CM ਚੰਨੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ-ਖੇਤੀ ਕਾਨੂੰਨਾਂ ਕਾਰਨ ਕਿਸਾਨਾਂ ’ਚ ਰੋਸ, ਜਲਦ ਹੋਣ ਰੱਦ

Monday, Oct 04, 2021 - 10:33 PM (IST)

CM ਚੰਨੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ-ਖੇਤੀ ਕਾਨੂੰਨਾਂ ਕਾਰਨ ਕਿਸਾਨਾਂ ’ਚ ਰੋਸ, ਜਲਦ ਹੋਣ ਰੱਦ

ਚੰਡੀਗੜ੍ਹ (ਬਿਊਰੋ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੇ ਕੈਬਨਿਟ ਸਾਥੀਆਂ ਨਾਲ ਇਥੇ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਕਿਸਾਨੀ ਨਾਲ ਜੁੜੇ ਅਹਿਮ ਮਸਲਿਆਂ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਯਾਦ ਪੱਤਰ ਸੌਂਪਿਆ। ਇਸ ਯਾਦ ਪੱਤਰ ਰਾਹੀਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਲਖੀਮਪੁਰ ਖੀਰੀ ’ਚ ਹਾਲ ਹੀ ‘ਚ ਵਾਪਰੀ ਹਿੰਸਾ ਦੇ ਪੀੜਤ ਪਰਿਵਾਰਾਂ ਲਈ ਇਨਸਾਫ ਨੂੰ ਯਕੀਨੀ ਬਣਾਉਣ ਵਾਸਤੇ ਠੋਸ ਕਦਮ ਚੁੱਕਣ ਲਈ ਉੱਤਰ ਪ੍ਰਦੇਸ਼ ਸਰਕਾਰ ਉੱਤੇ ਜ਼ੋਰ ਪਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਇਸ ਯਾਦ ਪੱਤਰ ’ਚ ਤਿੰਨ ਖੇਤੀ ਕਾਨੂੰਨਾਂ ਦੀ ਤੁਰੰਤ ਘੋਖ ਕਰ ਕੇ ਰੱਦ ਕਰਨ ਦੀ ਲੋੜ ਨੂੰ ਵੀ ਦੁਹਰਾਇਆ ਕਿਉਂ ਜੋ ਇਹ ਕਾਨੂੰਨ ਹੀ ਕਿਸਾਨਾਂ ਦਰਮਿਆਨ ਰੋਸ ਦੀ ਵਜ੍ਹਾ ਬਣੇ ਹੋਏ ਹਨ। ਚੰਨੀ ਨੇ ਦੱਸਿਆ ਕਿ ਉਹ ਉੱਤਰ ਪ੍ਰਦੇਸ਼ ’ਚ ਲਖੀਮਪੁਰ ਖੀਰੀ ਵਿਖੇ ਹਾਲ ਹੀ ’ਚ ਵਾਪਰੀ ਹਿੰਸਕ ਘਟਨਾ ਬਾਰੇ ਪ੍ਰਧਾਨ ਮੰਤਰੀ ਦਾ ਧਿਆਨ ਦਿਵਾਉਣਾ ਚਾਹੁੰਦੇ ਹਨ, ਜਿਸ ਨੇ ਹਰੇਕ ਮਨੁੱਖ ਦੀ ਰੂਹ ਨੂੰ ਝੰਜੋੜ ਕੇ ਰੱਖ ਦਿੱਤਾ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ 5 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਇਸ ਤੋਂ ਵੀ ਪੀੜਾਦਾਇਕ ਗੱਲ ਇਹ ਹੈ ਕਿ ਇਸ ਮੰਦਭਾਗੀ ਘਟਨਾ ’ਚ ਸਾਡੇ ਅੰਨਦਾਤਿਆਂ ਦੀ ਜਾਨ ਚਲੀ ਗਈ, ਜੋ ਖੇਤੀ ਕਾਨੂੰਨਾਂ ਵਿਰੁੱਧ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ। ਪ੍ਰਧਾਨ ਮੰਤਰੀ ਦੇ ਨਿੱਜੀ ਦਖਲ ਦੀ ਮੰਗ ਕਰਦਿਆਂ ਚੰਨੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਇਸ ਘਿਨੌਣੇ ਕਾਰੇ ਦੇ ਪਰਦੇ ਪਿਛਲੇ ਚਿਹਰੇ ਬੇਨਕਾਬ ਹੋਣੇ ਚਾਹੀਦੇ ਹਨ, ਭਾਵੇਂ ਉਹ ਕਿੰਨਾ ਵੀ ਅਰਸ-ਰਸੂਖ ਜਾਂ ਪਹੁੰਚ ਰੱਖਂਣ ਵਾਲਾ ਕਿਉਂ ਨਾ ਹੋਵੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਦੁਖਦਾਇਕ ਘਟਨਾ ਵਿਚ ਜਾਨਾਂ ਗੁਆ ਚੁੱਕੇ ਭੋਲੇ-ਭਾਲੇ ਕਿਸਾਨਾਂ ਲਈ ਇਨਸਾਫ ਛੇਤੀ ਦਿਵਾਉਣਾ ਯਕੀਨੀ ਬਣਾਇਆ ਜਾਵੇ। ਯਾਦ ਪੱਤਰ ’ਚ ਕਿਹਾ, “ਇਸ ਤੋਂ ਇਲਾਵਾ ਆਮ ਲੋਕ ਅਤੇ ਕਿਸਾਨ ਮੌਜੂਦਾ ਵਿਵਸਥਾ ਤੋਂ ਬੇਗਾਨਗੀ ਮਹਿਸੂਸ ਕਰ ਰਹੇ ਹਨ, ਜਿਸ ਨਾਲ ਜਮਹੂਰੀ ਕਦਰਾਂ-ਕੀਮਤਾਂ ਹੌਲੀ-ਹੌਲੀ ਖੇਰੂੰ-ਖੇਰੂੰ ਹੋਈਆਂ ਹਨ। ਇਹ ਸਹੀ ਮੌਕਾ ਹੈ ਕਿ ਲੋਕਤੰਤਰਿਕ ਵਿਵਸਥਾ ਵਿਚ ਲੋਕਾਂ ਦਾ ਭਰੋਸਾ ਤੇ ਵਿਸ਼ਵਾਸ ਬਹਾਲ ਕੀਤਾ ਜਾਵੇ, ਜਿਸ ਲਈ ਲੋਕਾਂ ਨੂੰ ਵਿਚਾਰ ਪ੍ਰਗਟਾਉਣ ਦੇ ਮੌਲਿਕ ਹੱਕ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਕਿ ਲੋਕ ਆਜ਼ਾਦਾਨਾ ਢੰਗ ਨਾਲ ਆਪਣੀਆਂ ਭਾਵਨਾਵਾਂ ਜ਼ਾਹਿਰ ਕਰ ਸਕਣ।

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤੀਜੀ ਵਾਰ ਵੀ ਕੈਪਟਨ ਅਮਰਿੰਦਰ ਸਿੰਘ ਨਹੀਂ ਹੋਏ ਹਾਜ਼ਰ

ਇਸ ਵੇਲੇ ਲੋਕ ਨਿਰਭੈ ਹੋ ਕੇ ਆਪਣੀਆਂ ਦੁੱਖ-ਮੁਸੀਬਤਾਂ ਜ਼ਾਹਿਰ ਕਰਨ ਲਈ ਘੁਟਨ ਮਹਿਸੂਸ ਕਰ ਰਹੇ ਹਨ।” ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਕਾਰਨ ਕਿਸਾਨਾਂ ’ਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਇਸ ਦੇ ਨਤੀਜੇ ਵਜੋਂ ਦੇਸ਼ ਭਰ ਤੋਂ ਕਿਸਾਨ ਸੰਗਠਨ ਬੜੇ ਔਖੇ ਹਾਲਾਤ ਜਿਵੇਂ ਕਿ ਕੋਵਿਡ-19 ਮਹਾਮਾਰੀ ਤੇ ਮੌਸਮ ਦੀ ਮਾਰ ਝੱਲਦੇ ਹੋਏ ਬੀਤੇ ਇਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤੀ ਕਾਨੂੰਨਾਂ ਖਿਲਾਫ ਜੰਗ ’ਚ ਹਿੱਸਾ ਲੈਂਦੇ ਹੋਏ ਕਈ ਕਿਸਾਨ ਆਪਣੀ ਜਾਨ ਤੋਂ ਹੱਥ ਧੋ ਬੈਠੇ ਹਨ, ਜਿਨ੍ਹਾਂ ਕਾਨੂੰਨਾਂ ਕਰਕੇ ਉਨ੍ਹਾਂ ਦੀ ਰੋਜ਼ੀ-ਰੋਟੀ ਖਤਰੇ ’ਚ ਪੈ ਗਈ ਹੈ ਅਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਨਸਲਾਂ ਦੇ ਭਵਿੱਖ ‘ਤੇ ਪ੍ਰਸ਼ਨ ਚਿੰਨ ਲੱਗ ਗਿਆ ਹੈ। ਚੰਨੀ ਨੇ ਕਿਹਾ ਕਿ ਇਹ ਬੜੀ ਹੈਰਾਨੀ ਦੀ ਗੱਲ ਹੇ ਕਿ ਜਿਨ੍ਹਾਂ ਕਿਸਾਨਾਂ ਨੇ ਸਾਡੇ ਦੇਸ਼ ਨੂੰ ਅੰਨ ਉਤਪਾਦਨ ’ਚ ਆਤਮ-ਨਿਰਭਰ ਬਣਾਇਆ, ਉਹੀ ਕਿਸਾਨ ਹੁਣ ਆਪਣੇ ਹੱਕਾਂ ਦੀ ਰਾਖੀ ਲਈ ਲੜਨ ਨੂੰ ਮਜਬੂਰ ਹਨ।

ਜ਼ਿਕਰਯੋਗ ਹੈ ਕਿ ਇਸ ਅੰਦੋਲਨ ਕਰਕੇ ਸਾਡੇ ਅਰਥਚਾਰੇ ‘ਤੇ ਕਾਫੀ ਬੁਰਾ ਪ੍ਰਭਾਵ ਪਿਆ ਹੈ, ਇਸ ਲਈ ਸਮੂਹ ਸਬੰਧਤ ਧਿਰਾਂ ਨੂੰ ਭਰੋਸੇ ਵਿੱਚ ਲੈਂਦੇ ਹੋਏ ਇਸ ਮਸਲੇ ਦਾ ਢੁੱਕਵਾਂ ਹੱਲ ਲੱਭਿਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੌਜੂਦਾ ਸਮੇਂ ਚੱਲ ਰਹੇ ਇਸ ਅੰਦੋਲਨ ਕਾਰਨ ਆਮ ਲੋਕਾਂ ਨੂੰ ਵੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਉਪ ਮੁੱਖ ਮੰਤਰੀ ਓ. ਪੀ. ਸੋਨੀ, ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਵਿਜੇਇੰਦਰ ਸਿੰਗਲਾ, ਰਣਦੀਪ ਸਿੰਘ ਨਾਭਾ, ਡਾ. ਰਾਜਕੁਮਾਰ ਵੇਰਕਾ, ਸੰਗਤ ਸਿੰਘ ਗਿਲਜੀਆਂ, ਪਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਗੁਰਕੀਰਤ ਸਿੰਘ ਕੋਟਲੀ ਵੀ ਸ਼ਾਮਿਲ ਸਨ।
 


author

Manoj

Content Editor

Related News