ਐੱਨ. ਆਰ. ਆਈਜ਼. ਮਿਲਣੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਖੀਆਂ ਵੱਡੀਆਂ ਗੱਲਾਂ

02/03/2024 6:58:15 PM

ਚਮਰੋੜ ਪੱਤਣ/ਪਠਾਨਕੋਟ (ਰਮਨਦੀਪ ਸਿੰਘ ਸੋਢੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ’ਚ ਵਸਦੇ ਐੱਨ. ਆਰ. ਆਈ. ਭਾਈਚਾਰੇ ਨੂੰ ਪੰਜਾਬ ਦੇ ਅਰਥਚਾਰੇ ਨੂੰ ਦੁਨੀਆ ਦੇ ਮੋਹਰੀ ਸੂਬੇ ਵਜੋਂ ਉਭਾਰਨ ਲਈ ਉਨ੍ਹਾਂ ਨੂੰ ਖੁੱਲ੍ਹੇ ਦਿਲ ਨਾਲ ਸਹਿਯੋਗ ਦੇਣ ਦਾ ਸੱਦਾ ਦਿੱਤਾ। ਇੱਥੇ ‘ਐੱਨ. ਆਰ. ਆਈ. ਮਿਲਣੀ’ ਦੌਰਾਨ ਪਰਵਾਸੀ ਪੰਜਾਬੀ ਭਾਈਚਾਰੇ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਐੱਨ. ਆਰ. ਆਈ. ਨੂੰ ਅਫਸਰਸ਼ਾਹੀ ਦੇ ਹੱਥੋਂ ਜ਼ਲਾਲਤ ਸਹਿਣੀ ਪੈਂਦੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਪਰਵਾਸੀ ਭਾਰਤੀਆਂ ਦੀ ਭਲਾਈ ਲਈ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਸੂਬੇ ’ਚ ਨਵਾਂ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸਿਰਫ਼ ਸ਼ੁਰੂਆਤ ਹੈ ਕਿਉਂਕਿ ਪਰਵਾਸੀ ਭਾਰਤੀਆਂ ਦਾ ਮਾਣ ਬਹਾਲ ਕਰਨ ਲਈ ਬਹੁਤ ਸਾਰੇ ਹੋਰ ਲੀਹੋਂ ਹਟਵੇਂ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ,“ਮੈਂ ਇਕ ਸਧਾਰਨ ਪਰਿਵਾਰ ’ਚ ਜੰਮਿਆ-ਪਲਿਆ ਹਾਂ ਜਿਸ ਕਰਕੇ ਜ਼ਮੀਨੀ ਪੱਧਰ ’ਤੇ ਚੰਗੀ ਤਰ੍ਹਾਂ ਜੁੜਿਆ ਹੋਇਆ ਹਾਂ, ਇਸ ਲਈ ਮੈਂ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂੰ ਹਾਂ। ਮੈਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਹੁਣ ਹਰੇਕ ਨਾਗਰਿਕ ਦੀ ਜਾਇਜ਼ ਸਮੱਸਿਆ ਦੇ ਹੱਲ ਲਈ ਉਨ੍ਹਾਂ ਦੀ ਸੇਵਾ ’ਚ ਹਾਜ਼ਰ ਹੈ। ਅਸੀਂ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵਚਨਬੱਧ ਹਾਂ।” ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ’ਚ ਵਿਦੇਸ਼ੀ ਨਿਵੇਸ਼ ਨੂੰ ਵਧਾਉਣ ਲਈ ਕਈ ਰਾਜਦੂਤਾਂ ਅਤੇ ਕੂਟਨੀਤਿਕਾਂ ਨੂੰ ਮਿਲੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ ਇੱਕ ਮਕਸਦ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਪੰਜਾਬ ਸੈਰ ਸਪਾਟਾ ਉਦਯੋਗ ਦੇ ਧੁਰੇ ਵਜੋਂ ਉਭਰੇਗਾ ਕਿਉਂਕਿ ਅਜਿਹੇ ਯਤਨਾਂ ਨੂੰ ਫਲ ਜ਼ਰੂਰ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਕਰਵਾਏ ਗਏ ਐੱਨ. ਆਰ. ਆਈ. ਸੰਮੇਲਨ ਮਹਿਜ਼ ਧੋਖਾ ਸਨ ਕਿਉਂਕਿ ਇਸ ’ਚੋਂ ਕੁਝ ਵੀ ਸਾਰਥਿਕ ਢੰਗ ਨਾਲ ਸਾਹਮਣੇ ਨਹੀਂ ਆਇਆ।

ਇਹ ਵੀ ਪੜ੍ਹੋ : ‘ਪੰਜਾਬ ਬਚਾਓ ਯਾਤਰਾ’ ਦਾ ਨਾਂ ਬਦਲ ਕੇ ‘ਅਕਾਲੀ ਦਲ ਬਚਾਓ ਯਾਤਰਾ’ ਰੱਖਿਆ ਜਾਵੇ : ਰਾਜਾ ਵੜਿੰਗ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦਾ ਅਮੀਰ ਸੱਭਿਆਚਾਰਕ ਵਿਰਸਾ ਲੋਕਾਂ ਨੂੰ ਦਿਖਾਉਣ ਲਈ ਰਮਣੀਕ ਅਤੇ ਕੁਦਰਤੀ ਸੁਦੰਰਤਾ ਨਾਲ ਲਬਰੇਜ਼ ਇਸ ਸਥਾਨ ’ਤੇ ਇਹ ਸਮਾਗਮ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀਆਂ ਨੂੰ ਇਸ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ,‘‘ਪੰਜਾਬ ਬਰਕਤ ਵਾਲੀ ਧਰਤੀ ਹੈ, ਜਿੱਥੇ ਕਣਕ ਅਤੇ ਝੋਨੇ ਦੀ ਏਨੀ ਜ਼ਿਆਦਾ ਪੈਦਾਵਾਰ ਹੁੰਦੀ ਹੈ ਕਿ ਦੇਸ਼ ਨੂੰ ਅਨਾਜ ਉਤਪਾਦਨ ’ਚ ਆਤਮ ਨਿਰਭਰ ਬਣਾਇਆ ਜਾ ਸਕਿਆ। ਇਹ ਬੜੇ ਦੁੱਖ ਦੀ ਗੱਲ ਹੈ ਕਿ ਪਹਿਲਾਂ ਵਾਲੇ ਆਗੂਆਂ ਨੇ ਸੂਬੇ ਦਾ ਸਰਮਾਇਆ ਲੁੱਟਿਆ ਜਿਸ ਕਾਰਨ ਸੂਬਾ ਤਰੱਕੀ ਅਤੇ ਖੁਸ਼ਹਾਲੀ ’ਚ ਪਛੜ ਗਿਆ ਹੈ। ਹੁਣ ਪੰਜਾਬ ਨੂੰ ਹਰ ਖੇਤਰ ’ਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ।” ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਕਿਸੇ ਵੀ ਵਿਅਕਤੀ ਖਾਸ ਕਰਕੇ ਕੇਂਦਰ ’ਚ ਸੱਤਾਧਾਰੀ ਲੋਕਾਂ ਤੋਂ ਦੇਸ਼ ਭਗਤੀ ਦਾ ਐੱਨ. ਓ. ਸੀ. ਦੀ ਲੋੜ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਦੌਰਾਨ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਦਿੱਤਾ ਸੀ, ਭਾਵੇਂ ਕਿ ਆਜ਼ਾਦੀ ਦੇ ਸੰਘਰਸ਼ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਸਹਿਣਯੋਗ ਹੈ ਕਿਉਂਕਿ ਉਨ੍ਹਾਂ ਨੂੰ ਸੂਬੇ ’ਚ ਦੇਸ਼ ਭਗਤੀ ਅਤੇ ਰਾਸ਼ਟਰਵਾਦ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਰੱਦ ਕਰਨ ਦਾ ਕੋਈ ਹੱਕ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਜਾਤ, ਰੰਗ, ਨਸਲ ਅਤੇ ਭੂਗੋਲਿਕ ਪੱਧਰ ਤੋਂ ਉਪਰ ਉਠ ਕੇ ਪਰਮਾਤਮਾ ਦੀ ਬਖਸ਼ਿਸ਼ ਸਦਕਾ ਜੀਵਨ ਦੇ ਹਰੇਕ ਖੇਤਰ ’ਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ’ਚ ਸ਼ਾਇਦ ਪੰਜਾਬੀ ਹੀ ਅਜਿਹਾ ਭਾਈਚਾਰਾ ਹੈ ਜੋ ਆਪਣੀ ਮਿਹਨਤ, ਇਮਾਨਦਾਰੀ ਅਤੇ ਵਚਨਬੱਧਤਾ ਦੇ ਬਲਬੂਤੇ ਕੋਈ ਵੀ ਔਖਾ ਤੋਂ ਔਖਾ ਕੰਮ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਾਨਦਾਰ ਬੁਨਿਆਦੀ ਢਾਂਚੇ, ਵਾਧੂ ਬਿਜਲੀ, ਵਧੀਆ ਸਿੱਖਿਆ ਅਤੇ ਸਿਹਤ ਸਹੂਲਤਾਂ ਦੇ ਮਾਮਲੇ ’ਚ ਪੰਜਾਬ ਨੂੰ ਵਿਕਾਸ ਦੀ ਤੇਜ਼ੀ ਗਤੀ ’ਤੇ ਲਿਆਉਣ ਲਈ ਠੋਸ ਉਪਰਾਲੇ ਕੀਤੇ ਹਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਵਲੋਂ ਪਰਵਾਸੀ ਪੰਜਾਬੀਆਂ ਨੂੰ ਅਪੀਲ, ਹੁਣ ਘਰ ਵਾਪਸੀ ਦਾ ਸਮਾਂ

ਜਜ਼ਬਾਤੀ ਸਾਂਝ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪ੍ਰਵਾਸੀ ਭਾਰਤੀ ਭਰਾਵਾਂ ਨੂੰ ਆਰਥਿਕ ਅਤੇ ਸਮਾਜਿਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਉਤਸ਼ਾਹਿਤ ਕਰਨ ’ਚ ਵੱਡਾ ਯੋਗਦਾਨ ਪਾਉਣ ਦੀ ਅਪੀਲ ਕੀਤੀ, ਜੋ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਭ ਤੋਂ ਵੱਧ ਸਭ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਨੂੰ ‘ਰਸਮੀ ਇਕੱਠ’ ਵਜੋਂ ਨਹੀਂ ਲਿਆ ਜਾਣਾ ਚਾਹੀਦਾ, ਸਗੋਂ ਇਸ ਨੂੰ ਸੂਬੇ ਦੀ ਬਿਹਤਰੀ ਲਈ ਵਿਚਾਰ-ਵਟਾਂਦਰੇ ਦੇ ਆਪਸੀ ਆਦਾਨ-ਪ੍ਰਦਾਨ ਵਿੱਚ ਤਬਦੀਲ ਕਰਕੇ ਸਿਹਤਮੰਦ ਮੰਚ ਵਜੋਂ ਵਰਤਿਆ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਸਿੱਖਿਆ ਅਤੇ ਸਿਹਤ ਸੰਭਾਲ ਦੇ ਖੇਤਰ ’ਚ ਪਰਵਾਸੀ ਭਾਰਤੀਆਂ ਦੇ ਸਹਿਯੋਗ ਲਈ ਉਮੀਦ ਜ਼ਾਹਰ ਕਰਦਿਆਂ ਕਿਹਾ ਕਿ ਇਸ ਨਾਲ ਇਨ੍ਹਾਂ ਮੁੱਖ ਖੇਤਰਾਂ ’ਚ ਕਈ ਯੋਜਨਾਵਾਂ ਅਤੇ ਪ੍ਰੋਜੈਕਟਾਂ ਨੂੰ ਵਿਉਂਦਬੰਦ ਕੀਤਾ ਜਾ ਸਕਦਾ ਹੈ।

PunjabKesari

ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਇਹ ਸਹੀ ਦਿਸ਼ਾ 
ਮੁੱਖ ਮੰਤਰੀ ਨੇ ਕਿਹਾ,“ਸਾਡੀ ਸਰਕਾਰ ਐੱਨ. ਆਰ. ਆਈ. ਭਾਈਚਾਰੇ ਦੇ ਜੀਵਨ ਨੂੰ ਵਿਦੇਸ਼ਾਂ ਵਾਂਗ ਸੁਖਾਂਵਾ ਅਤੇ ਸੁਹਾਵਣਾ ਬਣਾਉਣ ਲਈ ਉਨ੍ਹਾਂ ਦੀਆਂ ਖਾਹਿਸ਼ਾਂ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਕਿ ਪੰਜਾਬ ਨੂੰ ਉਨ੍ਹਾਂ ਦੇ ਸੁਪਨਿਆਂ ਦਾ ਘਰ ਬਣਾਇਆ ਜਾ ਸਕੇ। ਮੈਨੂੰ ਪੂਰਾ ਭਰੋਸਾ ਹੈ ਕਿ ‘ਵਤਨ ਵਾਪਸੀ’ ਦਾ ਰੁਝਾਨ ਸ਼ੁਰੂ ਹੋ ਗਿਆ ਹੈ ਜਿਸ ਨਾਲ ਇਹ ਨਾ ਸਿਰਫ਼ ਨੌਜਵਾਨਾਂ ਖਾਸ ਕਰਕੇ ਸੁਨਹਿਰੇ ਸੁਪਨਿਆਂ ਦੀ ਭਾਲ ’ਚ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਦੇ ਪਰਵਾਸ ਕਰਨ ਦੇ ਉੱਭਰੇ ਰੁਝਾਨ ਨੂੰ ਠੱਲ੍ਹ ਪਏਗੀ, ਸਗੋਂ ਪਰਵਾਸੀ ਭਾਰਤੀਆਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ’ਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨ ’ਚ ਮਹੱਤਵਪੂਰਨ ਭੂਮਿਕਾ ਅਦਾ ਕਰੇਗੀ।” ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਇਸ ਨੇਕ ਕਾਰਜ ਲਈ ਕਾਰਗਰ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਆਲਮੀ ਨਿਵੇਸ਼ਕਾਰ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪਿਛਲੇ 20 ਮਹੀਨਿਆਂ ਤੋਂ ਵੱਧ ਸਮੇਂ ਦੌਰਾਨ ਕੁਝ ਵੱਡੀਆਂ ਕੰਪਨੀਆਂ ਜਿਵੇਂ ਟਾਟਾ ਸਟੀਲ ਅਤੇ ਹੋਰਾਂ ਨੇ ਸੂਬੇ ’ਚ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਇਹ ਸਹੀ ਦਿਸ਼ਾ ਵਿੱਚ ਜਾ ਰਿਹਾ ਕਦਮ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਡੀ. ਜੀ. ਪੀ. ਦੇ ਸਖ਼ਤ ਹੁਕਮ, ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਜਾਰੀ ਕੀਤੀਆਂ ਇਹ ਹਦਾਇਤਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e


Anuradha

Content Editor

Related News