ਰਾਜਸੀ ਆਗੂਆਂ ਤੇ ਅਧਿਕਾਰੀਆਂ ਦੇ ਸੁਰੱਖਿਆ ਅਮਲੇ ਦੀ ਸਮੀਖਿਆ ਕਰਨ ਮੁੱਖ ਮੰਤਰੀ : ਅਮਨ ਅਰੋੜਾ

09/24/2021 5:14:02 PM

ਚੰਡੀਗੜ੍ਹ (ਬਿਊਰੋ)-ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੇ ਦੇਸ਼ ਦੀ ਬਾਹਰੀ ਅਤੇ ਅੰਦਰੂਨੀ ਸੁਰੱਖਿਆ ਨੂੰ ਪ੍ਰਮੁੱਖ ਦੱਸਦਿਆਂ ਕਿਹਾ ਹੈ ਕਿ ਦੇਸ਼ ਦੀ ਸੁਰੱਖਿਆ ਦੇ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ ਪਰ ਸੂਬੇ ਦੇ ਰਾਜਸੀ ਆਗੂਆਂ ਅਤੇ ਅਧਿਕਾਰੀਆਂ ਦੀ ਸੁਰੱਖਿਆ ’ਚ ਤਾਇਨਾਤ ਪੁਲਸ ਮੁਲਾਜ਼ਮਾਂ ਦੀ ਗਿਣਤੀ ਦੀ ਸਮੀਖਿਆ ਜ਼ਰੂਰ ਹੋਣੀ ਚਾਹੀਦੀ ਹੈ ਕਿਉਂਕਿ ਪੁਲਸ ਦੇ ਜ਼ਿਆਦਾਤਰ ਮੁਲਾਜ਼ਮ ਰਾਜਸੀ ਆਗੂਆਂ ਤੇ ਅਧਿਕਾਰੀਆਂ ਦੀ ਸੁਰੱਖਿਆ ’ਚ ਲੱਗੇ ਹੋਏ ਹਨ। ਥਾਣਿਆਂ ’ਚ ਪੁਲਸ ਮੁਲਾਜ਼ਮਾਂ ਦੀ ਗਿਣਤੀ ਘੱਟ ਹੋਣ ਕਾਰਨ ਆਮ ਲੋਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਅਰੋੜਾ ਨੇ ਮੁੱਖ ਮੰਤਰੀ ਵੱਲੋਂ ਆਪਣੇ ਸੁਰੱਖਿਆ ਅਮਲੇ ਨੂੰ ਘੱਟ ਕਰਨ ਬਾਰੇ ਦਿੱਤੇ ਬਿਆਨ ਦਾ ਸਵਾਗਤ ਕੀਤਾ ਤੇ ਕਿਹਾ ਕਿ ਇਹ ਐਲਾਨ ਸਿਰਫ ਮੁੱਖ ਮੰਤਰੀ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਤੁਰੰਤ ਪ੍ਰਭਾਵ ਨਾਲ ਹੋਈ ਕਾਰਵਾਈ ਦਿਖਣੀ ਵੀ ਚਾਹੀਦੀ ਹੈ।

ਇਹ ਵੀ ਪੜ੍ਹੋ : ਫਗਵਾੜਾ ਵਿਖੇ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਝਗੜੇ ਦੌਰਾਨ 1 ਵਿਅਕਤੀ ਦੀ ਮੌਤ

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ’ਚ ਵਿਧਾਇਕ ਅਮਨ ਅਰੋੜਾ ਨੇ ਕਾਂਗਰਸ ਸਰਕਾਰ ਤੋਂ ਸਵਾਲ ਪੁੱਛਿਆ ਕਿ ਚੋਣਾਂ ਦੇ ਸਮੇਂ ਹੀ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਕਿਉਂ ਪੈਦਾ ਹੋ ਜਾਂਦਾ? ਉਨ੍ਹਾਂ ਕਿਹਾ ਕਿ ਜੇ ਆਮ ਲੋਕਾਂ ਦੀ ਸੁਰੱਖਿਆ ਨੂੰ ਕਿਤੇ ਵੀ ਰਾਸ਼ਟਰ ਵਿਰੋਧੀ ਅਸਮਾਜਿਕ ਤੱਤਾਂ ਤੋਂ ਖ਼ਤਰਾ ਹੈ ਤਾਂ ਫਿਰ ਕੇਂਦਰ ਤੇ ਸੂਬਾ ਸਰਕਾਰ ਦੀਆਂ ਸੁਰੱਖਿਆ ਏਜੰਸੀਆਂ ਕੀ ਕਰ ਰਹੀਆਂ ਹਨ? ਅਰੋੜਾ ਨੇ ਚੋਣਾਂ ਤੋਂ ਠੀਕ ਪਹਿਲਾਂ ਸਰਹੱਦ ਪਾਰ ਦੇਸ਼ ਵਿਰੋਧੀ ਤੱਤਾਂ ਦੇ ਸਰਗਰਮ ਹੋਣ ਦੀਆਂ ਆ ਰਹੀਆਂ ਖ਼ਬਰਾਂ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਜੇ ਅਜਿਹਾ ਹੋ ਰਿਹਾ ਹੈ ਤਾਂ ਇਸ ਲਈ ਜ਼ਿੰਮੇਵਾਰ ਸਿਰਫ ਸੂਬਾ ਅਤੇ ਕੇਂਦਰ ਸਰਕਾਰਾਂ ਦੀਆਂ ਖੁਫ਼ੀਆ ਏਜੰਸੀਆਂ ਹਨ। ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ‘ਆਪ’ ਦੇਸ਼ ਦੀ ਅੰਦੂਰਨੀ ਅਤੇ ਬਾਹਰੀ ਸੁਰੱਖਿਆ ਨਾਲ ਛੇੜਛਾੜ ਕਦੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਦਲੀਲ ਦਿੱਤੀ, ‘‘ਜਦ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਈ ਖ਼ਤਰਾ ਮਹਿਸੂਸ ਨਹੀਂ ਕਰ ਰਹੇ ਤਾਂ ਅੱਤਵਾਦ ਕਿਉਂ ਅਤੇ ਕੌਣ ਪੈਦਾ ਕਰ ਰਿਹਾ? ਰੋਜ਼-ਰੋਜ਼ ਟਿਫਿਨ ਬੰਬ ਕਿੱਥੋਂ ਆ ਰਹੇ ਹਨ? ਕੀ ਕਾਂਗਰਸ, ਭਾਜਪਾ ਅਤੇ ਬਾਦਲ ਦਲ ਆਪਣੀ ਸਿਆਸੀ ਆਦਤ ਅਨੁਸਾਰ ਚੋਣਾਂ ਤੋਂ ਪਹਿਲਾਂ ਇਕ ਵਿਸ਼ੇਸ਼ ਵਰਗ ਨੂੰ ਡਰਾਉਣ-ਧਮਕਾਉਣ ਲਈ ਡਰ ਦਾ ਮਾਹੌਲ ਬਣਾ ਰਹੇ ਹਨ?’’

ਅਮਨ ਅਰੋੜਾ ਨੇ ਕਿਹਾ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਉਕਤ ਸਿਆਸੀ ਪਾਰਟੀਆਂ ਨੇ ਆਮ ਆਦਮੀ ਪਾਰਟੀ ਨੂੰ ਰੋਕਣ ਲਈ ਅਜਿਹੇ ਪੈਂਤੜੇ ਦੀ ਵਰਤੋਂ ਕੀਤੀ ਸੀ। ਮੌੜ ਬੰਬ ਧਮਾਕੇ ਦਾ ਮਾਮਲਾ ਇਸ ਦੀ ਸਾਫ਼ ਤੇ ਸਪੱਸ਼ਟ ਉਦਾਹਰਣ ਹੈ। ਜੇ ਇਸ ਮਾਮਲੇ ’ਚ ਕੋਈ ਸੱਚਾਈ ਹੈ ਤਾਂ ਪੰਜਾਬ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਮੌੜ ਬੰਬ ਧਮਾਕੇ ਦੀ ਹੁਣ ਤੱਕ ਜਾਂਚ ਕਿਹੜੇ ਕਾਰਨਾਂ ਕਰਕੇ ਪੂਰੀ ਨਹੀਂ ਕੀਤੀ ? ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲੇ ਸਾਜ਼ਿਸ਼ਕਾਰੀਆਂ ਦੀ ਜਾਣਕਾਰੀ ਨੂੰ ਕਿਉਂ ਛੁਪਾ ਕੇ ਰੱਖਿਆ ਗਿਆ ਹੈ ? ‘ਆਪ’ ਨੇ ਚੰਨੀ ਤੋਂ ਮੌੜ ਬੰਬ ਧਮਾਕੇ ਦੀ ਜਾਂਚ ਦੀ ਤਾਜ਼ਾ ਸਥਿਤੀ ਲੋਕਾਂ ਅੱਗੇ ਰੱਖਣ ਦੀ ਮੰਗ ਵੀ ਕੀਤੀ। ਵਿਧਾਇਕ ਅਰੋੜਾ ਨੇ ਸਵਾਲ ਕੀਤਾ ਕਿ ਸੂਬੇ ’ਚ ਹੁਣ ਕਥਿਤ ਸੁਪਰ ਮੁੱਖ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਾਲੀ ਚੰਨੀ ਸਰਕਾਰ ਹੈ, ਤਾਂ ਫਿਰ ਪੰਜਾਬ ਨੂੰ ਇਸ ਡਰ ਤੋਂ ਮੁਕਤ ਕਿਉਂ ਨਹੀਂ ਕੀਤਾ ਜਾ ਰਿਹਾ? ਇਹ ਸਵਾਲ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵਾਂ ਉਪ ਮੁੱਖ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ. ਪੀ. ਸੋਨੀ ਲਈ ਵੀ ਹੈ। ਉਨ੍ਹਾਂ ਕਿਹਾ ਕਿ ਸਾਲ 2022 ’ਚ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਹੀ ਮੌੜ ਬੰਬ ਧਮਾਕੇ ਦੀ ਸੱਚਾਈ ਲੋਕਾਂ ਸਾਹਮਣੇ ਰੱਖੀ ਜਾਵੇਗੀ ਅਤੇ ਦੋਸ਼ੀਆਂ ਦੇ ਨਾਲ-ਨਾਲ ਸਾਜ਼ਿਸ਼ਕਾਰੀਆਂ ਨੂੰ ਵੀ ਸਜ਼ਾ ਦਿੱਤੀ ਜਾਵੇਗੀ।

Manoj

This news is Content Editor Manoj