ਮੁੱਖ ਮੰਤਰੀ ਵਲੋਂ ਜੰਮੂ-ਕਸ਼ਮੀਰ ''ਚ ਮਾਰੇ ਗਏ ਸੇਬ ਵਪਾਰੀ ਦੇ ਪਰਿਵਾਰ ਨੂੰ 2 ਲੱਖ ਰੁਪਏ ਐਕਸਗ੍ਰੇਸ਼ੀਆ ਦਾ ਐਲਾਨ

10/17/2019 11:57:19 PM

ਚੰਡੀਗੜ੍ਹ,(ਅਸ਼ਵਨੀ): ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲੇ 'ਚ ਬੀਤੀ ਰਾਤ ਅੱਤਵਾਦੀ ਹਮਲੇ 'ਚ ਮਾਰੇ ਗਏ ਫਾਜ਼ਿਲਕਾ ਦੇ ਸੇਬ ਵਪਾਰੀ ਦੇ ਪਰਿਵਾਰ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ 2 ਲੱਖ ਰੁਪਏ ਐਕਸਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਉਹ ਸ਼ੁੱਕਰਵਾਰ ਸਵੇਰ ਮ੍ਰਿਤਕ ਚਰਨਜੀਤ ਸਿੰਘ ਦੇ ਜੱਦੀ ਪਿੰਡ 'ਚ ਸਸਕਾਰ ਮੌਕੇ ਸੂਬਾ ਸਰਕਾਰ ਵਲੋਂ ਹਾਜ਼ਰ ਰਹਿਣਗੇ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਹਵਾਈ ਰਸਤੇ ਰਾਹੀਂ ਅੰਮ੍ਰਿਤਸਰ ਪਹੁੰਚੀ ਸੀ, ਜਿੱਥੋਂ ਉਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਲਿਆਂਦੀ ਗਈ। ਮੁੱਖ ਮੰਤਰੀ ਨੇ ਜ਼ਖਮੀ ਹੋਏ ਅਬੋਹਰ ਵਾਸੀ ਸੰਜੀਵ ਲਈ ਵੀ ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ, ਜੋ ਕਿ ਇਸ ਵੇਲੇ ਸ਼੍ਰੀਨਗਰ ਵਿਖੇ ਜ਼ੇਰੇ ਇਲਾਜ ਹੈ। ਉਨ੍ਹਾਂ ਜੰਮੂ-ਕਸ਼ਮੀਰ ਅਥਾਰਟੀ ਨੂੰ ਬੇਨਤੀ ਕੀਤੀ ਹੈ ਕਿ ਉਹ ਸੰਜੀਵ ਦਾ ਬਿਹਤਰ ਇਲਾਜ ਕਰਵਾਉਣਾ ਯਕੀਨੀ ਬਣਾਉਣ।