ਲੋਕ ਸਭ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਲਸ ਅਧਿਕਾਰੀਆਂ ਨੂੰ ਸਖ਼ਤ ਹੁਕਮ
Wednesday, Mar 13, 2024 - 06:44 PM (IST)
ਲੁਧਿਆਣਾ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਸ ਅਧਿਕਾਰੀਆਂ ਨੂੰ ਅਗਾਮੀ ਲੋਕ ਸਭਾ ਚੋਣਾਂ ਬਿਨਾਂ ਕਿਸੇ ਡਰ-ਭੈਅ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਆਖਿਆ। ਅੱਜ ਇੱਥੇ ਪੁਲਸ ਦੇ ਇੰਸਪੈਕਟਰ ਜਨਰਲ, ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼. ਸਮੇਤ ਸੀਨੀਅਰ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਚੋਣਾਂ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਹੋਣੀਆਂ ਲਾਜ਼ਮੀ ਹਨ ਤਾਂ ਕਿ ਲੋਕ ਆਜ਼ਾਦੀ ਨਾਲ ਵੋਟ ਪਾ ਸਕਣ। ਉਨ੍ਹਾਂ ਕਿਹਾ ਕਿ ਇਹ ਚੋਣਾਂ ਜਮਹੂਰੀਅਤ ਦਾ ਜਸ਼ਨ ਹਨ ਜਿਸ ਕਰਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰੇਕ ਵੋਟਰ ਬੇਖੌਫ਼ ਹੋ ਕੇ ਇਨ੍ਹਾਂ ਚੋਣਾਂ ’ਚ ਹਿੱਸਾ ਲਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਸ ਅਧਿਕਾਰੀਆਂ ਨੂੰ ਇਸ ਮੰਤਵ ਲਈ ਢੁਕਵੇਂ ਪ੍ਰਬੰਧ ਕਰਨੇ ਚਾਹੀਦੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਮੁੱਖ ਮੰਤਰੀ ਨੇ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਇਹ ਚੋਣਾਂ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਸਿਆਸੀ ਪਾਰਟੀਆਂ ਸਮੇਤ ਸਾਰੇ ਪ੍ਰਮੁੱਖ ਭਾਈਵਾਲਾਂ ਨਾਲ ਤਾਲਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ’ਚ ਸੁਰੱਖਿਆ ਅਤੇ ਹਿਫਾਜ਼ਤ ਦੀ ਭਾਵਨਾ ਹੋਣੀ ਚਾਹੀਦੀ ਹੈ ਤਾਂ ਕਿ ਸਾਰੀਆਂ ਪਾਰਟੀਆਂ ਵੱਧ-ਚੜ੍ਹ ਕੇ ਚੋਣਾਂ ’ਚ ਹਿੱਸਾ ਲੈ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦਾ ਸੰਵਿਧਾਨ ਸਾਰੀਆਂ ਸਿਆਸੀ ਪਾਰਟੀਆਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਦਾ ਹੈ ਤਾਂ ਕਿ ਉਹ ਚੋਣਾਂ ’ਚ ਸ਼ਿਰਕਤ ਕਰ ਸਕਣ ਅਤੇ ਇਸ ਦੀ ਪਾਲਣਾ ਨੂੰ ਹਰ ਹਾਲ ’ਚ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ : ਨੇਤਰਹੀਣਾਂ ਤੇ ਦਿਵਿਆਂਗਜਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਇਕ ਹੋਰ ਮਸਲੇ ’ਤੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਸ ਦੀ ਸਹਾਇਤਾ ਲਈ ਅਰਧ ਸੈਨਿਕ ਬਲਾਂ ਦੀਆਂ ਕਈ ਕੰਪਨੀਆਂ ਵੀ ਸੂਬੇ ’ਚ ਜਲਦੀ ਹੀ ਪਹੁੰਚ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਫੋਰਸਾਂ ਸੂਬੇ ਦੀਆਂ ਰਵਾਇਤਾਂ, ਧਰਮ ਅਤੇ ਰੀਤੀ-ਰਿਵਾਜਾਂ ਤੋਂ ਅਣਜਾਣ ਹੁੰਦੀਆਂ ਹਨ ਜਿਸ ਕਰਕੇ ਪੰਜਾਬ ਪੁਲਸ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਕਿਸੇ ਤਰ੍ਹਾਂ ਠੇਸ ਨਾ ਪਹੁੰਚੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੀ ਪਾਲਣਾ ਕਰਨਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਸੂਬੇ ’ਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਲੋਕਾਂ ਦੀਆਂ ਭਾਵਨਾਵਾਂ ਦਾ ਖ਼ਿਆਲ ਰੱਖਣਾ ਸਭ ਤੋਂ ਜ਼ਰੂਰੀ ਹੈ। ਮੁੱਖ ਮੰਤਰੀ ਨੇ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਦਰਮਿਆਨ ਢੁਕਵਾਂ ਤਾਲਮੇਲ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਸੂਬੇ ’ਚ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਇਸ ਦਾ ਪਾਲਣ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸਮੁੱਚੇ ਪ੍ਰਸ਼ਾਸਨ ਨੂੰ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਸ ਨੂੰ ਸੂਬੇ ’ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਮੱਸਿਆ ਨੂੰ ਰੋਕਣ ਲਈ ਵਿਆਪਕ ਪੱਧਰ ’ਤੇ ਮੁਹਿੰਮ ਚਲਾਉਣੀ ਚਾਹੀਦੀ ਹੈ ਅਤੇ ਅਜਿਹੇ ਹਥਿਆਰ ਰੱਖਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਭਰ ’ਚ ਲਾਇਸੰਸੀ ਹਥਿਆਰਾ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ’ਚ ਤੇਜ਼ੀ ਲਿਆਉਣੀ ਚਾਹੀਦੀ ਹੈ ਅਤੇ ਇਸ ਨੂੰ ਚੋਣਾਂ ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇ।
ਇਹ ਵੀ ਪੜ੍ਹੋ : ਬਿਜਲੀ ਮੰਤਰੀ ਦਾ ਵੱਡਾ ਬਿਆਨ, 71 ਲੱਖ ਘਰੇਲੂ ਖ਼ਪਤਕਾਰਾਂ ਦਾ ਆਇਆ ਜ਼ੀਰੋ ਬਿੱਲ
ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸੂਬੇ ’ਚ ਸ਼ਾਂਤਮਈ ਚੋਣਾਂ ਕਰਵਾਈਆਂ ਜਾਣ ਅਤੇ ਇਸ ’ਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਚੋਣ ਬੁਲੇਟਿਨ ਨਿਰੰਤਰ ਜਾਰੀ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ ਤਾਂ ਕਿ ਲੋਕਾਂ ਨੂੰ ਚੋਣਾਂ ਸਬੰਧੀ ਚੁੱਕੇ ਜਾ ਰਹੇ ਕਦਮਾਂ ਬਾਰੇ ਤਾਜ਼ਾ ਜਾਣਕਾਰੀ ਹਾਸਲ ਹੁੰਦੀ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਦੌਰਾਨ ਅਫਵਾਹਾਂ ਫੈਲਾਉਣ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਿਆ ਜਾਵੇ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਦੀ ਵਰਤੋਂ ਵੀ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਪੁਲਸ ਫੋਰਸ ਨੂੰ ਹਾਲ ਹੀ ’ਚ ਮੁਹੱਈਆ ਕਰਵਾਏ ਗਏ ਹਾਈ-ਟੈੱਕ ਵਾਹਨਾਂ ਨੂੰ ਵੱਧ ਤੋਂ ਵੱਧ ਵਰਤੋਂ ’ਚ ਲਿਆਂਦਾ ਜਾਣਾ ਚਾਹੀਦਾ ਹੈ ਜਿਸ ਨਾਲ ਸਥਿਤੀ ਨਾਲ ਵਧੇਰੇ ਕਾਰਗਰ ਨਾਲ ਨਿਪਟਿਆ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਜ਼ਿਲ੍ਹਿਆਂ ’ਚ ਸਾਰੀਆਂ ਨਾਜ਼ੁਕ ਥਾਵਾਂ ਖਾਸ ਕਰਕੇ ਪੁਲਸ ਨਾਕਿਆਂ ’ਤੇ ਸੀ. ਸੀ. ਟੀ. ਵੀ. ਸਥਾਪਤ ਕਰਨ ਨੂੰ ਵੀ ਯਕੀਨੀ ਬਣਾਉਣ ਲਈ ਆਖਿਆ।
ਇਹ ਵੀ ਪੜ੍ਹੋ : ਬਜਟ ਸੈਸ਼ਨ ਦੇ ਆਖਿਰੀ ਦਿਨ ਕੇਂਦਰ ਸਰਕਾਰ ’ਤੇ ਵਰ੍ਹੇ ਮੁੱਖ ਮੰਤਰੀ ਮਾਨ, ਵਿਰੋਧੀਆਂ ਨੂੰ ਵੀ ਕੀਤੀ ਇਹ ਅਪੀਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e