ਕਿਸਾਨੀ ਸੰਕਟ ਸਬੰਧੀ ਮੁੱਖ ਮੰਤਰੀ ਚੰਨੀ ਤੁਰੰਤ ਬੁਲਾਉਣ ਸਰਬ ਪਾਰਟੀ ਬੈਠਕ : ਭਗਵੰਤ ਮਾਨ

Monday, Oct 04, 2021 - 04:14 PM (IST)

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਕ ਵਾਰ ਫਿਰ ਖੇਤੀ ਬਾਰੇ ਕਾਲੇ ਕਾਨੂੰਨਾਂ ਦੀ ਵਕਾਲਤ ਕੀਤੇ ਜਾਣ ਨੂੰ ਹਰ ਪੱਖੋਂ ਗਲਤ ਅਤੇ ਤਾਨਾਸ਼ਾਹੀ ਜ਼ਿੱਦ ਕਰਾਰ ਦਿੱਤਾ ਹੈ। ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ ਖੇਤੀ ਮਸਲਿਆਂ ਨੂੰ ਲੈ ਕੇ ਤੁਰੰਤ ਸਰਬ ਪਾਰਟੀ ਬੈਠਕ ਬੁਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਵਫ਼ਦ ਇਕਸੁਰ ਹੋ ਕੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰੇ ਅਤੇ ਕਾਲੇ ਕਾਨੂੰਨ ਨੂੰ ਰੱਦ ਕਰਾਉਣ ਲਈ ਦਬਾਅ ਬਣਾਵੇ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੰਨਦਾਤਾ ਦੇ ਹਿੱਤਾਂ ਦੀ ਰੱਖਿਆ ਲਈ ਯੂ-ਟਰਨ ਲੈ ਕੇ ਖੇਤੀ ਬਾਰੇ ਤਿੰਨੇ ਕਾਲੇ ਕਾਨੂੰਨ ਵਾਪਸ ਲੈ ਲੈਂਦੇ ਹਨ, ਇਸ ਨਾਲ ਉਨ੍ਹਾਂ ਦੀ ਸ਼ਾਨ ਨਹੀਂ ਘਟੇਗੀ, ਕਿਉਂਕਿ ਲੋਕਤੰਤਰ ਵਿਚ ਲੋਕ ਹਿੱਤਾਂ ਲਈ ਸਰਕਾਰਾਂ ਆਪਣੇ ਫੈਸਲੇ ਬਦਲ ਵੀ ਲੈਂਦੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਜਿਸ ਤਰਕਹੀਣਤਾ ਨਾਲ ਖੇਤੀ ਵਿਰੋਧੀ ਕਾਨੂੰਨਾਂ ਨੂੰ ਕ੍ਰਾਂਤੀਕਾਰੀ ਸਾਬਿਤ ਕਰਨ ਵਿਚ ਲੱਗੇ ਹੋਏ ਹਨ, ਉਸ ਤੋਂ ਇਕ ਗੱਲ ਸਾਫ਼ ਹੈ ਕਿ ਕਾਰਪੋਰੇਟ ਘਰਾਣਿਆਂ ਦੇ ਦਬਾਅ ਥੱਲੇ ਪ੍ਰਧਾਨ ਮੰਤਰੀ ਮੋਦੀ ਅੱਖਾਂ ’ਤੇ ਪੱਟੀ ਬੰਨ੍ਹ ਕੇ ਫ਼ੈਸਲੇ ਲੈ ਰਹੇ ਹਨ। ਨਤੀਜੇ ਵਜੋਂ ਕੇਂਦਰ ਸਰਕਾਰ ਨੂੰ ਵਿਨਾਸ਼ ਵਿਚੋਂ ਵਿਕਾਸ ਨਜ਼ਰ ਆ ਰਿਹਾ। ਪ੍ਰਧਾਨ ਮੰਤਰੀ ਮੋਦੀ ਦੀ ਦਲੀਲ ਕਿ ਉਨ੍ਹਾਂ ਨੇ ਕਿਸਾਨਾਂ ਦੇ ਹਿੱਤਾਂ ਨੂੰ ਦੇਖਦਿਆਂ ਖੇਤੀ ਕਾਨੂੰਨਾਂ ਬਾਰੇ ਕੋਈ ਸਖ਼ਤ ਫ਼ੈਸਲਾ ਨਹੀਂ ਲਿਆ ਹੈ, ’ਤੇ ਅਸਹਿਮਤੀ ਜਤਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸਦੇ ਉਲਟ ਇਹ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿਚ ਲਿਆ ਗਿਆ ਤਾਨਾਸ਼ਾਹੀ ਫ਼ੈਸਲਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਬਦਲੇ ਸਿਆਸੀ ਸਮੀਕਰਣਾਂ 'ਚ 'ਪਟਿਆਲਾ' ਦੇ ਕਾਂਗਰਸੀ ਹੋਏ ਸੁੰਨ

ਇਸ ਲਈ ਪ੍ਰਧਾਨ ਮੰਤਰੀ ਨੂੰ ਬਿਨਾਂ ਹਿਚਕਿਚਾਹਟ ਅਤੇ ਹੋਰ ਦੇਰੀ ਕੀਤਿਆਂ ਕਾਲੇ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ। ਸਾਰੀਆਂ ਫ਼ਸਲਾਂ ਦੀ ਖ਼ਰੀਦ ਤੇ ਘੱਟੋ ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਾਰੰਟੀ ਦਾ ਐਲਾਨ ਕਰਨਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਤੁਰੰਤ ਸਰਬ ਪਾਰਟੀ ਬੈਠਕ ਬੁਲਾਉਣੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਿਹਤਰ ਹੁੰਦਾ ਇਹ ਦਬਾਅ ਮੋਦੀ ਸਰਕਾਰ ’ਤੇ ਸ਼ੁਰੂ ਤੋਂ ਹੀ ਬਣਾਇਆ ਜਾਂਦਾ ਪਰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਅਦਾ ਕਰ ਕੇ ਵੀ ਸਰਬ ਪਾਰਟੀ ਵਫ਼ਦ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਬੂਹੇ ਤਕ ਨਹੀਂ ਲੈ ਕੇ ਜਾ ਸਕੇ। ਇਸ ਤੋਂ ਸਬਕ ਲੈਂਦੇ ਹੋਏ ਚੰਨੀ ਨੂੰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਕਈ ਮੰਤਰੀਆਂ ਸਮੇਤ ਡੇਰਾ ਬਿਆਸ ਪੁੱਜੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Anuradha

Content Editor

Related News