‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਆਗ਼ਾਜ਼
Tuesday, Aug 29, 2023 - 10:39 PM (IST)
ਬਠਿੰਡਾ (ਬਿਊਰੋ) : ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਅੱਜ ਦੇਸ਼ ਦੇ ਸਭ ਤੋਂ ਵੱਡੇ ਖੇਡ ਮੇਲੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਇਸ ਵੱਡ-ਆਕਾਰੀ ਖੇਡ ਸਮਾਗਮ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ। ਲੱਗਭਗ ਦੋ ਮਹੀਨਿਆਂ ਦੇ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਇਸ ਸ਼ਾਨਦਾਰ ਖੇਡ ਮੇਲੇ ਦਾ ਉਦਘਾਟਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਖੇਡ ਮੇਲਾ ਸੂਬੇ ਦੀ ਖੇਡਾਂ ਦੇ ਖੇਤਰ ਵਿਚ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਇਕ ਪ੍ਰੇਰਕ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲੈ ਜਾਣ ਲਈ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ।
ਇਹ ਖ਼ਬਰ ਵੀ ਪੜ੍ਹੋ : ਪੁਲਸ ਅਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ, ਚੱਲੀਆਂ ਤਾੜ-ਤਾੜ ਗੋਲ਼ੀਆਂ, ਗੈਂਗਸਟਰ ਕਾਬੂ
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਉੱਘੇ ਖਿਡਾਰੀ ਸਟੇਡੀਅਮ ਵਿੱਚ ਖੇਡਾਂ ਦੀ ਮਸ਼ਾਲ ਲੈ ਕੇ ਆਏ। ਉਨ੍ਹਾਂ ਦੱਸਿਆ ਕਿ ਇਹ ਮਸ਼ਾਲ ਸੂਬੇ ਭਰ ਦੇ 23 ਜ਼ਿਲ੍ਹਿਆਂ ਤੋਂ ਗੁਜ਼ਰੀ, ਜਿੱਥੇ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਖਿਡਾਰੀਆਂ ਨੇ ਦੌੜ ਵਿਚ ਹਿੱਸਾ ਲਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮਸ਼ਾਲ ਨੂੰ ਸੂਬੇ ਭਰ ਵਿਚ ਭਰਵਾਂ ਹੁੰਗਾਰਾ ਮਿਲਿਆ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਝੋਨੇ ਦੀ ਲੁਆਈ ਤੋਂ ਬਾਅਦ ਇਸ ਦੀ ਕਟਾਈ ਸਖ਼ਤ ਮਿਹਨਤ ਨਾਲ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਇਹ ਖੇਡਾਂ ਨਵੇਂ ਪੌਦੇ ਲਗਾਉਣ ਲਈ ਹਨ, ਜੋ ਆਉਣ ਵਾਲੇ ਸਮੇਂ ਵਿਚ ਭਰਪੂਰ ਲਾਭ ਦੇਣਗੀਆਂ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਖੇਡਾਂ ਦੇ ਵਿਕਾਸ ਵੱਲ ਕਦੇ ਧਿਆਨ ਨਹੀਂ ਦਿੱਤਾ, ਜਿਸ ਕਾਰਨ ਪੰਜਾਬ ਇਸ ਖੇਤਰ ਵਿਚ ਪੱਛੜ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਲਈ ਮੈਡਲ ਲਿਆਉਣ ਵਾਲੀ ਭਾਰਤੀ ਹਾਕੀ ਟੀਮ ਨੂੰ ਜਲਦ ਹੀ ਨੌਕਰੀਆਂ ਦਿੱਤੀਆਂ ਜਾਣਗੀਆਂ।
ਇਹ ਖ਼ਬਰ ਵੀ ਪੜ੍ਹੋ : PSPCL ਨੇ 3 ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕੀ ਹੈ ਪੂਰਾ ਮਾਮਲਾ
ਉਨ੍ਹਾਂ ਕਿਹਾ ਕਿ ਸਾਰੇ ਅੜਿੱਕੇ ਪਹਿਲਾਂ ਹੀ ਦੂਰ ਕਰ ਦਿੱਤੇ ਗਏ ਹਨ ਅਤੇ ਹੁਣ ਇਨ੍ਹਾਂ ਨੌਂ ਖਿਡਾਰੀਆਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਖਿਡਾਰੀ ਦੇਸ਼ ਦਾ ਸਰਮਾਇਆ ਹਨ ਅਤੇ ਇਨ੍ਹਾਂ ਨੂੰ ਦੇਸ਼ ਲਈ ਚੰਗੀ ਤਰ੍ਹਾਂ ਸੰਭਾਲਿਆ ਜਾਵੇਗਾ ਅਤੇ ਉਨ੍ਹਾਂ ਆਸ ਪ੍ਰਗਟਾਈ ਕਿ ਉਹ ਏਸ਼ੀਆਈ ਖੇਡਾਂ ਵਿਚ ਗੋਲਡ ਮੈਡਲ ਜਿੱਤਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਖੇਡਾਂ ਗ਼ਲਤ ਹੱਥਾਂ ਵਿਚ ਚਲੀਆਂ ਗਈਆਂ ਸਨ, ਇਸ ਨਾਲ ਖੇਡਾਂ ਦੀ ਤਰੱਕੀ ’ਤੇ ਮਾੜਾ ਅਸਰ ਪਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਸਾਲ ਕਰਵਾਏ ‘ਖੇਡਾਂ ਵਤਨ ਪੰਜਾਬ ਦੀਆਂ ਦੇ ਪਹਿਲੇ ਸੀਜ਼ਨ’ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਵੱਡ-ਆਕਾਰੀ ਸਮਾਗਮ ਵਿਚ ਵੱਖ-ਵੱਖ ਛੇ ਉਮਰ ਵਰਗਾਂ ਦੇ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਡਾਰੀਆਂ ਨੇ ਬਲਾਕ ਤੋਂ ਲੈ ਕੇ ਸੂਬਾ ਪੱਧਰ ਤੱਕ 30 ਖੇਡ ਵਰਗਾਂ ਦੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ ਸੀ ਅਤੇ ਇਨ੍ਹਾਂ ਨੂੰ ਛੇ ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਗਏ ਸਨ। ਇਸ ਸਾਲ ਅੱਠ ਉਮਰ ਵਰਗਾਂ ਵਿੱਚ 35 ਮੁਕਾਬਲੇ ਕਰਵਾਏ ਜਾਣਗੇ ਅਤੇ ਪਹਿਲੀ ਵਾਰ ਖੇਡਾਂ ਵਿਚ ਰਗਬੀ, ਸਾਈਕਲਿੰਗ, ਘੋੜ ਸਵਾਰੀ, ਵੁਸ਼ੂ ਅਤੇ ਸ਼ੂਟਿੰਗ ਵਾਲੀਬਾਲ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ 14 ਸਾਲ ਉਮਰ ਵਰਗ, 17 ਸਾਲ ਉਮਰ ਵਰਗ, 21 ਸਾਲ ਉਮਰ ਵਰਗ, 21-30 ਸਾਲ, 31-40 ਸਾਲ, 41-55 ਸਾਲ, 56-65 ਸਾਲ ਅਤੇ 65 ਸਾਲ ਤੋਂ ਵੱਧ ਉਮਰ ਵਰਗ ਵਿਚ ਕਰਵਾਏ ਜਾਣਗੇ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਖਿਡਾਰੀਆਂ ਨੂੰ 7 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ, ਜਿਸ ਵਿਚ ਸੋਨ ਤਮਗਾ ਜੇਤੂ ਲਈ 10,000 ਰੁਪਏ, ਚਾਂਦੀ ਤਮਗਾ ਜੇਤੂ ਲਈ 7000 ਰੁਪਏ ਅਤੇ ਕਾਂਸੀ ਤਮਗਾ ਜੇਤੂ ਖਿਡਾਰੀਆਂ ਨੂੰ 5000 ਰੁਪਏ ਦਿੱਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੇਡਾਂ ਦਾ ਦੂਜਾ ਸੀਜ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਇਸ ਖੇਡ ਦੇ ਹਿੱਸੇ ਵਜੋਂ ਬਲਾਕ ਪੱਧਰੀ ਖੇਡਾਂ 31 ਅਗਸਤ ਤੋਂ 9 ਸਤੰਬਰ ਤੱਕ ਕਰਵਾਈਆਂ ਜਾਣਗੀਆਂ। ਇਸੇ ਤਰ੍ਹਾਂ 26 ਸਤੰਬਰ ਤੋਂ 5 ਅਕਤੂਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਅਤੇ 10 ਤੋਂ 25 ਅਕਤੂਬਰ ਤੱਕ ਸੂਬਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਸੂਬੇ ਵਿਚ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਤੋਂ ਸੂਬਾ ਸਰਕਾਰ ਵੱਲੋਂ 1807 ਖਿਡਾਰੀਆਂ ਨੂੰ 5.94 ਕਰੋੜ ਰੁਪਏ ਦੀ ਰਾਸ਼ੀ ਵੰਡਣ ਦੀ ਮੁਹਿੰਮ ਵਿੱਢੀ ਜਾ ਰਹੀ ਹੈ। ਇਹ ਇਨਾਮੀ ਰਾਸ਼ੀ ਪਿਛਲੇ ਪੰਜ ਸਾਲਾਂ ਤੋਂ ਬਕਾਇਆ ਹੈ ਕਿਉਂਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਖਿਡਾਰੀਆਂ ਨੂੰ ਇਹ ਰਾਸ਼ੀ ਦੇਣ ਵੱਲ ਕੋਈ ਧਿਆਨ ਨਹੀਂ ਦਿੱਤਾ।
ਪੰਜਾਬ ਸਰਕਾਰ ਵੱਲੋਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿਚ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ 23 ਖਿਡਾਰੀਆਂ ਨੂੰ 9.30 ਕਰੋੜ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਹੈ ਅਤੇ ਨਾਲ ਹੀ ਕੌਮੀ ਖੇਡਾਂ ਵਿਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਨਕਦ ਇਨਾਮ ਵਜੋਂ 7 ਕਰੋੜ ਰੁਪਏ ਵੀ ਦਿੱਤੇ ਗਏ ਹਨ। ਸੂਬਾ ਸਰਕਾਰ ਨੇ ਇਕ ਨਵੀਂ ਖੇਡ ਨੀਤੀ ਪੇਸ਼ ਕੀਤੀ ਹੈ, ਜਿਸ ਵਿਚ ਸਾਰੇ ਨਾਗਰਿਕਾਂ ਨੂੰ ਸਰਗਰਮ ਜੀਵਨਸ਼ੈਲੀ ਅਪਣਾਉਣ, ਸਾਰੇ ਬੱਚਿਆਂ ਨੂੰ ਖੇਡਣ/ਦੌੜਨ ਲਈ ਪ੍ਰੇਰਿਤ ਕਰਨ ਅਤੇ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਖੇਡਾਂ ਵਿਚ ਪੰਜਾਬ ਦੀ ਸ਼ਾਨ ਬਹਾਲ ਕਰਨ ਦੀ ਕਲਪਨਾ ਕੀਤੀ ਗਈ ਹੈ। ਇਸ ਦੌਰਾਨ ਸਕੂਲੀ ਬੱਚਿਆਂ ਵੱਲੋਂ ਕੀਤੀਆਂ ਸੱਭਿਆਚਾਰਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਉੱਘੇ ਪੰਜਾਬੀ ਗਾਇਕ ਹਰਵੀ, ਕੇ. ਕਰਮਾ, ਦਰਸ਼ਨਜੀਤ, ਯਾਸਿਰ ਹੁਸੈਨ, ਹਰਜੀਤ ਹਰਮਨ ਅਤੇ ਕੁਲਵਿੰਦਰ ਬਿੱਲਾ ਨੇ ਆਪਣੀ ਸੁਰੀਲੀ ਆਵਾਜ਼ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਬੱਚਿਆਂ ਨੇ ਆਪਣੀ ਸਕੇਟਿੰਗ ਅਤੇ ਜਿਮਨਾਸਟਿਕ ਪੇਸ਼ਕਾਰੀਆਂ ਨਾਲ ਦਰਸ਼ਕਾਂ ਨੂੰ ਕੀਲ ਦਿੱਤਾ। ਇਸ ਤੋਂ ਪਹਿਲਾਂ ਓਲੰਪੀਅਨ ਬਲਜੀਤ ਢਿੱਲੋਂ ਅਤੇ ਮਨਜੀਤ ਕੌਰ ਮਸ਼ਾਲ ਲੈ ਕੇ ਆਏ ਅਤੇ ਓਲੰਪੀਅਨ ਗੁਰਜੀਤ ਕੌਰ ਨੇ ਸਟੇਜ ‘ਤੇ ਮਸ਼ਾਲ ਜਗਾਈ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਚੇਤਨ ਸਿੰਘ ਜੌੜੇਮਾਜਰਾ, ਅਮਨ ਅਰੋੜਾ, ਡਾ. ਬਲਬੀਰ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਡਾ. ਬਲਜੀਤ ਕੌਰ, ਗੁਰਮੀਤ ਸਿੰਘ ਖੁੱਡੀਆਂ, ਬ੍ਰਮ ਸ਼ੰਕਰ ਜਿੰਪਾ ਵੀ ਹਾਜ਼ਰ ਸਨ।