ਪ੍ਰਧਾਨ ਸਾਹੋਕੇ ਨੂੰ ਮੁੜ ਮੋਗਾ ਜ਼ਿਲੇ ''ਚ ਸਰਗਰਮੀਆਂ ਵਿੱਢਣ ਲਈ ਬਾਦਲ ਵੱਲੋਂ ਥਾਪੜਾ
Thursday, Jan 25, 2018 - 06:36 AM (IST)

ਅਜੀਤਵਾਲ, (ਪਵਨ ਗਰੋਵਰ, ਗੋਪੀ ਰਾਊਕੇ, ਰੱਤੀ)- ਜ਼ਿਲੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਲੰਮੇ ਸਮੇਂ ਤੋਂ ਕੰਮ ਕਰਦੇ ਆ ਰਹੇ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਕੌਮੀ ਮੀਤ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਨੂੰ ਮੁੜ ਤੋਂ ਮੋਗਾ ਜ਼ਿਲੇ 'ਚ ਸਰਗਰਮੀਆਂ ਵਿੱਢਣ ਲਈ ਪਾਰਟੀ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਥਾਪੜਾ ਮਿਲ ਗਿਆ ਹੈ। ਹਲਕਾ ਨਿਹਾਲ ਸਿੰਘ ਵਾਲਾ ਦੇ ਆਗੂਆਂ ਦੀ ਮੰਗ 'ਤੇ ਪ੍ਰਧਾਨ ਸਾਹੋਕੇ ਨੂੰ ਥਾਪੜਾ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਜ਼ਿਲਾ ਮੋਗਾ 'ਚ ਹੁਣ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰਨ ਤਾਂ ਜੋ ਅਗਲੇ ਵਰ੍ਹੇ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਈ ਜਾ ਸਕੇ। ਇਸੇ ਦੌਰਾਨ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਨੇ ਕਿਹਾ ਕਿ ਅਕਾਲੀ ਦਲ ਦੇ ਹੁਕਮਾਂ 'ਤੇ ਉਹ ਮੋਗਾ ਜ਼ਿਲੇ 'ਚ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸਾਬਕਾ ਖ਼ੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਤੀਰਥ ਸਿੰਘ ਮਾਹਲਾ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਨਾਲ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਜਿੱਥੇ ਕਾਂਗਰਸ ਪਾਰਟੀ ਵੱਲੋਂ ਕੀਤੇ ਗਏ ਝੂਠੇ ਚੋਣ ਵਾਅਦਿਆਂ ਨੂੰ ਲੋਕ ਕਚਹਿਰੀ ਵਿਚ ਨੰਗਾ ਕੀਤਾ ਜਾਵੇਗਾ, ਉਥੇ ਹੀ ਅਕਾਲੀ ਦਲ ਵੱਲੋਂ ਸਰਕਾਰ ਦੌਰਾਨ ਕੀਤੇ ਗਏ ਕੰਮਾਂ ਸਬੰਧੀ ਵੀ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਦੂਜੇ ਪਾਸੇ ਹਲਕਾ ਨਿਹਾਲ ਸਿੰਘ ਵਾਲਾ ਦੇ ਅਕਾਲੀ ਆਗੂਆਂ ਨੇ ਪ੍ਰਧਾਨ ਸਾਹੋਕੇ ਦਾ ਮੁੜ ਜ਼ਿਲੇ ਦੀ ਰਾਜਨੀਤੀ ਵਿਚ ਸਰਗਰਮ ਹੋਣ 'ਤੇ ਸਵਾਗਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਹੈ।