ਕੈਪਟਨ ਨੇ ਉਨ੍ਹਾਂ ਸਮੇਤ ਪਰਿਵਾਰਕ ਮੈਂਬਰਾਂ ਨੂੰ ਈ. ਡੀ. ਤੇ ਆਮਦਨ ਕਰ ਦੇ ਨੋਟਿਸ ਭੇਜਣ ਦੇ ਸਮੇਂ ''ਤੇ ਚੁੱਕੇ ਸਵਾਲ
Thursday, Nov 05, 2020 - 09:24 AM (IST)
ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਲੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਮਾਰੂ ਪ੍ਰਭਾਵ ਨੂੰ ਬੇਅਸਰ ਕਰਨ ਲਈ ਸੋਧ ਬਿੱਲ ਪਾਸ ਕਰਨ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਅਤੇ ਇਨਕਮ ਟੈਕਸ ਵਿਭਾਗ ਵਲੋਂ ਉਨ੍ਹਾਂ ਸਮੇਤ ਪਰਿਵਾਰਕ ਮੈਂਬਰਾਂ ਨੂੰ ਜਾਰੀ ਕੀਤੇ ਗਏ ਵੱਖ-ਵੱਖ ਨੋਟਿਸਾਂ ਦੇ ਸਮੇਂ 'ਤੇ ਸਵਾਲ ਚੁੱਕੇ ਹਨ। ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਇਕ ਸਵਾਲ ਦੇ ਜਵਾਬ 'ਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਰਣਇੰਦਰ ਨੂੰ ਈ. ਡੀ. ਦੇ ਨੋਟਿਸ ਤੋਂ ਇਲਾਵਾ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਅਤੇ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਨੂੰ ਆਮਦਨ ਕਰ ਵਿਭਾਗ ਪਾਸੋਂ ਨੋਟਿਸ ਪ੍ਰਾਪਤ ਹੋਏ ਹਨ। ਉਨ੍ਹਾਂ ਨੇ ਖ਼ੁਲਾਸਾ ਕੀਤਾ ਕਿ ਇਥੋਂ ਤੱਕ ਕਿ ਉਨ੍ਹਾਂ ਦੀਆਂ ਦੋ ਪੋਤਰੀਆਂ, ਜਿਨ੍ਹਾਂ 'ਚੋਂ ਇਕ ਲਾਅ ਦੀ ਵਿਦਿਆਰਥਣ ਹੈ ਅਤੇ ਦੂਜੀ ਆਪਣੀ ਮੰਗਣੀ ਦੀ ਤਿਆਰੀ ਕਰ ਰਹੀ ਹੈ, ਦੇ ਨਾਲ-ਨਾਲ ਅੱਲ੍ਹੜ ਉਮਰ ਦੇ ਪੋਤਰੇ ਨੂੰ ਵੀ ਨਹੀਂ ਬਖਸ਼ਿਆ ਅਤੇ ਇਨ੍ਹਾਂ ਨੂੰ ਵੀ ਨੋਟਿਸ ਪ੍ਰਾਪਤ ਹੋਏ ਹਨ।
ਇਹ ਵੀ ਪੜ੍ਹੋ : ਹੈਵਾਨੀਆਂ ਦੀਆਂ ਹੱਦਾਂ ਪਾਰ, 30 ਸਾਲਾ ਜਨਾਨੀ ਨੂੰ ਨੌਜਵਾਨਾਂ ਨੇ ਬਣਾਇਆ ਆਪਣੀ ਹਵਸ ਦਾ ਸ਼ਿਕਾਰ
ਕੈਪਟਨ ਨੇ ਕਿਹਾ ਕਿ ਮੈਨੂੰ ਨਹੀਂ ਪਤਾ ਕਿ ਇਹ ਨੋਟਿਸ ਜਾਰੀ ਕਰਨ ਦੇ ਸਮੇਂ ਤੋਂ ਸਿਵਾਏ ਇਸ 'ਤੇ ਕੀ ਕਹਿਣਾ ਹੈ, ਕਿਉਂਕਿ ਸਮਾਂ ਸ਼ੱਕੀ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਵਲੋਂ ਵਿਧਾਨ ਸਭਾ 'ਚ ਖੇਤੀ ਸੋਧ ਬਿੱਲ ਪਾਸ ਕਰਵਾਉਣ ਦੇ ਮਾਰੇ ਗਏ ਹੰਭਲੇ ਤੋਂ ਬਾਅਦ ਕੇਂਦਰੀ ਏਜੰਸੀਆਂ ਨੇ ਇਹ ਨੋਟਿਸ ਜਾਰੀ ਕੀਤੇ ਹਨ। ਪ੍ਰਦਰਸ਼ਨਕਾਰੀ ਕਿਸਾਨਾਂ ਖ਼ਿਲਾਫ਼ 'ਸ਼ਹਿਰੀ ਨਕਸਲਵਾਦੀ' ਦੇ ਲਾਏ ਦੋਸ਼ਾਂ ਨੂੰ ਖਾਰਿਜ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀ ਸਰਕਾਰ 'ਤੇ ਕਿਸਾਨਾਂ ਨੂੰ ਪ੍ਰਦਰਸ਼ਨ ਲਈ ਉਕਸਾਉਣ ਦੇ ਦੋਸ਼ ਵੀ ਰੱਦ ਕੀਤੇ ਹਨ। ਉਨ੍ਹਾਂ ਨੇ ਕਿਸਾਨ ਪ੍ਰਦਰਸ਼ਨਾਂ ਨੂੰ ਕੇਂਦਰ ਸਰਕਾਰ ਵਲੋਂ ਚੁੱਕੇ ਕਦਮਾਂ ਦਾ ਪ੍ਰਤੀਕਰਮ ਦੱਸਦਿਆਂ ਕਿਹਾ ਕਿ ਕੇਂਦਰ ਨੇ ਕਿਸਾਨਾਂ ਦੀ ਰੋਜ਼ੀ-ਰੋਟੀ 'ਤੇ ਲੱਤ ਮਾਰੀ ਹੈ। ਇਹ ਬਿਖੇੜੇ ਕੇਂਦਰ ਸਰਕਾਰ ਨੇ ਖੜ੍ਹੇ ਕੀਤੇ ਹਨ, ਜਦਕਿ ਪੰਜਾਬ ਸਿਰਫ਼ ਸ਼ਾਂਤੀ ਚਾਹੁੰਦਾ ਹੈ ਤਾਂ ਕਿ ਸਾਡੀ ਕਿਸਾਨੀ ਅਤੇ ਸਨਅਤੀ ਸਮੇਤ ਸਮੁੱਚੇ ਪੰਜਾਬੀ ਹੋਰ ਪ੍ਰਫੁੱਲਿਤ ਹੋਣ।
ਇਹ ਵੀ ਪੜ੍ਹੋ : ਦੁਖਦ ਖ਼ਬਰ: ਟੈਕਸਾਸ 'ਚ ਰਹਿੰਦੇ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਹਾਦਸੇ 'ਚ ਮੌਤ