ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਮੁੱਖ ਮੰਤਰੀ

Sunday, Jul 19, 2020 - 06:19 PM (IST)

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਮੁੱਖ ਮੰਤਰੀ

ਫਰੀਦਕੋਟ (ਬਾਂਸਲ): ਅੱਜ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਸੈਸ਼ਨ 'ਕੈਪਟਨ ਨੂੰ ਪੁੱਛੋ' 'ਚ ਫਰੀਦਕੋਟ ਦੇ ਵਿਅਕਤੀ ਗਗਨਦੀਪ ਸਿੰਘ ਦੇ ਸਵਾਲ ਦੇ ਜਵਾਬ 'ਚ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਂਡ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ 'ਚ ਸ਼ਾਮਲ ਦੋਸ਼ੀਆਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧ 'ਚ ਪੰਜਾਬ ਸਰਕਾਰ ਵਲੋਂ 2 ਵਿਸ਼ੇਸ਼ ਜਾਂਚ ਟੀਮਾਂ (ਐੱਸ.ਆਈ.ਟੀ.) ਸਥਾਪਤ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚੋਂ ਇਕ ਦੀ ਅਗਵਾਈ ਡੀ.ਆਈ. ਜੀ. ਰਣਵੀਰ ਸਿੰਘ ਖਟੜਾ ਅਤੇ ਗੋਲੀਕਾਂਡ ਜਾਂਚ ਦੀ ਅਗਵਾਈ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਵੱਲੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਵਕਾਲਤ ਛੱਡ ਖੇਤਾਂ ਨੂੰ ਪ੍ਰਣਾਇਆ ਕਮਲਜੀਤ ਸਿੰਘ ਹੇਅਰ, ਜ਼ਹਿਰ ਮੁਕਤ ਖੇਤੀ ਕਰਨ ਵਾਲਾ ਆਦਰਸ਼ ਕਿਸਾਨ

ਇਸ ਸਬੰਧ 'ਚ ਦੋਵਾਂ ਜਾਂਚ ਟੀਮਾਂ ਵਲੋਂ ਹੁਣ ਤੱਕ ਕਾਫੀ ਸੱਚ ਸਾਹਮਣੇ ਲਿਆਂਦਾ ਜਾ ਚੁੱਕਾ ਹੈ। ਮੁੱਖ ਮੰਤਰੀ ਨੇ ਸਵਾਲ ਦੇ ਜਵਾਬ 'ਚ ਕਿਹਾ ਕਿ ਪੰਜਾਬ ਦੇ ਲੋਕ ਅਮਨ ਪਸੰਦ ਹਨ ਅਤੇ ਕੋਈ ਵੀ ਕਿਸੇ ਵੀ ਧਰਮ ਦੇ ਲੋਕ ਨਹੀਂ ਚਾਹੁੰਦੇ ਕਿ ਗੁਰੂ ਸਾਹਿਬ ਦੀ ਬੇਅਦਬੀ ਹੋਵੇ, ਉਨ੍ਹਾਂ ਕਿਹਾ ਕਿ ਦੋਸ਼ੀਆਂ ਨੇ ਘਿਨੌਣੀ ਕਾਰਵਾਈ ਕੀਤੀ ਹੈ ਅਤੇ ਦੋਵਾਂ ਜਾਂਚ ਟੀਮਾਂ ਵਲੋਂ ਇਸ ਸਬੰਧ 'ਚ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਸਬੰਧ 'ਚ ਅਦਾਲਤ ਵਲੋਂ ਕਾਨੂੰਨ ਅਨੁਸਾਰ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪ੍ਰੇਮ ਵਿਆਹ ਪਿੱਛੋਂ ਹੋਇਆ ਸੀ ਤਲਾਕ ,ਹੁਣ ਸਹੁਰੇ ਘਰੋਂ ਮਿਲੀ ਕੁੜੀ ਦੀ ਲਾਸ਼

ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਮਾਰੀ ਦੇ ਟਾਕਰੇ ਅਤੇ ਇਸ ਦੇ ਖਾਤਮੇ ਲਈ ਸਿਹਤ ਵਿਭਾਗ ਅਤੇ ਸਰਕਾਰ ਵਲੋਂ ਜਾਰੀ ਹਦਾਇਤਾਂ 'ਤੇ ਅਮਲ ਕਰਨ ਅਤੇ ਸਮੇਂ-ਸਮੇਂ 'ਤੇ ਸਾਬਣ ਜਾਂ ਸੈਨੇਟਾਈਜ਼ਰ ਨਾਲ ਹੱਥ ਸਾਫ ਕਰਦੇ ਰਹਿਣ ਅਤੇ ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਲੋਕ ਮਾਸਕ ਘਰਾਂ ਅਤੇ ਕੰਮ ਵਾਲੀਆਂ ਥਾਵਾਂ 'ਤੇ ਵੀ ਪਾਉਣ ਕਿਉਂਕਿ ਇਸ ਸਬੰਧੀ ਵੱਖ-ਵੱਖ ਖੋਜਾਂ ਤੋਂ ਸਾਹਮਣੇ ਆਇਆ ਹੈ ਕਿ ਮਾਸਕ ਨਾਲ ਕੋਰੋਨਾ ਮਹਾਮਾਰੀ ਨੂੰ 70 ਫੀਸਦੀ ਤਕ ਰੋਕਿਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਇਸ ਦੇ ਇਲਾਜ ਲਈ ਬਿਹਤਰ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਹੁਣ ਸੂਬੇ 'ਚ ਟੈਸਟ ਦੀ ਸਮਰੱਥਾ 10 ਹਜ਼ਾਰ ਰੋਜ਼ਾਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੂਜੇ ਸੂਬਿਆਂ ਦੇ ਮੁਕਾਬਲੇ ਭਾਵੇਂ ਪੰਜਾਬ 'ਚ ਕੋਰੋਨਾ ਦੀ ਸਥਿਤੀ ਅਜੇ ਠੀਕ ਹੈ ਪਰ ਸਾਨੂੰ ਅਜੇ ਵੀ ਇਸ 'ਤੇ ਕਾਬੂ ਪਾਉਣ ਲਈ ਸਾਵਧਾਨੀਆਂ ਵਰਤਣ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਅਸੀਂ ਕੋਰੋਨਾ ਮਹਾਮਾਰੀ 'ਤੇ ਜਿੱਤ ਪ੍ਰਾਪਤ ਕਰ ਸਕੀਏ।


author

Shyna

Content Editor

Related News