ਸਾਡੀਆਂ ਧੀਆਂ ਸੂਬੇ ਦੀਆਂ ''ਬ੍ਰਾਂਡ ਅੰਬੈਸਡਰ'', ਵਿਸ਼ਵ ਕੱਪ ਜਿੱਤ ''ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ
Tuesday, Nov 04, 2025 - 08:06 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇੱਕ ਸ਼ਾਨਦਾਰ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈ.ਸੀ.ਸੀ. ਵਿਸ਼ਵ ਕੱਪ ਜਿੱਤਣ 'ਤੇ ਦਿਲੋਂ ਵਧਾਈ ਦਿੱਤੀ।
ਟੀਮ ਮੈਂਬਰਾਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਕੱਪ ਜਿੱਤ ਕੇ ਧੀਆਂ ਨੇ ਨਾ ਸਿਰਫ਼ ਇਤਿਹਾਸ ਰਚਿਆ ਹੈ, ਬਲਕਿ ਦੁਨੀਆ ਨੂੰ ਵੀ ਫ਼ਤਿਹ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਧੀਆਂ ਸੂਬੇ ਦਾ ਗੌਰਵ ਹਨ ਅਤੇ ਪੰਜਾਬ ਪਰਤਣ 'ਤੇ ਉਨ੍ਹਾਂ ਦਾ ਸ਼ਾਨਦਾਰ ਸਨਮਾਨ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖਿਡਾਰੀ ਸੂਬੇ ਦੀਆਂ “ਬ੍ਰਾਂਡ ਅੰਬੈਸਡਰ” ਹਨ ਕਿਉਂਕਿ ਉਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਨਵੀਂ ਮਿਸਾਲ ਕਾਇਮ ਕੀਤੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਕੱਪ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਟੀਮ ਨੇ ਇਹ ਕੱਪ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਉਨ੍ਹਾਂ ਦੇਸ਼ ਨੂੰ ਮਾਣ ਮਹਿਸੂਸ ਕਰਵਾਉਣ ਲਈ ਪੂਰੀ ਟੀਮ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਧੀਆਂ ਨੇ ਆਪਣੇ ਹੌਸਲੇ ਅਤੇ ਜਜ਼ਬੇ ਨਾਲ ਸੂਬੇ ਲਈ ਇੱਕ ਸ਼ਾਨਦਾਰ ਪ੍ਰਾਪਤੀ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਅੱਜ ਭਾਰਤੀ ਕ੍ਰਿਕਟ ਟੀਮ, ਭਾਰਤੀ ਹਾਕੀ ਟੀਮ, ਮਹਿਲਾ ਕ੍ਰਿਕਟ ਟੀਮ, ਬਾਸਕਟਬਾਲ ਟੀਮ ਅਤੇ ਫੁੱਟਬਾਲ ਟੀਮ ਸਾਰਿਆਂ ਦੀ ਅਗਵਾਈ ਪੰਜਾਬ ਦੇ ਖਿਡਾਰੀ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੀਆਂ ਧੀਆਂ ਦੀ ਟੀਮ ਦੀ ਇਹ ਪ੍ਰਾਪਤੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੂਰੀ ਟੀਮ ਨੇ ਇਸ ਸ਼ਾਨਦਾਰ ਜਿੱਤ ਨਾਲ ਦੇਸ਼ ਦਾ ਸਿਰ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਾਡੀਆਂ ਧੀਆਂ ਨੇ ਆਪਣੀ ਪ੍ਰਤਿਭਾ ਦੇ ਬਲ 'ਤੇ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ।
