ਮੁੱਖ ਮੰਤਰੀ ਦੇ ਨਿਰਦੇਸ਼ਾਂ ''ਤੇ ਵਿਭਾਗਾਂ ਨੂੰ 566.70 ਕਰੋੜ ਰੁਪਏ ਜਾਰੀ

Thursday, Aug 08, 2019 - 12:46 AM (IST)

ਮੁੱਖ ਮੰਤਰੀ ਦੇ ਨਿਰਦੇਸ਼ਾਂ ''ਤੇ ਵਿਭਾਗਾਂ ਨੂੰ 566.70 ਕਰੋੜ ਰੁਪਏ ਜਾਰੀ

ਚੰਡੀਗੜ੍ਹ,(ਅਸ਼ਵਨੀ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਵਿੱਤ ਵਿਭਾਗ ਵਲੋਂ ਬੁੱਧਵਾਰ ਨੂੰ ਸਥਾਨਕ ਸਰਕਾਰਾਂ, ਸਮਾਜਿਕ ਨਿਆਂ ਤੇ ਸਸ਼ਕਤੀਕਰਨ ਵਿਭਾਗਾਂ ਤੋਂ ਇਲਾਵਾ ਨੈਸ਼ਨਲ ਹੈਲਥ ਮਿਸ਼ਨ (ਐੱਨ. ਐੱਚ. ਐੱਮ.) ਨੂੰ 566.70 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ 218.37 ਕਰੋੜ ਰੁਪਏ ਸਥਾਨਕ ਸਰਕਾਰਾਂ ਵਿਭਾਗ ਨੂੰ ਵੱਖ-ਵੱਖ ਸ਼ਹਿਰੀ ਸਥਾਨਕ ਸੰਸਥਾਵਾਂ (ਯੂ. ਐੱਲ. ਬੀ.) ਦੇ ਮੁਲਾਜ਼ਮਾਂ ਨੂੰ ਤਨਖਾਹ/ਪੈਨਸ਼ਨ ਲਈ ਜਾਰੀ ਕੀਤੇ ਗਏ ਹਨ। ਜਦ ਕਿ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਵਿਭਾਗ ਨੂੰ 165.07 ਕਰੋੜ ਰੁਪਏ ਸਮਾਜਕ ਸੁਰੱਖਿਆ ਪੈਨਸ਼ਨਾਂ ਦੀ ਵੰਡ ਲਈ ਜਾਰੀ ਕੀਤੇ ਗਏ ਹਨ। ਨੈਸ਼ਨਲ ਹੈਲਥ ਮਿਸ਼ਨ ਤਹਿਤ ਵੱਖ-ਵੱਖ ਪ੍ਰੋਗਰਾਮਾਂ/ਯੋਜਨਾਵਾਂ ਨੂੰ ਲਾਗੂ ਕਰਨ ਲਈ 136.81 ਕਰੋੜ ਰੁਪਏ ਗ੍ਰਾਂਟ-ਇਨ-ਏਡ ਵਜੋਂ ਦਿੱਤੇ ਗਏ ਹਨ।

ਇਸੇ ਤਰ੍ਹਾਂ, ਮੈਡੀਕਲ ਬਿਲਾਂ ਦੀ ਅਦਾਇਗੀ, ਤੇਲ ਤੇ ਹੋਰ ਦਫ਼ਤਰੀ ਖਰਚਿਆਂ ਲਈ 46.45 ਕਰੋੜ ਰੁਪਏ ਸਟੈਂਡਰਡ ਆਬਜੈਕਟ ਆਫ਼ ਐਕਸਪੈਂਡੀਚਰ ਤਹਿਤ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਮੁੜ ਨਿਰਦੇਸ਼ ਦਿੱਤੇ ਹਨ ਕਿ ਸੂਬੇ ਦੀ ਵਿੱਤੀ ਹਾਲਤ ਨੂੰ ਹੋਰ ਮਜ਼ਬੂਤ ਕਰਨ ਲਈ ਫਜ਼ੂਲ ਖਰਚਿਆਂ ਨੂੰ ਘਟਾਇਆ ਜਾਵੇ ਅਤੇ ਸੂਝ-ਬੂਝ ਨਾਲ ਵਿੱਤੀ ਪ੍ਰਬੰਧ ਚਲਾਇਆ ਜਾਵੇ। ਬੁਲਾਰੇ ਨੇ ਦੱਸਿਆ ਕਿ ਸੂਬੇ ਦੀ ਵਿੱਤੀ ਹਾਲਤ 'ਚ ਸੁਧਾਰ 'ਤੇ ਤਸੱਲੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਲਈ ਬਿਹਤਰ ਵਿੱਤੀ ਪ੍ਰਬੰਧਨ ਅਤੇ ਅਨੁਸ਼ਾਸਨ ਨੂੰ ਯਕੀਨੀ ਬਣਾਉਣ ਲਈ ਹੋਰ ਸਰਗਰਮ ਕਦਮ ਚੁੱਕਣ ਦਾ ਸੱਦਾ ਦਿੱਤਾ।
 


Related News