ਕਿਸਾਨ ਖੇਤਾਂ ’ਚ ਆਪਣੀਆਂ ਮੋਟਰਾਂ ਨੇੜੇ 4-4 ਬੂਟੇ ਲਾਉਣ : ਭਗਵੰਤ ਮਾਨ
Friday, Jul 12, 2024 - 11:53 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਬੂਟੇ ਲਾਉਣ ਦੀ ਅਪੀਲ ਕੀਤੀ ਹੈ। ਸੂਬੇ ’ਚ ਬੂਟੇ ਲਾਉਣ ਦੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਆਪਣੇ ਦਫ਼ਤਰ ਵਿਖੇ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਸੂਬੇ ’ਚ ਜੰਗਲਾਤ ਅਧੀਨ ਰਕਬਾ ਵਧਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ’ਚ ਤਕਰੀਬਨ 3 ਕਰੋੜ ਬੂਟੇ ਲਾਉਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਲਈ ਆਉਂਦੇ ਦਿਨਾਂ ’ਚ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ, ਵੈਸ਼ਨੋ ਦੇਵੀ ਤੋਂ ਆ ਰਹੀ ਵੰਦੇ ਭਾਰਤ ਐਕਸਪ੍ਰੈੱਸ 'ਤੇ ਹੋਈ ਪੱਥਰਬਾਜ਼ੀ, ਸਹਿਮੇ ਲੋਕ
ਉਨ੍ਹਾਂ ਕਿਹਾ ਕਿ ਕਿਸਾਨ ਇਸ ਮੁਹਿੰਮ ਨੂੰ ਲੋਕ ਲਹਿਰ ’ਚ ਬਦਲਣ ਲਈ ਸਰਗਰਮ ਭੂਮਿਕਾ ਨਿਭਾਅ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ’ਚ ਆਤਮ-ਨਿਰਭਰ ਬਣਾਇਆ ਹੈ, ਉਸੇ ਤਰ੍ਹਾਂ ਉਹ ਸੂਬੇ ’ਚ ਹਰਿਆਵਲ ਅਧੀਨ ਰਕਬਾ ਵਧਾਉਣ ’ਚ ਵੀ ਵੱਡੀ ਭੂਮਿਕਾ ਨਿਭਾਅ ਸਕਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਕੁੱਲ 1.2 ਕਰੋੜ ਬੂਟੇ ਲਾਏ ਗਏ ਸਨ ਤੇ ਇਸ ਸਾਲ ਇਹ ਟੀਚਾ ਵਧਾ ਕੇ 3 ਕਰੋੜ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਬੂਟੇ ਲਾਉਣ ਦੀ ਇਸ ਮੁਹਿੰਮ ’ਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਤਾਂ ਜੋ ਸੂਬੇ ਭਰ ’ਚ ਜੰਗਲਾਤ ਅਧੀਨ ਖੇਤਰ ਨੂੰ ਵਧਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰ ਜ਼ਿਲਿਆਂ ਦਾ ਨਿੱਜੀ ਤੌਰ ’ਤੇ ਦੌਰਾ ਕਰ ਕੇ ਬੂਟੇ ਲਾਉਣ ਦੀ ਇਸ ਮੁਹਿੰਮ ਦੀ ਜ਼ਮੀਨੀ ਪੱਧਰ ’ਤੇ ਨਿਗਰਾਨੀ ਕਰਨ। ਉਨ੍ਹਾਂ ਕਿਹਾ ਕਿ ਸੂਬੇ ’ਚ 14.01 ਲੱਖ ਮੋਟਰਾਂ ਹਨ ਤੇ ਜੇ ਹਰ ਕਿਸਾਨ 4 ਬੂਟੇ ਲਾਵੇ ਤਾਂ ਜੰਗਲਾਤ ਅਧੀਨ ਰਕਬੇ ਵਿਚ ਚੋਖਾ ਵਾਧਾ ਹੋ ਜਾਵੇਗਾ। ਸਰਕਾਰ ਇਸ ਯੋਜਨਾ ਤਹਿਤ ਪਹਿਲਾਂ ਹੀ 3.95 ਲੱਖ ਮੋਟਰਾਂ ਨੂੰ ਕਵਰ ਕਰ ਚੁੱਕੀ ਹੈ, ਬਾਕੀ ਇਸ ਸਾਲ ਕਵਰ ਕਰ ਲਈਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਭੂਮੀ (ਧਰਤੀ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਹੁਣ ਸਮਾਂ ਆ ਗਿਆ ਹੈ, ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈਂਦੇ ਹੋਏ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਨਾਉਣਾ ਚਾਹੀਦਾ ਹੈ। ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ- 7 ਮਹੀਨੇ ਪਹਿਲਾਂ ਧੀ ਦੇ ਵਿਆਹ 'ਚ ਮਾਪਿਆਂ ਨੇ ਖ਼ਰਚੇ 22 ਲੱਖ ਰੁਪਏ, ਫਿਰ ਵੀ ਨਾ ਰੱਜੇ ਲਾਲਚੀ ਸਹੁਰੇ, ਹੋਇਆ ਖ਼ੌਫ਼ਨਾਕ ਅੰਜਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।