ਮੁੱਖ ਮੰਤਰੀ ਵਲੋਂ ਕਰਤਾਰਪੁਰ ਲਾਂਘੇ ਦੇ ਵਿਕਾਸ ''ਚ ਤੇਜ਼ੀ ਲਿਆਉਣ ਸਬੰਧੀ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ

03/11/2019 10:01:03 AM

ਚੰਡੀਗੜ੍ਹ (ਅਸ਼ਵਨੀ)—ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਵਿਕਾਸ ਵਿਚ ਤੇਜ਼ੀ ਲਿਆਉਣ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਫੈਸਲੇ ਦਾ ਸਵਾਗਤ ਕੀਤਾ ਪਰ ਨਾਲ ਹੀ ਉਨ੍ਹਾਂ ਨੇ ਕੌਮਾਂਤਰੀ ਸਰਹੱਦ ਤੋਂ ਪਾਰ ਇਤਿਹਾਸਕ ਗੁਰਦੁਆਰਾ ਸਾਹਿਬ ਜਾਣ ਵਾਲੀ ਸੰਗਤ ਲਈ ਪਾਸਪੋਰਟ ਤੇ ਵੀਜ਼ਾ ਮੁਕਤ 'ਖੁੱਲ੍ਹੇ ਦਰਸ਼ਨ ਦੀਦਾਰੇ' ਕਰਨ ਦੀ ਇਜਾਜ਼ਤ ਦੇਣ ਦੀ ਮੰਗ ਨੂੰ ਦੁਹਰਾਇਆ। ੍ਰਮੁੱਖ ਮੰਤਰੀ ਨੇ ਲੰਘੀ ਦੇਰ ਰਾਤ ਟਵੀਟ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿਚ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਵਾਸਤੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਵਿਚ ਤੇਜ਼ੀ ਲਿਆਉਣ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ। ਇਸ ਪ੍ਰਾਜੈਕਟ ਲਈ ਮੇਰੀ ਸਰਕਾਰ ਵਲੋਂ ਮੈਂ ਪੂਰਾ ਸਹਿਯੋਗ ਕਰਦਾ ਹਾਂ। ਐਤਵਾਰ ਨੂੰ ਇਥੋਂ ਜਾਰੀ ਬਿਆਨ ਵਿਚ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਲਾਂਘੇ ਦੇ ਨਿਰਮਾਣ 'ਚ ਤੇਜ਼ੀ ਲਿਆਉਣਾ ਹੀ ਕਾਫੀ ਨਹੀਂ ਹੈ ਸਗੋਂ ਸਰਹੱਦ ਪਾਰ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਤੇ ਵੀਜ਼ੇ ਦੀ ਸ਼ਰਤ ਖਤਮ ਕਰਕੇ ਖੁੱਲ੍ਹੇ ਦਰਸ਼ਨ ਦੀਦਾਰੇ ਦੀ ਸਹੂਲਤ ਦਿੱਤੇ ਜਾਣ ਦੀ ਵੀ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਾਸਪੋਰਟ ਅਤੇ ਵੀਜ਼ੇ ਦੀ ਸ਼ਰਤ ਨਾਲ ਬਿਨਾਂ ਪਾਸਪੋਰਟ ਵਾਲੇ ਹਜ਼ਾਰਾਂ ਸ਼ਰਧਾਲੂ ਖਾਸ ਕਰ ਕੇ ਪੰਜਾਬ ਦੇ ਪੇਂਡੂ ਖੇਤਰ ਵਿਚ ਰਹਿੰਦੇ ਲੋਕ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਜੀਵਨ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਾਸਪੋਰਟ ਦੀ ਸ਼ਰਤ ਖਤਮ ਕਰ ਕੇ ਅਤੇ ਸ਼ਰਧਾਲੂਆਂ ਦੀ ਸ਼ਨਾਖਤ ਦੀ ਤਸਦੀਕ ਲਈ ਪਾਸਪੋਰਟ ਦੀ ਬਜਾਏ ਹੋਰ ਦਸਤਾਵੇਜ਼ਾਂ ਦੀ ਵਰਤੋਂ ਕਰ ਕੇ ਬਿਨਾਂ ਪਾਸਪੋਰਟ ਵਾਲੇ ਸ਼ਰਧਾਲੂਆਂ ਲਈ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਜਾਣ ਦੀ ਸਹੂਲਤ ਸੌਖਿਆ ਹੀ ਦੇ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਨੇ ਸਰਬਵਿਆਪਕਤਾ ਦਾ ਸੰਦੇਸ਼ ਦਿੱਤਾ, ਜਿਸ ਕਰ ਕੇ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਲਈ ਉਨ੍ਹਾਂ ਦੇ ਸਾਰੇ ਸ਼ਰਧਾਲੂਆਂ ਨੂੰ ਇਜਾਜ਼ਤ ਦਿੱਤੀ ਜਾਵੇ।

Shyna

This news is Content Editor Shyna