ਰਣਜੀਤ ਸਾਗਰ ਡੈਮ ’ਤੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਅਹਿਮ ਐਲਾਨ

Friday, May 19, 2023 - 12:52 AM (IST)

ਰਣਜੀਤ ਸਾਗਰ ਡੈਮ ’ਤੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਅਹਿਮ ਐਲਾਨ

ਧਾਰ (ਪਠਾਨਕੋਟ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਦੇ ਖੇਤਰ ਖਾਸ ਕਰਕੇ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਿਤ ਕਰਨ ਲਈ ਠੋਸ ਤੇ ਸੁਹਿਰਦ ਯਤਨ ਕੀਤੇ ਜਾਣਗੇ। ਮੁੱਖ ਮੰਤਰੀ ਜੋ ਵੀਰਵਾਰ ਨੂੰ ਇਸ ਖੇਤਰ ਦੇ ਦੌਰੇ ’ਤੇ ਸਨ, ਨੇ ਕਿਹਾ ਕਿ ਇਸ ਖੇਤਰ ਨੂੰ ਵੱਡੇ ਪੱਧਰ ਦੀ ਰਮਣੀਕ ਸੈਰਗਾਹ ਵਜੋਂ ਵਿਕਸਿਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਠੋਸ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਦੀਆਂ ਅਣਗਹਿਲੀਆਂ ਕਰ ਕੇ ਇਹ ਖੇਤਰ ਵਿਕਾਸ ਪੱਖੋਂ ਪੱਛੜਿਆ ਰਹਿ ਗਿਆ ।

ਇਹ ਖ਼ਬਰ ਵੀ ਪੜ੍ਹੋ : ਸੁਲਤਾਨਪੁਰ ਲੋਧੀ ’ਚ ਵੱਡੀ ਵਾਰਦਾਤ, ਔਰਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਮੌਤ ਦੇ ਘਾਟ ਉਤਾਰਿਆ

ਭਗਵੰਤ ਮਾਨ ਨੇ ਕਿਹਾ ਕਿ  ਖੇਤਰ ਵਿਚ ਸੈਰ-ਸਪਾਟੇ ਦੀਆਂ ਬੇਸ਼ੁਮਾਰ ਸੰਭਾਵਨਾਵਾਂ ਮੌਜੂਦ ਹਨ ਅਤੇ ਕੁਦਰਤੀ ਸੁੰਦਰਤਾ ਵਾਲੀ ਇਸ ਰਮਣੀਕ ਧਰਤੀ ਨੂੰ ਹੁਣ ਸੈਲਾਨੀਆਂ ਲਈ ਖਿੱਚ ਦੇ ਕੇਂਦਰ ਵਜੋਂ ਵਰਤਿਆ ਜਾਵੇਗਾ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਵਿਸਥਾਰਤ ਖਾਕਾ ਤਿਆਰ ਕਰਨ ਲਈ ਕਿਹਾ ਤਾਂ ਜੋ ਸੂਬੇ ਵਿਚ ਸੈਰ-ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਇਲਾਕਾ ਕੁਦਰਤੀ ਸੋਮਿਆਂ ਨਾਲ ਭਰਪੂਰ ਹੈ, ਜੋ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਖੇਤਰ ਵਿਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ ਤਾਂ ਜੋ ਲੋਕਾਂ ਦੇ ਜੀਵਨ ਵਿਚ ਤਬਦੀਲੀ ਲਿਆਂਦੀ ਜਾ ਸਕੇ।

PunjabKesari

ਇਹ ਖ਼ਬਰ ਵੀ ਪੜ੍ਹੋ : ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਨੂੰ ਲੈ ਕੇ ਕੈਬਨਿਟ ਮੰਤਰੀ ਧਾਲੀਵਾਲ ਨੇ ਦਿੱਤੇ ਇਹ ਹੁਕਮ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਾਟਰ ਸਪੋਰਟਸ ਨੂੰ ਉਤਸ਼ਾਹਿਤ ਕਰਨ ਲਈ 'ਵਾਟਰ ਐਡਵੈਂਚਰ ਟੂਰਿਜ਼ਮ ਨੀਤੀ' ਨੂੰ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਹੈ, ਜਿਸ ਨੂੰ ਇੱਥੇ ਵੀ ਲਾਗੂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਆਸ ਪ੍ਰਗਟਾਈ  ਕਿ ਉਹ ਦਿਨ ਦੂਰ ਨਹੀਂ, ਜਦੋਂ ਬੁਨਿਆਦੀ ਢਾਂਚੇ ਨੂੰ ਉੱਨਤ ਕਰਨ ਤੋਂ ਬਾਅਦ ਇਹ ਖੇਤਰ ਦੇਸ਼ ਭਰ ਦੇ ਸੈਲਾਨੀਆਂ ਦਾ ਕੇਂਦਰ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਖੇਤਰ ਪੰਜਾਬ ਨੂੰ ਅੰਤਰਰਾਸ਼ਟਰੀ ਸੈਰ ਸਪਾਟੇ ਦੇ ਨਕਸ਼ੇ ’ਤੇ ਹੋਰ ਉਭਾਰਨ ਲਈ ਅਹਿਮ ਭੂਮਿਕਾ ਨਿਭਾ ਸਕਦਾ ਹੈ। ਇਸ ਤੋਂ ਪਹਿਲੋਂ ਮੁੱਖ ਮੰਤਰੀ ਨੇ ਰਣਜੀਤ ਸਾਗਰ ਡੈਮ ਦਾ ਵੀ ਦੌਰਾ ਕੀਤਾ ਅਤੇ ਡੈਮ ਦੀ ਉਸਾਰੀ ਦੌਰਾਨ ਜਾਨਾਂ ਗੁਆਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਾਹਪੁਰ ਕੰਢੀ ਬੈਰੇਜ ਪ੍ਰਾਜੈਕਟ ਵਾਲੀ ਥਾਂ ਦਾ ਨਿਰੀਖਣ ਵੀ ਕੀਤਾ ਅਤੇ ਚੱਲ ਰਹੇ ਕੰਮ ਦਾ ਜਾਇਜ਼ਾ  ਲਿਆ।

ਇਹ ਖ਼ਬਰ ਵੀ ਪੜ੍ਹੋ : ਹਨੇਰੀ ਕਾਰਨ ਵਾਪਰਿਆ ਹਾਦਸਾ, ਜਿਮ ਟ੍ਰੇਨਰ ਦੀ ਹੋਈ ਦਰਦਨਾਕ ਮੌਤ  

PunjabKesari


author

Manoj

Content Editor

Related News