ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਕਿਸਾਨਾਂ ਨਾਲ ਮੀਟਿੰਗ, ਨਾਖੁਸ਼ ਦਿਸੇ ਕਿਸਾਨ

06/30/2017 1:07:15 AM

ਚੰਡੀਗੜ੍ਹ— ਇਥੋਂ ਦੇ ਪੰਜਾਬ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖ-ਵੱਖ ਕਿਸਾਨ ਯੂਨੀਅਨ ਦੇ ਆਗੂਆਂ ਨਾਲ ਵੀਰਵਾਰ ਨੂੰ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਰਕਾਰ ਨੇ ਕਿਸਾਨਾਂ ਨੂੰ ਅਫਵਾਹਾਂ ਵੱਲ ਧਿਆਨ ਨਾ ਦੇਣ ਦੀ ਅਪੀਲ ਕਰਦੇ ਹੋਏ ਦੋ ਮਹੀਨਿਆਂ ਅੰਦਰ ਕਰਜ਼ ਨੋਟੀਫਿਕੇਸ਼ਨ ਜਾਰੀ ਕਰਨ ਦੀ ਗੱਲ ਕੀਤੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ਾ ਮੁਆਫੀ ਬਾਰੇ ਫੈਸਲੇ ਨੂੰ ਅਮਲ 'ਚ ਲਿਆਉਣ ਲਈ ਨੋਟੀਫਿਕੇਸ਼ਨ ਛੇਤੀ ਜਾਰੀ ਕਰਨ ਦਾ ਭਰੋਸਾ ਦਿੰਦਿਆਂ ਅੱਜ ਸਪੱਸ਼ਟ ਕੀਤਾ ਕਿ ਜਿਨ੍ਹਾਂ ਕਿਸਾਨਾਂ ਦਾ ਕਰਜ਼ਾ ਮੁਆਫ ਹੋ ਚੁੱਕਾ ਹੈ, ਉਨ੍ਹਾਂ ਨੂੰ ਕਰਜ਼ੇ ਦੀ ਮੁੜ ਅਦਾਇਗੀ ਕਰਨ ਤੋਂ ਫੌਰੀ ਤੌਰ 'ਤੇ ਮੁਕਤ ਕੀਤਾ ਜਾਂਦਾ ਹੈ।
ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਲਈ ਕੇਂਦਰ ਸਰਕਾਰ 'ਤੇ ਆਪਣਾ ਦਬਾਅ ਜਾਰੀ ਰੱਖੇਗੀ। ਮੀਟਿੰਗ 'ਚ ਸ਼ਾਮਲ ਸਾਰੀਆਂ ਹੀ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਚਿਰਸਥਾਈ ਹੱਲ ਕੱਢਣ ਲਈ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਮਲ 'ਚ ਲਿਆਉਣ 'ਤੇ ਇਕਸੁਰ ਪਹੁੰਚ ਅਪਣਾਈ। ਮੀਟਿੰਗ ਦੌਰਾਨ ਬਜਟ 'ਚ ਕਰਜ਼ਾ ਮੁਆਫੀ ਦੇ ਕੀਤੇ ਐਲਾਨ ਦੀ ਪ੍ਰਕਿਰਿਆ ਦੋ ਮਹੀਨਿਆਂ 'ਚ ਸ਼ੁਰੂ ਕਰਨ ਦੀ ਵੀ ਜਾਣਕਾਰੀ ਦਿੱਤੀ ਗਈ।
ਮੁੱਖ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਕਿਸਾਨ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਸੁਲਝਾਉਣ ਲਈ ਕਿਸਾਨ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰੇ ਦਾ ਦੌਰ ਜਾਰੀ ਰੱਖੇਗੀ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਾਵੇਂ ਕਿ ਸਰਕਾਰੀ ਖਜ਼ਾਨੇ 'ਤੇ ਉਨ੍ਹਾਂ ਦੇ ਅਨੁਮਾਨ ਤੋਂ ਕਿਤੇ ਵੱਧ ਕਰਜ਼ੇ ਦਾ ਬੋਝ ਹੈ। ਉਨ੍ਹਾਂ ਕਿਹਾ ਖੇਤੀ ਨੂੰ ਮੁਨਾਫਾਬਖਸ਼ ਬਣਾਉਣ ਦੇ ਵਾਅਦੇ ਨਾਲ ਪਾਰਟੀ ਦੇ ਚੋਣ ਮਨੋਰਥ ਪੱਤਰ 'ਚ ਕੀਤੇ 49 ਵਾਅਦਿਆਂ 'ਚੋਂ ਇਕ-ਇਕ ਵਾਅਦਾ ਪੂਰਾ ਕੀਤਾ ਜਾਵੇਗਾ।
ਉਥੇ ਹੀ ਕਿਸਾਨਾਂ ਨੇ ਸਰਕਾਰ ਤੋਂ ਕਰਜ਼ ਮੁਆਫ ਦਾ ਦਾਇਰਾ 5 ਏਕੜ ਵਧਾ ਕੇ 10 ਏਕੜ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਸਮੇਤ ਕੈਬਨਿਟ ਮੰਤਰੀਆਂ ਨਾਲ ਹੋਈ ਮੀਟਿੰਗ ਦੌਰਾਨ ਕਿਸਾਨਾਂ ਨੇ ਸੂਬੇ ਨੂੰ ਸਪੈਸ਼ਲ ਖੇਤੀ ਜ਼ੋਨ ਐਲਾਨ ਲਈ ਮਤਾ ਪਾਸ ਕਰਨ ਅਤੇ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਲਈ ਕੇਂਦਰ 'ਤੇ ਦਬਾਅ ਪਾਉਣ ਦੀ ਵੀ ਮੰਗ ਕੀਤੀ। 
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ (ਮਾਲ) ਕੇ. ਬੀ. ਐੱਸ. ਸਿੱਧੂ, ਵਧੀਕ ਮੁੱਖ ਸਕੱਤਰ (ਵਿਕਾਸ) ਐੱਮ. ਪੀ. ਸਿੰਘ, ਪ੍ਰਮੁੱਖ ਸਕੱਤਰ (ਵਿੱਤ) ਅਨਿਰੁਧ ਤਿਵਾੜੀ, ਪ੍ਰਮੁੱਖ ਸਕੱਤਰ ਖੁਰਾਕ ਅਤੇ ਸਿਵਲ ਸਪਲਾਈ ਕੇ. ਪੀ. ਸਿਨਹਾ, ਵਿਸ਼ੇਸ਼ ਸਕੱਤਰ ਖੇਤੀਬਾੜੀ ਵਿਕਾਸ ਗਰਗ ਅਤੇ ਡਾਇਰੈਕਟਰ ਕਮ ਸਕੱਤਰ ਉਦਯੋਗ ਅਤੇ ਕਮਰਸ ਅਮਿਤ ਢਾਕਾ ਹਾਜ਼ਰ ਸਨ।


Related News