ਅੰਮ੍ਰਿਤਸਰ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਰਾਵਣ ਦਾ ਦਹਿਨ
Sunday, Oct 13, 2024 - 05:09 AM (IST)
ਅੰਮ੍ਰਿਤਸਰ/ਜਲੰਧਰ/ਚੰਡੀਗੜ੍ਹ (ਸਰਬਜੀਤ, ਧਵਨ, ਅੰਕੁਰ)- ਗੁਰੂ ਨਗਰੀ ਵਿਚ ਸ਼੍ਰੀ ਦੁਰਗਿਆਣਾ ਤੀਰਥ ਕਮੇਟੀ ਵੱਲੋਂ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਹਾਜ਼ਰ ਲੋਕਾਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਨੇ ਜਨਤਾ ਨੂੰ ਸੂਬੇ ’ਚੋਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰ ਕੇ ਸੱਚ ਦੇ ਮਾਰਗ ’ਤੇ ਚੱਲਣ ਦੀ ਅਪੀਲ ਵੀ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਨਿਮਰ ਬਣਨ, ਆਪਣੇ ਗੁੱਸੇ ’ਤੇ ਕਾਬੂ ਰੱਖਣ ਅਤੇ ਨਫ਼ਰਤ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਕਾਰਨਾਂ ਕਰ ਕੇ ਹੀ ਬੁੱਧੀਮਾਨ ਰਾਜਾ ਰਾਵਣ ਦਾ ਪਤਨ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਾਨੂੰ ਭਾਈਚਾਰਾ ਬਣਾਈ ਰੱਖਣ ਦਾ ਸੰਦੇਸ਼ ਵੀ ਦਿੰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਦਾ ਸੱਦਾ ਦਿੱਤਾ।
ਇਹ ਵੀ ਪੜ੍ਹੋ- ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਮਨੀਲਾ 'ਚ ਪੰਜਾਬੀ ਨੌਜਵਾਨ ਦੀ ਮੌਤ
ਮੁੱਖ ਮੰਤਰੀ ਨੇ ਕਿਹਾ ਕਿ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਇਹ ਤਿਉਹਾਰ ਸਾਨੂੰ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਦੀ ਯਾਦ ਦਿਵਾਉਂਦਾ ਹੈ। ਸਾਡੇ ਦੇਸ਼ ’ਚ ਇਸ ਤਿਉਹਾਰ ਨੂੰ ਮਨਾਉਣ ਦੀ ਸਦੀਆਂ ਪੁਰਾਣੀ ਪ੍ਰੰਪਰਾ ਹੈ, ਜੋ ਸਮਾਜ ਵਿਚ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਪ੍ਰਫੁੱਲਿਤ ਕਰਨ ਦੇ ਨਾਲ-ਨਾਲ ਬਰਾਬਰੀ ਅਤੇ ਸਦਭਾਵਨਾ ਵਾਲੇ ਸਮਾਜ ਦੀ ਉਸਾਰੀ ਕਰ ਕੇ ਆਦਰਸ਼ ਜੀਵਨ ਜਿਊਣ ਦਾ ਮਾਰਗ ਦਿਖਾਉਂਦੀ ਹੈ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਲਈ ਇਸ ਖੁਸ਼ੀ ਦੇ ਤਿਉਹਾਰ ਨੂੰ ਇਕਜੁੱਟ ਹੋ ਕੇ ਮਨਾਉਣ। ਉਨ੍ਹਾਂ ਕਿਹਾ ਕਿ ਸਾਨੂੰ ਇਹ ਤਿਉਹਾਰ ਜਾਤ-ਪਾਤ, ਨਸਲ, ਮਤਭੇਦ ਤੋਂ ਉੱਪਰ ਉੱਠ ਕੇ ਪੂਰੇ ਧਾਰਮਿਕ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਇਹ ਤਿਉਹਾਰ ਸਾਨੂੰ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ।
ਇਸ ਮੌਕੇ ਦੁਰਗਿਆਣਾ ਤੀਰਥ ਦੀ ਪ੍ਰਧਾਨ ਪ੍ਰੋ. ਲਕਸ਼ਮੀਕਾਂਤਾ ਚਾਵਲਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜਨਰਲ ਸਕੱਤਰ ਅਰੁਣ ਖੰਨਾ, ਡਾ. ਰਾਕੇਸ਼ ਸ਼ਰਮਾ, ਮੈਨੇਜਰ ਅਨਿਲ ਸ਼ਰਮਾ, ਵਿਧਾਇਕ ਡਾ. ਅਜੇ ਗੁਪਤਾ, ਸੰਜੀਵ ਅਰੋੜਾ ਤੇ ਸੁਧੀਰ ਸ੍ਰੀਧਰ ਹਾਜ਼ਰ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ