ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਤੇ ਮੁੱਖ ਮੰਤਰੀ ਨੇ ਅੱਜ ਸੱਦੀ ਮੀਟਿੰਗ

Sunday, Sep 27, 2026 - 09:37 AM (IST)

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਤੇ ਮੁੱਖ ਮੰਤਰੀ ਨੇ ਅੱਜ ਸੱਦੀ ਮੀਟਿੰਗ

ਚੰਡੀਗੜ੍ਹ (ਅੰਕੁਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਐਤਵਾਰ ਨੂੰ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਦੁਪਹਿਰ 1 ਵਜੇ ਮੁੱਖ ਮੰਤਰੀ ਰਿਹਾਇਸ਼ ਵਿਖੇ ਹੋਵੇਗੀ। ਮੀਟਿੰਗ ’ਚ ਕਮੇਟੀ ਦੇ ਸਾਰੇ ਮੈਂਬਰ ਸ਼ਾਮਲ ਹੋਣਗੇ। ਮੀਟਿੰਗ ਦੌਰਾਨ ਐਕਟ ਤਹਿਤ ਬਣਾਏ ਗਏ ਪ੍ਰਬੰਧਾਂ, ਨਿਯਮਾਂ ਅਤੇ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨਾਲ ਜੁੜੇ ਵੱਖ-ਵੱਖ ਪਹਿਲੂਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਸਰਕਾਰ ਮੁਤਾਬਕ ਕਮੇਟੀ ਦਾ ਗਠਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ, ਸਤਿਕਾਰ ਅਤੇ ਮਰਿਆਦਾ ਦੇ ਉੱਚ ਮਾਪਦੰਡਾਂ ਨੂੰ ਕਾਇਮ ਰੱਖਣ ਦੇ ਉਦੇਸ਼ ਨਾਲ ਕੀਤਾ ਗਿਆ ਹੈ।

ਕਮੇਟੀ ਐਕਟ ਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਇਸ ਦੇ ਵਿਹਾਰਕ ਲਾਗੂ ਕਰਨ ਨਾਲ ਸਬੰਧਿਤ ਮਾਮਲਿਆਂ ’ਤੇ ਵੀ ਚਰਚਾ ਕਰੇਗੀ। ਇਹ 7 ਮੈਂਬਰੀ ਤਾਲਮੇਲ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਣ ਅਤੇ ਅਹਿਮ ਮੁੱਦਿਆਂ ’ਤੇ ਆਪਣੇ ਸੁਝਾਅ ਤੇ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪਣ ਲਈ ਗਠਿਤ ਕੀਤੀ ਗਈ ਹੈ।ਤਾਲਮੇਲ ਕਮੇਟੀ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਰਾਮਪੁਰ ਖੇੜਾ ਦੇ ਸੰਤ ਬਾਬਾ ਸੇਵਾ ਸਿੰਘ, ਸੇਵਾਮੁਕਤ ਜੱਜ ਜਸਪਾਲ ਸਿੰਘ, ਸੇਵਾਮੁਕਤ ਜੱਜ ਗੁਰਬੀਰ ਸਿੰਘ, ਸਾਬਕਾ ਆਈ.ਪੀ.ਐੱਸ. ਅਧਿਕਾਰੀ ਅਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।


author

Babita

Content Editor

Related News