ਮੁੱਖ ਮੰਤਰੀ ਕੈਪਟਨ ਨੂੰ ਹੋਇਆ ''ਕਰੋ ਨਾ ਵਾਇਰਸ''

02/29/2020 2:07:26 AM

ਜਲੰਧਰ (ਇੰਟ.)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 'ਕਰੋ ਨਾ ਵਾਇਰਸ' ਹੋ ਗਿਆ ਹੈ, ਜਿਸ ਕਾਰਨ ਉਨ੍ਹਾਂ ਨੇ ਪਿਛਲੇ ਤਿੰਨ ਸਾਲਾਂ ਵਿਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਹਨ। ਕੁਝ ਅਖਬਾਰਾਂ ਵਿਚ ਛਪੀਆਂ ਖਬਰਾਂ ਮੁਤਾਬਕ ਇਹ ਦੋਸ਼ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਕੈਪਟਨ ਸਰਕਾਰ 'ਤੇ ਲਗਾਏ। ਦਰਅਸਲ ਬੀਤੇ ਦਿਨੀਂ ਸਦਨ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਿਆਨ ਦਿੱਤਾ ਗਿਆ ਸੀ ਕਿ ਚੀਨ ਵਿਚ ਕਰੋਨਾ ਵਾਇਰਸ ਫੈਲਣ ਕਾਰਨ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ 'ਚ ਦੇਰੀ ਹੋ ਰਹੀ ਹੈ। ਉਨ੍ਹਾਂ ਦੇ ਇਸ ਬਿਆਨ ਦੀ ਹਰ ਪਾਸੇ ਨਿਖੇਧੀ ਹੋ ਰਹੀ ਹੈ।

ਬਜਟ 'ਚ 10 ਲੱਖ ਨੌਜਵਾਨਾਂ ਨੂੰ ਵਿੱਤ ਮੰਤਰੀ ਵਲੋਂ ਮੋਬਾਇਲ ਫੋਨ ਦੇਣ ਦਾ ਐਲਾਨ
ਹਾਲਾਂਕਿ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਬਜਟ ਦੌਰਾਨ ਸੂਬੇ ਦੇ 10 ਲੱਖ ਨੌਜਵਾਨਾਂ ਨੂੰ ਮੋਬਾਇਲ ਫੋਨ ਦੇਣ ਦਾ ਐਲਾਨ ਕੀਤਾ ਗਿਆ। ਭਾਸ਼ਣ ਦੌਰਾਨ ਵਿੱਤ ਮੰਤਰੀ ਨੇ ਦੱਸਿਆ ਕਿ ਚੀਨ ਵਿਚ ਕਰੋਨਾ ਵਾਇਰਸ ਕਾਰਨ ਮੋਬਾਇਲ ਫੋਨ ਦੀ ਸਪਲਾਈ ਨਹੀਂ ਹੋ ਸਕੀ। ਉਨ੍ਹਾਂ ਨੇ ਉਮੀਦ ਜਤਾਈ ਕਿ ਅਪ੍ਰੈਲ ਤੱਕ ਫੋਨ ਆ ਜਾਣਗੇ। ਇਸ ਮੰਤਵ ਲਈ ਪੰਜਾਬ ਸਰਕਾਰ ਵਲੋਂ 100 ਕਰੋੜ ਰਾਖਵੇਂ ਰੱਖੇ ਗਏ ਹਨ।

ਦੱਸਣਯੋਗ ਹੈ ਕਿ ਕੈਪਟਨ ਸਰਕਾਰ ਨੇ ਵਿਧਾਨ ਸਭਾ ਦੀਆਂ ਚੋਣਾਂ ਵਿਚ ਆਪਣੇ ਚੋਣ ਮੈਨੀਫੈਸਟੋ ਵਿਚ ਨੌਜਵਾਨ ਵਰਗ ਨਾਲ ਇਹ ਵਾਅਦਾ ਕੀਤਾ ਸੀ ਕਿ ਕਾਂਗਰਸ ਦੀ ਸਰਕਾਰ ਆਉਣ 'ਤੇ ਨੌਜਵਾਨਾਂ ਨੂੰ ਸਮਾਰਟਫੋਨ ਦਿੱਤੇ ਜਾਣਗੇ ਪਰ ਅਜੇ ਤੱਕ ਸਰਕਾਰ ਵਲੋਂ ਕੀਤੇ ਗਏ ਇਸ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ ਹੈ। ਇਸ ਦੌਰਾਨ ਨੌਜਵਾਨਾਂ ਕੋਲੋਂ ਫਾਰਮ ਵੀ ਭਰਵਾਏ ਗਏ ਸਨ।

Sunny Mehra

This news is Content Editor Sunny Mehra