ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਸ ਪ੍ਰਸ਼ਾਸਨ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

05/09/2023 2:00:36 AM

ਚੰਡੀਗੜ੍ਹ/ਜਲੰਧਰ (ਬਿਊਰੋ) : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਅੱਜ ਵੀਡੀਓ ਕਾਨਫਰੰਸ ਰਾਹੀਂ 10 ਮਈ ਨੂੰ ਹੋਣ ਜਾ ਰਹੀ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐੱਸ. ਐੱਸ. ਪੀ. (ਦਿਹਾਤੀ) ਮੁਖਵਿੰਦਰ ਸਿੰਘ ਭੁੱਲਰ ਤੇ ਹੋਰਨਾਂ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿਚ ਹਿੱਸਾ ਲੈਂਦਿਆਂ ਦੱਸਿਆ ਕਿ ਜ਼ਿਮਨੀ ਚੋਣਾਂ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਮੁੱਖ ਚੋਣ ਅਧਿਕਾਰੀ ਨੂੰ ਆਦਰਸ਼ ਚੋਣ ਜ਼ਾਬਤੇ, ਪੋਲਿੰਗ ਸਟਾਫ਼, ਵੋਟਰ ਸਲਿੱਪਾਂ ਦੀ ਵੰਡ, ਵੈੱਬਕਾਸਟਿੰਗ, ਟਰਾਂਸਪੋਰਟੇਸ਼ਨ ਅਤੇ ਸੰਚਾਰ ਪਲਾਨ ਅਤੇ ਈ. ਵੀ. ਐੱਮ. ਸਟਰਾਂਗ ਰੂਮਜ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : ਡਾਕਟਰ ਦੀ ਆਨਲਾਈਨ ਅਪੁਆਇੰਟਮੈਂਟ ਲਈ ਕਟਵਾਈ 5 ਰੁਪਏ ਦੀ ਪਰਚੀ, ਖਾਤੇ ’ਚੋਂ ਉੱਡੇ ਸਵਾ ਲੱਖ ਰੁਪਏ

ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐੱਸ. ਐੱਸ. ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਜਾਣੂ ਕਰਵਾਇਆ ਕਿ ਜ਼ਿਲ੍ਹੇ ਅੰਦਰ ਤਕਰੀਬਨ 98 ਫੀਸਦੀ ਲਾਇਸੈਂਸੀ ਹਥਿਆਰ ਜਮ੍ਹਾ ਕਰਵਾਏ ਜਾ ਚੁੱਕੇ ਹਨ। ਸੁਰੱਖਿਆ ਬਲਾਂ ਦੀ ਤਾਇਨਾਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਢੁੱਕਵਾਂ ਤਾਇਨਾਤੀ ਪਲਾਨ ਤਿਆਰ ਕੀਤਾ ਗਿਆ ਹੈ ਅਤੇ ਚੋਣਾਂ ਨੂੰ ਅਮਨ-ਅਮਾਨ ਨਾਲ ਕਰਵਾਉਣ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਮਨੀ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮੁੱਚੇ 1972 ਪੋਲਿੰਗ ਬੂਥਾਂ ’ਤੇ ਵੋਟਿੰਗ ਦੇ ਸੁਚਾਰੂ ਸੰਚਾਲਨ ਲਈ ਢੁੱਕਵੇਂ ਪ੍ਰਬੰਧ ਅਮਲ ਵਿਚ ਲਿਆਂਦੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ : ਆਵਾਰਾ ਪਸ਼ੂ ਕਾਰਨ ਵਾਪਰਿਆ ਭਿਆਨਕ ਹਾਦਸਾ, ਜਿਮ ਚਾਲਕ ਦੀ ਦਰਦਨਾਕ ਮੌਤ

ਉਨ੍ਹਾਂ ਦੱਸਿਆ ਕਿ ਤਕਰੀਬਨ 98 ਫੀਸਦੀ ਵੋਟਰ ਸਲਿੱਪਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਵਾਲੇ ਦਿਨ ਸਮੁੱਚੀ ਪ੍ਰਕਿਰਿਆ ’ਤੇ ਨਜ਼ਰ ਰੱਖਣ ਲਈ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵੈੱਬ ਕਾਸਟਿੰਗ ਕੀਤੀ ਜਾਵੇਗੀ, ਜਿਸ ਦੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕਰਨ ਤੋਂ ਇਲਾਵਾ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦੱਸਿਆ ਕਿ ਈ.ਵੀ.ਐੱਮਜ਼ ਦੀ ਆਵਾਜਾਈ ਲਈ ਸਮੁੱਚੇ 703 ਵਾਹਨ ਜੀ.ਪੀ.ਐੱਸ. ਸਿਸਟਮ ਨਾਲ ਲੈਸ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ 1972 ਪੋਲਿੰਗ ਸਟੇਸ਼ਨਾਂ ’ਤੇ ਦਿਵਿਆਂਗ ਤੇ ਬਜ਼ੁਰਗ ਵੋਟਰਾਂ ਦੀ ਸਹਾਇਤਾ ਲਈ ਰੈਂਪ, ਵ੍ਹੀਲ ਚੇਅਰ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਦੇ ਨਾਲ-ਨਾਲ ਚੋਣ ਮਿੱਤਰ ਤਾਇਨਾਤ ਕਰਨ ਤੋਂ ਇਲਾਵਾ ਬਾਇਓ ਵੇਸਟ ਮੈਨੇਜਮੈਂਟ ਲਈ ਆਂਗਣਵਾੜੀ, ਆਸ਼ਾ ਅਤੇ ਮਲਟੀਪਰਪਜ਼ ਹੈਲਥ ਵਰਕਰ ਵੀ ਤਾਇਨਾਤ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਚੋਣਾਂ ਨਾਲ ਸਬੰਧਤ ਸਟਾਫ਼ ਨੂੰ ਸਿਖਲਾਈ ਵੀ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਚੋਣ ਪ੍ਰਕਿਰਿਆ ਸਬੰਧੀ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਜਾਣਕਾਰੀ ਹੋਵੇ। ਜ਼ਿਕਰਯੋਗ ਹੈ ਕਿ 10 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਗਿਣਤੀ 13 ਮਈ ਨੂੰ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਸਮੂਹ ਸਹਾਇਕ ਰਿਟਰਨਿੰਗ ਅਫ਼ਸਰ ਆਦਿ ਵੀ ਮੌਜੂਦ ਸਨ।

Manoj

This news is Content Editor Manoj