CM ਮਾਨ ਨੇ ਅਨਾਜ ਮੰਡੀਆਂ ਦਾ ਕੀਤਾ ਦੌਰਾ, ਪ੍ਰਤਾਪ ਬਾਜਵਾ ਨੂੰ ਲੈ ਕੇ ਕਹੀਆਂ ਇਹ ਗੱਲਾਂ

Monday, Oct 31, 2022 - 05:54 PM (IST)

ਪਠਾਨਕੋਟ : ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਤਕ ਪੰਜਾਬ 'ਚ 110 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਣ ਦਾ ਦਾਅਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖ਼ਰੀਦ ਤੇ ਚੁਕਾਈ ਦੀ ਸਮੁੱਚੀ ਪ੍ਰਕਿਰਿਆ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਇੱਥੇ ਅਨਾਜ ਮੰਡੀਆਂ ਦਾ ਮੁਆਇਨਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 30 ਅਕਤੂਬਰ ਤੱਕ ਤਕਰੀਬਨ 112 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ਵਿੱਚ ਆਇਆ ਹੈ, ਜਿਸ 'ਚੋਂ ਤਕਰੀਬਨ 110 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 88 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ 'ਚੋਂ ਚੁੱਕਿਆ ਜਾ ਚੁੱਕਾ ਹੈ ਅਤੇ ਹੁਣ ਤੱਕ 18,660 ਕਰੋੜ ਰੁਪਏ ਦੀ ਕਿਸਾਨਾਂ ਨੂੰ ਅਦਾਇਗੀ ਹੋ ਚੁੱਕੀ ਹੈ। ਝੋਨੇ ਦਾ ਦਾਣਾ-ਦਾਣਾ ਚੁੱਕਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਸੂਬੇ ਭਰ 'ਚੋਂ ਕਿਸਾਨਾਂ ਦੀ ਇਕ ਵੀ ਸ਼ਿਕਾਇਤ ਨਹੀਂ ਆਈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਸਮੁੱਚੀ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਕਰ ਰਹੇ ਹਨ ਤਾਂ ਕਿ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਅਨਾਜ ਦੀ ਖ਼ਰੀਦ ਸੁਚਾਰੂ ਤੇ ਪਾਰਦਰਸ਼ੀ ਤਰੀਕੇ ਨਾਲ ਯਕੀਨੀ ਬਣਾਉਣ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜ਼ਿਲ੍ਹਿਆਂ ਨੂੰ ਵੱਖ-ਵੱਖ ਜ਼ੋਨਾਂ 'ਚ ਵੰਡਣ ਦੇ ਵਧੀਆ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਇਸ ਰਾਹੀਂ ਸੂਬਾ ਸਰਕਾਰ ਪਾਣੀ ਦੀ ਬੱਚਤ ਕਰਨ ਲਈ ਫ਼ਸਲੀ ਚੱਕਰ ਬਾਰੇ ਸਹੀ ਅਨੁਮਾਨ ਲਾਉਣ ਦੇ ਯੋਗ ਹੋਈ। ਭਗਵੰਤ ਮਾਨ ਨੇ ਕਿਹਾ ਕਿ ਇਸ ਰਾਹੀਂ ਕਿਸਾਨਾਂ ਲਈ ਬਾਕਾਇਦਾ ਬਿਜਲੀ ਸਪਲਾਈ ਯਕੀਨੀ ਬਣਾਉਣ ਵਿੱਚ ਮਦਦ ਮਿਲੀ।

ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਜੁਰਮ ਦੇ ਸਾਜ਼ਿਸ਼ ਘਾੜਿਆਂ ਤੇ ਇਸ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਪਹਿਲਾਂ ਹੀ ਕਾਬੂ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਪਨਾਹ ਲਈ ਬੈਠੇ ਮੁਲਜ਼ਮਾਂ ਸਬੰਧੀ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ਲਈ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਚੰਗਿਆਈਆਂ ਤੇ ਪ੍ਰਾਪਤੀਆਂ ਦੱਸਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾਂਦੇ ਖਰਚੇ 'ਤੇ ਸਵਾਲ ਚੁੱਕਣ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੂੰ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ ਕਿ ਉਨ੍ਹਾਂ ਦੀ ਪਾਰਟੀ ਦੂਜੇ ਸੂਬਿਆਂ 'ਚ ਕੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ‘ਭਾਜਪਾ’ ਨੂੰ ਅਜਿਹੇ ਦੋਹਰੇ ਮਾਪਦੰਡਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਦੂਜੇ ਸੂਬਿਆਂ ਵਿੱਚ ਆਪਣੀਆਂ ਪ੍ਰਾਪਤੀਆਂ ਗਿਣਾਉਣ ਦਾ ਪੂਰਾ ਹੱਕ ਹੈ ਤਾਂ ਕਿ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਵਿਅਕਤੀ ਭਾਜਪਾ 'ਚ ਸ਼ਾਮਲ ਹੋ ਕੇ ਦੁੱਧ ਧੋਤਾ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਸਾਬਕਾ ਕਾਂਗਰਸ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵੀ ਸੂਬੇ ਦੇ ਖਜ਼ਾਨੇ ਨੂੰ ਲੁੱਟ ਕੇ ਕੀਤੇ ਗੁਨਾਹਾਂ ਤੋਂ ਬਚਣ ਲਈ ਭਾਜਪਾ ਦਾ ਪੱਲਾ ਫੜਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਮੰਤਰੀ ਹੁਣ ਆਪਣੇ ਇਨ੍ਹਾਂ ਗੁਨਾਹਾਂ ਕਰਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਕੀਤੇ ਕੰਮਾਂ ਦੀ ਸਜ਼ਾ ਭੁਗਤ ਰਿਹਾ ਹੈ ਅਤੇ ਦੁੱਖ ਦੀ ਗੱਲ ਇਹ ਹੈ ਕਿ ਉਸ ਦੇ ਘਰੋਂ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਹੋਈ ਹੈ।


Mandeep Singh

Content Editor

Related News