ਮੁੱਖ ਮੰਤਰੀ 550ਵੇਂ ਪ੍ਰਕਾਸ਼ ਪੁਰਬ ਸਮਾਗਮ ਸ਼੍ਰੋਮਣੀ ਕਮੇਟੀ ਨਾਲ ਮਿਲ ਕੇ ਮਨਾਉਣ : ਭਾਈ ਲੌਂਗੋਵਾਲ

10/08/2019 11:35:01 PM

ਅੰਮ੍ਰਿਤਸਰ,(ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ 12 ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਗੁ. ਸ੍ਰੀ ਬੇਰ ਸਾਹਿਬ ਦੀ ਸਟੇਜ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਦਾ ਸਾਥ ਦੇਣ। ਜਾਰੀ ਇਕ ਪ੍ਰੈੱਸ ਬਿਆਨ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਪੰਜਾਬ ਸਰਕਾਰ ਤੇ ਸਾਰੀਆਂ ਪੰਥਕ ਜਥੇਬੰਦੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ਮੁਤਾਬਕ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਇਕਜੁੱਟ ਹੋ ਕੇ ਮਨਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਏਕਤਾ ਲਈ ਪ੍ਰਕਾਸ਼ ਪੁਰਬ ਸਮਾਗਮਾਂ 'ਤੇ ਪੈਦਾ ਭੰਬਲਭੂਸਾ ਤੁਰੰਤ ਖ਼ਤਮ ਹੋਣਾ ਚਾਹੀਦਾ ਹੈ। ਬੀਤੇ ਸਮੇਂ 'ਚ ਸ਼੍ਰੋਮਣੀ ਕਮੇਟੀ ਵੱਲੋਂ ਮਨਾਈਆਂ ਜਾਂਦੀਆਂ ਰਹੀਆਂ ਸ਼ਤਾਬਦੀਆਂ ਸਮੇਂ ਧਾਰਮਿਕ ਸਮਾਗਮਾਂ 'ਚ ਸੂਬਾ ਤੇ ਕੇਂਦਰ ਸਰਕਾਰਾਂ ਸ਼ਾਮਿਲ ਹੋ ਕੇ ਤਨੋਂ-ਮਨੋਂ ਯੋਗਦਾਨ ਦਿੰਦੀਆਂ ਰਹੀਆਂ ਹਨ, ਮੈਨੂੰ ਪੂਰਾ ਯਕੀਨ ਹੈ ਕਿ ਪੰਜਾਬ ਦੇ ਮੁੱਖ ਮੰਤਰੀ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਵੀ ਪੁਰਾਣੀ ਰਵਾਇਤ ਨੂੰ ਕਾਇਮ ਰੱਖਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ 12 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਮੁੱਖ ਸਮਾਗਮ ਲਈ ਜ਼ਰੂਰ ਸਹਿਯੋਗੀ ਬਣੇਗੀ। ਭਾਈ ਲੌਂਗੋਵਾਲ ਨੇ ਕਿਹਾ ਕਿ 1999 ਵਿਚ ਖ਼ਾਲਸਾ ਸਿਰਜਣਾ ਦੇ 300 ਸਾਲਾ ਸਮਾਗਮਾਂ ਦੌਰਾਨ ਕਾਂਗਰਸ ਦੀ ਨੁਮਾਇੰਦਗੀ ਉੱਘੇ ਆਗੂ ਡਾ. ਕਰਨ ਸਿੰਘ ਨੇ ਕੀਤੀ ਸੀ। 2004 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ 400 ਸਾਲਾ ਗੁਰਗੱਦੀ ਸ਼ਤਾਬਦੀ ਸਮੇਂ ਅੰਮ੍ਰਿਤਸਰ 'ਚ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਭਾਗ ਲਿਆ ਸੀ।

ਉਨ੍ਹਾਂ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵੀ ਸ਼੍ਰੋਮਣੀ ਕਮੇਟੀ ਨੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਕੋਸ਼ਿਸ਼ ਕੀਤੀ ਹੈ। ਇਹ ਯਤਨ ਲਗਾਤਾਰ ਜਾਰੀ ਹਨ। 17 ਸਤੰਬਰ ਤੇ 4 ਅਕਤੂਬਰ ਦੀਆਂ 2 ਮੀਟਿੰਗਾਂ 'ਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਚੰਨੀ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਭਾਵੇਂ ਮੰਤਰੀਆਂ ਨੇ ਭਰੋਸਾ ਦਿਵਾਇਆ ਸੀ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ-ਵਟਾਂਦਰਾ ਕਰ ਕੇ ਤਾਲਮੇਲ ਕਮੇਟੀ ਨੂੰ ਦੱਸਣਗੇ ਪਰ ਸ਼੍ਰੋਮਣੀ ਕਮੇਟੀ ਅਜੇ ਤੱਕ ਜਵਾਬ ਉਡੀਕ ਰਹੀ ਹੈ, ਜੇਕਰ ਮੁੱਖ ਮੰਤਰੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਿਆਂ ਸਾਂਝੇ ਤੌਰ 'ਤੇ ਪ੍ਰਕਾਸ਼ ਪੁਰਬ ਸਮਾਗਮ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣ ਲਈ ਸਹਿਮਤ ਹੁੰਦੇ ਹਨ ਤਾਂ ਸ਼੍ਰੋਮਣੀ ਕਮੇਟੀ ਉਨ੍ਹਾਂ ਦੀ ਸ਼ੁਕਰਗੁਜ਼ਾਰ ਹੋਵੇਗੀ।


Related News