ਫੂਡ ਸੇਫਟੀ ਟੀਮ ਵੱਲੋਂ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ ; 5 ਸੈਂਪਲ ਭਰੇ

06/21/2018 5:46:13 AM

ਕਪੂਰਥਲਾ/ਬੇਗੋਵਾਲ, (ਗੁਰਵਿੰਦਰ ਕੌਰ, ਰਜਿੰਦਰ)- ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿਹਤਮੰਦ ਬਣਾਉਣ ਲਈ ਸ਼ੁਰੂ ਕੀਤੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਡਿਪਟੀ ਕਮਿਸ਼ਨਰ ਮੁਹੰਮਦ ਤਈਅਬ ਤੇ ਸਿਵਲ ਸਰਜਨ ਡਾ. ਬਲਵੰਤ ਸਿੰਘ ਦੇ ਨਿਰਦੇਸ਼ਾਂ 'ਤੇ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਅੱਜ ਨਡਾਲਾ ਤੇ ਸੁਭਾਨਪੁਰ ਦੀਆਂ ਮਠਿਆਈ ਦੀਆਂ ਦੁਕਾਨਾਂ ਤੇ ਡੇਅਰੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਹਾਇਕ ਕਮਿਸ਼ਨਰ ਫੂਡ ਸੇਫਟੀ ਡਾ. ਹਰਜੋਤ ਪਾਲ ਸਿੰਘ ਦੀ ਅਗਵਾਈ ਵਾਲੀ ਇਸ ਟੀਮ 'ਚ ਫੂਡ ਸੇਫਟੀ ਅਫ਼ਸਰ ਸਤਨਾਮ ਸਿੰਘ ਤੇ ਹੋਰ ਅਧਿਕਾਰੀ ਸ਼ਾਮਲ ਸਨ। ਇਸ ਚੈਕਿੰਗ ਦੌਰਾਨ ਟੀਮ ਨੇ ਵੱਖ-ਵੱਖ ਇਲਾਕਿਆਂ 'ਚੋਂ ਕੁਲ 5 ਸੈਂਪਲ ਭਰੇ, ਜਿਨ੍ਹਾਂ 'ਚ ਪਨੀਰ, ਗੁਲਾਬ ਜਾਮੁਨ, ਦੇਸੀ ਘਿਉ, ਮੱਖਣ ਤੇ ਕੇਕ ਸ਼ਾਮਲ ਸੀ।
ਇਸ ਦੌਰਾਨ ਉਨ੍ਹਾਂ ਅੱਡਾ ਸੁਭਾਨਪੁਰ ਦੇ ਮਠਿਆਈ ਤੇ ਡੇਅਰੀ ਮਾਲਕਾਂ ਨਾਲ ਮੀਟਿੰਗ ਵੀ ਕੀਤੀ ਤੇ ਉਨ੍ਹਾਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਵਿਚ ਸਹਿਯੋਗ ਦੇਣ ਲਈ ਕਿਹਾ। ਇਸ ਮੌਕੇ ਮਠਿਆਈ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਉਹ ਵਰਜਿਤ ਕੈਮੀਕਲ ਰੰਗਾਂ ਦੀ ਵਰਤੋਂ ਬਿਲਕੁਲ ਨਾ ਕਰਨ ਤੇ ਜਾਇਜ਼ ਸਿੰਥੈਟਿਕ ਫੂਡ ਰੰਗਾਂ ਦੀ ਵਰਤੋਂ ਆਗਿਆਯੋਗ ਮਾਤਰਾ ਵਿਚ ਹੀ ਕਰਨ। ਇਸ ਦੇ ਨਾਲ ਹੀ ਕਿਹਾ ਗਿਆ ਕਿ ਮਠਿਆਈਆਂ 'ਤੇ ਸ਼ੁੱਧ ਚਾਂਦੀ ਦੇ ਵਰਕ ਦਾ ਹੀ ਇਸਤੇਮਾਲ ਕੀਤਾ ਜਾਵੇ। ਦੁੱਧ ਤੇ ਦੁੱਧ ਪਦਾਰਥਾਂ ਨਾਲ ਸਬੰਧਤ ਦੁਕਾਨਦਾਰਾਂ ਨੂੰ ਵੀ ਹਦਾਇਤ ਕੀਤੀ ਗਈ ਕਿ ਉਹ ਦੁੱਧ ਤੇ ਦੁੱਧ ਪਦਾਰਥਾਂ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਣ ਤੇ ਮਿਲਾਵਟ ਤੋਂ ਪਰਹੇਜ਼ ਕਰਨ। ਇਸ ਦੌਰਾਨ ਉਨ੍ਹਾਂ ਨੂੰ ਵਰਜਿਤ ਰੰਗਾਂ ਤੇ ਮਿਲਾਵਟੀ ਸਾਮਾਨ ਦੀ ਵਰਤੋਂ ਨਾਲ ਮਨੁੱਖੀ ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵਾਂ ਤੇ ਹੋਣ ਵਾਲੀਆਂ ਖ਼ਤਰਨਾਕ ਬੀਮਾਰੀਆਂ ਤੋਂ ਜਾਣੂ ਕਰਵਾਇਆ ਗਿਆ। 
ਦੁਕਾਨਦਾਰਾਂ ਵੱਲੋਂ ਇਹ ਭਰੋਸਾ ਦਿਵਾਇਆ ਗਿਆ ਕਿ ਉਹ ਸ਼ੁੱਧ ਤੇ ਮਿਲਾਵਟ ਰਹਿਤ ਦੁੱਧ, ਦੁੱਧ ਪਦਾਰਥ ਤੇ ਮਠਿਆਈ ਉਪਲਬਧ ਕਰਵਾਉਣਗੇ।  ਡਾ. ਹਰਜੋਤ ਪਾਲ ਸਿੰਘ ਨੇ ਦੱਸਿਆ ਕਿ ਸੈਂਪਲ ਫੇਲ ਹੋਣ ਦੀ ਸੂਰਤ 'ਚ ਦੋਸ਼ੀਆਂ ਖਿਲਾਫ਼ ਫੂਡ ਸੇਫਟੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਲੋਕਾਂ ਨੂੰ ਸ਼ੁੱਧ ਤੇ ਮਿਲਾਵਟ ਰਹਿਤ ਭੋਜਨ ਪਦਾਰਥ ਮੁਹੱਈਆ ਕਰਵਾਉਣਾ ਹੈ।