ਮੁੱਖ ਮੰਤਰੀ ਨੇ ਕੱਚੇ ਸਫਾਈ ਸੇਵਕਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ, ਰਾਜਕੁਮਾਰ ਵੇਰਕਾ ਨਾਲ ਕੀਤੀ ਮੁਲਾਕਾਤ
Friday, Jun 18, 2021 - 01:20 PM (IST)

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਅਹਿਮ ਫੈਸਲਾ ਲੈਂਦੇ ਹੋਏ ਕੱਚੇ ਸਫਾਈ ਸੇਵਕਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਹੈ। ਕਾਂਗਰਸੀ ਵਿਧਾਇਕ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਰਾਜਕੁਮਾਰ ਵੇਰਕਾ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ, ਜਿਸ ’ਚ ਸਫਾਈ ਸੇਵਕਾਂ ਨੂੰ ਪੱਕਾ ਕਰਨ ਦਾ ਸਿਧਾਂਤਕ ਫੈਸਲਾ ਲਿਆ ਗਿਆ। ਵੇਰਕਾ ਨੇ ਕੈਪਟਨ ਨੂੰ ਸਫਾਈ ਸੇਵਕਾਂ ਤੇ ਹੋਰਨਾਂ ਸਬੰਧੀ ਲਿਖਤੀ ਚਿੱਠੀ ਸੌਂਪਦਿਆਂ ਕਿਹਾ ਕਿ ਹੋਰ ਸਿਆਸੀ ਪਾਰਟੀਆਂ ਚੋਣਾਂ ਨੂੰ ਨੇੜੇ ਵੇਖਦਿਆਂ ਸਫਾਈ ਕਰਮਚਾਰੀਆਂ ਤੇ ਜਨਤਾ ਦਰਮਿਆਨ ਗਲਤ ਪ੍ਰਚਾਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਜਿਨ੍ਹਾਂ ਵਿਚ ਸਵੀਪਰ ਅਤੇ ਠੇਕੇ ’ਤੇ ਕੰਮ ਕਰਨ ਵਾਲੇ ਕਰਮਚਾਰੀ ਸ਼ਾਮਲ ਹਨ, ਉਹ ਆਪਣੇ ਮੁੱਦਿਆਂ ਨੂੰ ਲੈ ਕੇ ਹੜਤਾਲ ’ਤੇ ਰਹਿੰਦੇ ਹਨ। ਪੰਜਾਬ ਸਰਕਾਰ ’ਚ ਸਫਾਈ ਕਰਮਚਾਰੀਆਂ ਦੇ ਕਈ ਅਹੁਦੇ ਖਾਲੀ ਪਏ ਹਨ। ਇਸੇ ਤਰ੍ਹਾਂ ਗਰੁੱਪ-ਡੀ ਦੇ ਅਹੁਦਿਆਂ ਨੂੰ ਖਤਮ ਕੀਤਾ ਗਿਆ ਸੀ, ਜਿਨ੍ਹਾਂ ਨੂੰ ਮੁੜ-ਸੁਰਜੀਤ ਕੀਤਾ ਜਾਵੇ।
ਇਹ ਵੀ ਪੜ੍ਹੋ : ਬਸਪਾ ਤੇ ਦਲਿਤਾਂ ’ਤੇ ਟਿੱਪਣੀ ਕਰਨ ਦੇ ਮਾਮਲੇ ’ਚ ਰਵਨੀਤ ਬਿੱਟੂ ਖ਼ਿਲਾਫ਼ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ
ਉਨ੍ਹਾਂ ਕਿਹਾ ਕਿ 85ਵੀਂ ਸੋਧ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਅਨੁਸੂਚਿਤ ਜਾਤੀਆਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਤਰੱਕੀਆਂ ਦੇਣ ਦਾ ਰਸਤਾ ਪੱਧਰਾ ਹੋ ਸਕੇ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਕੀਮ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਜ਼ਿਲਾ ਪੱਧਰ ’ਤੇ ਸ਼ਿਕਾਇਤ ਨਿਪਟਾਰਾ ਕਮੇਟੀ ਦਾ ਗਠਨ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦੂਰ ਹੋ ਸਕਣ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਵਿਚ ਠੇਕਾ ਪ੍ਰਣਾਲੀ ਦੀ ਪ੍ਰਥਾ ਖਤਮ ਕੀਤੀ ਜਾਵੇ ਅਤੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਉਦਯੋਗਿਕ ਤੇ ਰਿਹਾਇਸ਼ੀ ਪਲਾਟ ਦੇਣ ਲਈ ਕੋਟਾ ਤੈਅ ਕੀਤਾ ਜਾਵੇ। ਅਨੁਸੂਚਿਤ ਜਾਤੀ ਵਰਗ ਦੇ ਗਰੀਬ ਲੋਕਾਂ ਨੂੰ ਘਰ ਬਣਾ ਕੇ ਦਿੱਤੇ ਜਾਣ ਅਤੇ ਬੋਰਡਾਂ ਤੇ ਕਾਰਪੋਰੇਸ਼ਨਾਂ ਵਿਚ ਦਲਿਤ ਭਾਈਚਾਰੇ ਨੂੰ ਵੱਧ ਤੋਂ ਵੱਧ ਨੁਮਾਇੰਦਗੀ ਦਿੱਤੀ ਜਾਵੇ। ਕੈਪਟਨ ਨੇ ਵੇਰਕਾ ਨੂੰ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਸਰਕਾਰ ਵਲੋਂ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਸਭ ਤੋਂ ਪਹਿਲਾਂ ਕੱਚੇ ਸਫਾਈ ਸੇਵਕਾਂ ਨੂੰ ਪੱਕਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਅਕਾਲੀ-ਬਸਪਾ ਗਠਜੋੜ ਨੇ ਕੈਬਨਿਟ ਮੰਤਰੀ ਧਰਮਸੋਤ ਦੀਆਂ ਮੁਸ਼ਕਲਾਂ ’ਚ ਕੀਤਾ ਵਾਧਾ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ