ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ ਨਿਰਦੇਸ਼
Wednesday, Jul 01, 2026 - 05:45 PM (IST)
ਜਲੰਧਰ (ਪੁਨੀਤ)-ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਜਲੰਧਰ ਦੌਰੇ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਈ. ਵੀ. ਐੱਮ. ਅਤੇ ਵੀ. ਵੀ. ਪੈਟ. ਵੇਅਰਹਾਊਸ (ਸਟਰਾਂਗ ਰੂਮ) ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਵੇਅਰਹਾਊਸ ਵਿਚ ਰੱਖੀਆਂ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ, ਰੱਖ-ਰਖਾਅ ਅਤੇ ਸਟੋਰੇਜ ਵਿਵਸਥਾ ਦਾ ਡੂੰਘਾਈ ਨਾਲ ਜਾਇਜ਼ਾ ਲੈਂਦੇ ਅਧਿਕਾਰੀਆਂ ਨੂੰ ਭਾਰਤ ਚੋਣ ਕਮਿਸ਼ਨ ਦੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਸਾਰੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਬਾਅਦ ਉਨ੍ਹਾਂ ਨੇ ਜ਼ਿਲ੍ਹੇ ਵਿਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ. ਆਰ.) ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਵੋਟਰ ਸੂਚੀ ਸੁਧਾਈ ਦੇ ਕੰਮ ਵਿਚ ਤੇਜ਼ੀ ਲਿਆਉਣ ਅਤੇ ਸਾਰੀਆਂ ਪ੍ਰਕਿਰਿਆਵਾਂ ਨਿਰਧਾਰਿਤ ਸਮੇਂ ਅੰਦਰ ਪੂਰੀਆਂ ਕਰਨ ’ਤੇ ਜ਼ੋਰ ਦਿੱਤਾ।
ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
ਨਿਰੀਖਣ ਦੌਰਾਨ ਮੁੱਖ ਚੋਣ ਅਧਿਕਾਰੀ ਦੇ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵਰਜੀਤ ਵਾਲੀਆ ਅਤੇ ਜੁਆਇੰਟ ਸੀ. ਈ. ਓ. ਨਵਨੀਤ ਕੌਰ ਬੱਲ ਵੀ ਮੌਜੂਦ ਸਨ। ਉਨ੍ਹਾਂ ਨੇ ਚੋਣ ਅਧਿਕਾਰੀਆਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਵੇਅਰਹਾਊਸ ਦੇ ਅੰਦਰ ਜਾ ਕੇ ਮਸ਼ੀਨਾਂ ਦੇ ਰੱਖ-ਰਖਾਅ ਅਤੇ ਸੁਰੱਖਿਆ ਸਬੰਧੀ ਪ੍ਰਬੰਧਾਂ ਦਾ ਵਿਸਤ੍ਰਿਤ ਨਿਰੀਖਣ ਕੀਤਾ।
ਮੁੱਖ ਚੋਣ ਅਧਿਕਾਰੀ ਨੇ ਵੇਅਰਹਾਊਸ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ, ਅੱਗ ਬੁਝਾਊ ਉਪਕਰਨਾਂ, ਸੁਰੱਖਿਆ ਵਿਵਸਥਾ ਅਤੇ ਮਸ਼ੀਨਾਂ ਦੇ ਰੱਖ-ਰਖਾਅ ਨਾਲ ਜੁੜੇ ਹੋਰ ਪ੍ਰਬੰਧਾਂ ਦੀ ਵੀ ਜਾਂਚ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਚੋਣ ਕਮਿਸ਼ਨ ਦੇ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਗੰਭੀਰਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਨਿਰੀਖਣ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ, ਏ. ਡੀ. ਸੀ. ਪੀ. ਸੁਖਵਿੰਦਰ ਸਿੰਘ, ਚੋਣ ਤਹਿਸੀਲਦਾਰ ਸੁਖਦੇਵ ਸਿੰਘ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: 100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ ਕਾਰੇ ਦੀ ਵੀਡੀਓ ਵਾਇਰਲ
ਵੇਅਰਹਾਊਸ ਨਿਰੀਖਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵਰਜੀਤ ਵਾਲੀਆ ਅਤੇ ਜ਼ਿਲ੍ਹੇ ਦੇ ਸਾਰੇ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਈ. ਆਰ. ਓ.) ਨਾਲ ਬੈਠਕ ਕਰਕੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਚੱਲ ਰਹੇ ਕਾਰਜਾਂ ਦੀ ਸਮੀਖਿਆ ਕੀਤੀ। ਬੈਠਕ ਵਿਚ ਵੋਟਰ ਸੂਚੀ ਸੁਧਾਈ, ਬੂਥ ਪੱਧਰ ’ਤੇ ਕੀਤੇ ਜਾ ਰਹੇ ਕਾਰਜਾਂ ਅਤੇ ਆਗਾਮੀ ਪ੍ਰੋਗਰਾਮਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਪੋਲਿੰਗ ਸਟੇਸ਼ਨਾਂ ਦਾ ਸੁਚੱਜਾ ਨਿਰਧਾਰਨ ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਦਾ ਮਹੱਤਵਪੂਰਨ ਹਿੱਸਾ ਹੈ, ਇਸ ਲਈ ਇਸ ਕਾਰਜ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਨਹੀਂ ਹੋਣੀ ਚਾਹੀਦੀ।
ਇਹ ਵੀ ਪੜ੍ਹੋ: ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
ਘਰ-ਘਰ ਜਾ ਕੇ ਕੀਤੇ ਜਾ ਰਹੇ ਸਰਵੇਖਣ ’ਤੇ ਫੋਕਸ ਕਰਨ ਦੀਆਂ ਹਦਾਇਤਾਂ
ਅਨਿੰਦਿਤਾ ਮਿੱਤਰਾ ਨੇ ਬੂਥ ਲੈਵਲ ਅਧਿਕਾਰੀਆਂ (ਬੀ. ਐੱਲ. ਓ.) ਵੱਲੋਂ ਘਰ-ਘਰ ਜਾ ਕੇ ਕੀਤੇ ਜਾ ਰਹੇ ਸਰਵੇਖਣ ਬਾਰੇ ਜਾਣਕਾਰੀ ਲਈ ਅਤੇ ਇਸ ’ਤੇ ਵਿਸ਼ੇਸ਼ ਤੌਰ ’ਤੇ ਫੋਕਸ ਕਰਨ ਲਈ ਕਿਹਾ। ਉਨ੍ਹਾਂ ਨੇ ਦੱਸਿਆ ਕਿ ਇਹ ਸਰਵੇ ਮੁਹਿੰਮ ਵੀ 24 ਜੁਲਾਈ ਤੱਕ ਜਾਰੀ ਰਹੇਗੀ। ਜਿਨ੍ਹਾਂ ਵੋਟਰਾਂ ਦੇ ਐਨਿਊਮਿਰੇਸ਼ਨ ਫਾਰਮ ਨਿਰਧਾਰਿਤ ਮਿਆਦ ਅੰਦਰ ਪ੍ਰਾਪਤ ਹੋ ਜਾਣਗੇ, ਉਨ੍ਹਾਂ ਦੇ ਨਾਂ 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਖਰੜਾ ਵੋਟਰ ਸੂਚੀ ਵਿਚ ਸ਼ਾਮਲ ਕੀਤੇ ਜਾਣਗੇ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਖਰੜਾ ਵੋਟਰ ਸੂਚੀ ਦੇ ਪ੍ਰਕਾਸ਼ਨ ਤੋਂ ਬਾਅਦ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ ਦੇ ਵਿਚਕਾਰ ਕੀਤਾ ਜਾਵੇਗਾ, ਜਦੋਂ ਕਿ ਅੰਤਿਮ ਵੋਟਰ ਸੂਚੀ 1 ਅਕਤੂਬਰ ਨੂੰ ਪ੍ਰਕਾਸ਼ਿਤ ਹੋਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ 24 ਜੁਲਾਈ ਤੱਕ ਪੂਰੀ ਕੀਤੀ ਜਾਣ ਵਾਲੀ ਪੋਲਿੰਗ ਬੂਥਾਂ ਦੀ ਰੈਸ਼ਨੇਲਾਈਜ਼ੇਸ਼ਨ ਪ੍ਰਕਿਰਿਆ ਨੂੰ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੇਂ ਸਿਰ ਪੂਰਾ ਕੀਤਾ ਜਾਵੇ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਨਾਨਕੇ ਛੁੱਟੀਆਂ ਕੱਟਣ ਗਏ ਜਵਾਕ ਦੀ ਕਰੰਟ ਲੱਗਣ ਨਾਲ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
