ਦੁੱਧ ਉਤਪਾਦਾਂ ’ਚ ਮਿਲਾਵਟਖੋਰੀ ਨੂੰ ਰੋਕਣ ਲਈ ਮੁੱਖ ਮੰਤਰੀ ਚੰਨੀ ਵਲੋਂ ਨਿਰਦੇਸ਼ ਜਾਰੀ

Thursday, Nov 18, 2021 - 04:29 PM (IST)

ਚੰਡੀਗੜ੍ਹ (ਬਿਊਰੋ) : ਦੁੱਧ ਅਤੇ ਦੁੱਧ ਉਤਪਾਦਾਂ ’ਚ ਮਿਲਾਵਟਖੋਰੀ ਨੂੰ ਰੋਕਣ ਲਈ ਸਖ਼ਤ ਰੁਖ ਅਪਣਾਉਂਦਿਆਂ ਮੁੱਖ ਮੰਤਰੀ ਚੰਨੀ ਨੇ ਲੋਕਾਂ ਦੀ ਸਿਹਤ ਲਈ ਵੱਡਾ ਖਤਰਾ ਬਣ ਰਹੇ ਇਸ ਖਤਰੇ ਨੂੰ ਠੱਲ੍ਹ ਪਾਉਣ ਲਈ ਕਿਸਾਨ ਜਥੇਬੰਦੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਹੈ। ਇਸ ਲਈ ਵੱਡੇ ਪੱਧਰ ’ਤੇ ਮੁਹਿੰਮ ਚਲਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਸ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਮੁੱਖ ਮੰਤਰੀ ਨੇ ਸਖ਼ਤ ਸ਼ਬਦਾਂ ’ਚ ਕਿਹਾ ਕਿ ਸੂਬਾ ਸਰਕਾਰ ਇਸ ਸਬੰਧੀ ਕਿਸੇ ਵੀ ਕਿਸਮ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕਰੇਗੀ ਅਤੇ ਸਿਹਤ, ਡੇਅਰੀ ਵਿਕਾਸ ਅਤੇ ਸਹਿਕਾਰਤਾ (ਮਿਲਕਫੈੱਡ) ਵਿਭਾਗਾਂ ਨੂੰ ਇਨ੍ਹਾਂ ਗੈਰ ਸਮਾਜਿਕ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ, ਜੋ ਲੋਕਾਂ ਦੀ ਜ਼ਿੰਦਗੀ ਨੂੰ ਖ਼ਤਰੇ ’ਚ ਪਾ ਰਹੇ ਹਨ। ਸਰਕਾਰੀ ਨੌਕਰੀਆਂ ’ਚ ਸੂਬੇ ਦੇ ਨੌਜਵਾਨਾਂ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸਰਕਾਰੀ ਨੌਕਰੀਆਂ ’ਚ ਪੰਜਾਬੀ ਨੌਜਵਾਨਾਂ ਨੂੰ ਲਗਭਗ 75 ਫੀਸਦੀ ਅਸਾਮੀਆਂ ਲਈ ਰਾਖਵੇਂਕਰਨ ਦੀ ਨੀਤੀ ਬਣਾਉਣ ਲਈ ਮੰਤਰੀ ਮੰਡਲ ਦੀ ਅਗਲੀ ਮੀਟਿੰਗ ’ਚ ਵਿਆਪਕ ਪ੍ਰਸਤਾਵ ਲਿਆਉਣ ਲਈ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 5.63 ਲੱਖ ਕਿਸਾਨ ਪਹਿਲਾਂ ਹੀ ਕਰਜ਼ਾ ਮੁਆਫ਼ੀ ਸਕੀਮ ਤਹਿਤ 4610.84 ਕਰੋੜ ਦਾ ਲਾਭ ਲੈ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ਸੂਬੇ ਭਰ ਦੇ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜਦੂਰਾਂ ਨੂੰ 520 ਕਰੋੜ ਰੁਪਏ ਦੀ ਰਾਹਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਗੰਨਾ ਉਤਪਾਦਕਾਂ ਨੂੰ ਸਭ ਤੋਂ ਵੱਧ ਸਟੇਟ ਐਗਰੀਡ ਪ੍ਰਾਈਸ (ਐੱਸ. ਏ. ਪੀ.) ਦਿੱਤਾ ਹੈ, ਜੋ ਕਿ 360 ਰੁਪਏ ਪ੍ਰਤੀ ਕੁਇੰਟਲ ਹੈ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਮੁੱਖ ਮੰਤਰੀ ਚੰਨੀ ’ਤੇ ਵਿਨ੍ਹਿਆ ਨਿਸ਼ਾਨਾ, ਲਗਾਏ ਵੱਡੇ ਦੋਸ਼

ਹਾਲਾਂਕਿ ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਨੇ 35 ਰੁਪਏ ਪ੍ਰਤੀ ਕੁਇੰਟਲ ਮੰਗ ਕਰਦਿਆਂ ਕਿਹਾ ਕਿ ਇਹ ਵਿੱਤੀ ਸਹਾਇਤਾ ਕਿਸਾਨਾਂ ਨੂੰ ਸਿੱਧੇ ਤੌਰ ’ਤੇ ਨਹੀਂ ਦਿੱਤੀ ਜਾਣੀ ਚਾਹੀਦੀ ਪਰ ਇਹ ਉਨ੍ਹਾਂ ਨੂੰ ਨਿੱਜੀ ਖੰਡ ਮਿੱਲਾਂ ਰਾਹੀਂ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਨ੍ਹਾਂ ਮਿੱਲਾਂ ਨੂੰ ਕਿਸਾਨਾਂ ਦੇ ਖਾਤਿਆਂ ’ਚ ਸਿੱਧੇ ਤੌਰ ’ਤੇ ਪੂਰਾ ਐੱਸ.ਏ.ਪੀ. ਟਰਾਂਸਫਰ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਗੰਨਾ ਉਤਪਾਦਕਾਂ ਦੀ ਸੰਤੁਸ਼ਟੀ ਲਈ ਇਸ ਮੁੱਦੇ ਨੂੰ ਹੱਲ ਕਰਨ ਲਈ ਨਿੱਜੀ ਖੰਡ ਮਿੱਲਾਂ ਦੇ ਮਾਲਕਾਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ। ਝੋਨੇ ਦੇ ਮੰਡੀਕਰਨ ਸੀਜ਼ਨ ਦੌਰਾਨ ਨਿਰਵਿਘਨ ਖਰੀਦ ਪ੍ਰੀਕਿਰਿਆ ’ਤੇ ਤਸੱਲੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ 35965 ਕਰੋੜ ਰੁਪਏ ’ਚੋਂ ਕਿਸਾਨਾਂ ਨੂੰ 33750 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਹੈ, ਜੋ ਕਿ ਖਰੀਦ ਦੇ ਕੁੱਲ ਭੁਗਤਾਨ ਦਾ 98 ਫ਼ੀਸਦ ਬਣਦਾ ਹੈ। ਉਨ੍ਹਾਂ ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਹਰ ਕੀਮਤ ’ਤੇ ਖਰੀਦਿਆ ਜਾਵੇਗਾ। ਮੁੱਖ ਮੰਤਰੀ ਨੇ ਐਗਰੀਕਲਚਰ ਪਰਪਜ਼ (ਏ. ਪੀ.) ਮੀਟਰਡ ਸ਼੍ਰੇਣੀ ਦੇ ਖਪਤਕਾਰਾਂ ਨੂੰ 500 ਕੁਨੈਕਸ਼ਨਾਂ ਲਈ ਮੁਫ਼ਤ ਬਿਜਲੀ ਦੇਣ ਦਾ ਐਲਾਨ ਵੀ ਕੀਤਾ, ਜਿਨ੍ਹਾਂ ਨੂੰ 2017 ’ਚ ਤਤਕਾਲ ਸਕੀਮ ਤਹਿਤ ਕੁਨੈਕਸ਼ਨ ਅਲਾਟ ਕੀਤੇ ਗਏ ਸਨ। ਇਨ੍ਹਾਂ ਖਪਤਕਾਰਾਂ ਨੂੰ ਹੁਣ ਖੇਤੀ ਖਪਤਕਾਰਾਂ ਦੇ ਬਰਾਬਰ ਮੁਫ਼ਤ ਬਿਜਲੀ ਮਿਲੇਗੀ। ਇਸ ਮੌਕੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪਰਗਟ ਸਿੰਘ, ਰਣਦੀਪ ਸਿੰਘ ਨਾਭਾ, ਰਾਜ ਕੁਮਾਰ ਵੇਰਕਾ, ਗੁਰਕੀਰਤ ਸਿੰਘ ਕੋਟਲੀ ਤੋਂ ਇਲਾਵਾ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਵਿੱਤ ਕਮਿਸ਼ਨਰ ਮਾਲ ਵੀ.ਕੇ. ਜੰਜੂਆ, ਵਿੱਤ ਕਮਿਸ਼ਨਰ ਵਿਕਾਸ ਡੀ.ਕੇ. ਤਿਵਾੜੀ ਅਤੇ ਪ੍ਰਮੁੱਖ ਸਕੱਤਰ ਵਿੱਤ ਕੇ. ਏ. ਪੀ. ਸਿਨਹਾ ਮੌਜੂਦ ਸਨ।

ਇਹ ਵੀ ਪੜ੍ਹੋ : ਡਿੰਪੀ ਢਿੱਲੋਂ ਦੀਆਂ ਬੱਸਾਂ ਦੇ ਪਰਮਿਟ ਰੱਦ ਕਰਨ ਤੋਂ ਭੜਕੇ ਟਰਾਂਸਪੋਰਟਰ, ਮੰਤਰੀ ਵੜਿੰਗ ਨੂੰ ਦਿੱਤਾ ਅਲਟੀਮੇਟਮ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 
 


Anuradha

Content Editor

Related News