ਹੋਣ ਵਾਲੇ ਸਾਰੇ ਮੁੱਖ ਮਾਰਗਾਂ ’ਤੇ ਸਬੰਧਤ ਥਾਣਾ ਮੁਖੀਆਂ ਦੀ ਅਗਵਾਈ ਹੇਠ ਪੁਲਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਮੁਹਿੰਮ ਦਾ ਉਦੇਸ਼ ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣਾ ਤੇ ਨਸ਼ਾ ਸਮੱਗਲਰਾਂ ਤੇ ਸਮਾਜ ਵਿਰੋਧੀ ਅਨਸਰਾਂ ਦੀ ਆਵਾਜਾਈ ’ਤੇ ਪ੍ਰਭਾਵਸ਼ਾਲੀ ਰੋਕ ਲਗਾਉਣਾ ਹੈ। ਜਾਂਚ ਦੌਰਾਨ ਪੁਲਸ ਵੱਲੋਂ ਵਾਹਨਾਂ ਦੀਆਂ ਡਿੱਗੀਆਂ, ਦਸਤਾਵੇਜ਼ਾਂ ਤੇ ਸਾਮਾਨ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਉਨ੍ਹਾਂ ਕਿਹਾ ਕਿ ਅਪਰਾਧਾਂ ਦੀ ਰੋਕਥਾਮ ਅਤੇ ਜ਼ਿਲ੍ਹੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਤਰ੍ਹਾਂ ਦੀਆਂ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।

ਇਸ ਸਮੇਂ ਐੱਸ. ਪੀ. (ਡੀ) ਦਵਿੰਦਰ ਅੱਤਰੀ, ਡੀ.ਐੱਸ.ਪੀ. ਭਵਾਨੀਗੜ੍ਹ ਸਤਨਾਮ ਸਿੰਘ, ਥਾਣਾ ਮੁਖੀ ਭਵਾਨੀਗੜ੍ਹ ਇੰਸਪੈਕਟਰ ਰਮਨਦੀਪ ਸਿੰਘ, ਚੌਕੀ ਇੰਚਾਰਜ ਕਾਲਾਝਾੜ ਏ.ਐੱਸ.ਆਈ. ਸਤਵੰਤ ਸਿੰਘ ਸਮੇਤ ਹੋਰ ਪੁਲਸ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।


author

Anmol Tagra

Content Editor

Related News