ਮੁੱਖ ਮੰਤਰੀ ਅਮਰਿੰਦਰ ਨੇ ਮਹਾਰਾਜਾ ਰਣਜੀਤ ਸਿੰਘ ਅਵਾਰਡ ਲਈ 82 ਖਿਡਾਰੀਆਂ ਦੇ ਨਾਵਾਂ ਨੂੰ ਦਿੱਤੀ ਮਨਜ਼ੂਰੀ
Sunday, Mar 03, 2019 - 08:54 PM (IST)
ਜਲੰਧਰ (ਧਵਨ)–ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਡਾਂ ਦੇ ਖੇਤਰ ਵਿਚ ਸੂਬੇ ਦੇ ਸਭ ਤੋਂ ਵੱਡੇ ਅਵਾਰਡ 'ਮਹਾਰਾਜਾ ਰਣਜੀਤ ਸਿੰਘ' ਐਵਾਰਡ ਲਈ ਅੱਜ 82 ਖਿਡਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਇਸ ਸਬੰਧ ਵਿਚ ਇਕ ਉੱਚ ਪੱਧਰੀ ਬੈਠਕ ਕੀਤੀ, ਜਿਸ ਵਿਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸੁਰੇਸ਼ ਕੁਮਾਰ, ਪ੍ਰਧਾਨ ਸਕੱਤਰ ਤੇਜਵੀਰ ਸਿੰਘ, ਵਾਧੂ ਮੁੱਖ ਸਕੱਤਰ ਸੰਜੇ ਕੁਮਾਰ ਤੇ ਖੇਡ ਨਿਰਦੇਸ਼ਕ ਅੰਮ੍ਰਿਤ ਗਿੱਲ ਨੇ ਹਿੱਸਾ ਲਿਆ। ਮਹਾਰਾਜਾ ਰਣਜੀਤ ਸਿੰਘ ਐਵਾਰਡ ਤਹਿਤ ਖਿਡਾਰੀ ਨੂੰ 2 ਲੱਖ ਰੁਪਏ ਦਾ ਨਕਦ ਇਨਾਮ, ਮਹਾਰਾਜਾ ਰਣਜੀਤ ਸਿੰਘ ਟਰਾਫੀ, ਬਲੇਜ਼ਰ ਅਤੇ ਹੋਰ ਚੀਜ਼ਾਂ ਦਿੱਤੀਆਂ ਜਾਣਗੀਆਂ।
ਕੈਪਟਨ ਅਮਰਿੰਦਰ ਸਿੰਘ ਨੇ ਖੇਡ ਮੰਤਰੀ ਨੂੰ ਕਿਹਾ ਕਿ ਉਹ ਸਪੋਰਟਸ ਯੂਨੀਵਰਸਿਟੀ ਨੂੰ ਸਥਾਪਿਤ ਕਰਨ ਲਈ ਸਾਰੀਆਂ ਰਸਮਾਂ ਨੂੰ ਪੂਰਾ ਕਰਨ ਅਤੇ ਇਸ ਸਬੰਧ ਵਿਚ ਲਗਾਤਾਰ ਸਮੀਖਿਆ ਬੈਠਕਾਂ ਦਾ ਆਯੋਜਨ ਕਰਨ ਤਾਂ ਜੋ ਤੈਅ ਸਮੇਂ ਅੰਦਰ ਸਪੋਰਟਸ ਯੂਨੀਵਰਸਿਟੀ ਨੂੰ ਸਥਾਪਿਤ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਧਿਆਨ ਵਿਚ ਰੱਖਦੇ ਹੋਏ 31 ਮਾਰਚ ਨੂੰ ਮੋਹਾਲੀ ਤੋਂ ਮੈਰਾਥਨ ਦੌੜ ਨੂੰ ਹਰੀ ਝੰਡੀ ਦੇਣ ਦਾ ਵੀ ਫੈਸਲਾ ਲਿਆ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਚੰਗਾ ਪ੍ਰਦਰਸ਼ਨ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਆਉਂਦੀ ਟੋਕੀਓ ਓਲੰਪਿਕ ਵਿਚ ਪੰਜਾਬ ਦੇ ਐਥਲੀਟ ਸੂਬੇ ਦਾ ਨਾਂ ਹੋਰ ਉੱਚਾ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਨਵੀਂ ਖੇਡ ਨੀਤੀ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮਜ਼ਬੂਤ ਬੁਨਿਆਦੀ ਢਾਂਚਾ ਸਥਾਪਿਤ ਕਰਨ ਦਾ ਫੈਸਲ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਚੰਗਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਉਤਸ਼ਾਹਿਤ ਕਰ ਰਹੀ ਹੈ। ਖੇਡ ਮੰਤਰੀ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਉਨ੍ਹਾਂ ਹੀ ਖਿਡਾਰੀਆਂ ਦੇ ਨਾਂ ਸੂਚੀ ਵਿਚ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ਨੇ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿਚ ਚੰਗਾ ਪ੍ਰਦਰਸ਼ਨ ਕੀਤਾ ਹੈ।