ਮੁੱਖ ਮੰਤਰੀ ਮਾਨ ਵੱਲੋਂ ਆਟੇ ਅਤੇ ਕਣਕ ਦੀ ਹੋਮ ਡਿਲਿਵਰੀ ਨੂੰ ਲੈ ਕੇ ਨਵੇਂ ਹੁਕਮ ਜਾਰੀ

Friday, May 20, 2022 - 07:59 PM (IST)

ਮੁੱਖ ਮੰਤਰੀ ਮਾਨ ਵੱਲੋਂ ਆਟੇ ਅਤੇ ਕਣਕ ਦੀ ਹੋਮ ਡਿਲਿਵਰੀ ਨੂੰ ਲੈ ਕੇ ਨਵੇਂ ਹੁਕਮ ਜਾਰੀ

ਚੰਡੀਗੜ੍ਹ(ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖ਼ੁਰਾਕ ਸੁਰੱਖਿਆ ਐਕਟ 2013 ਤਹਿਤ ਕਣਕ ਦੀ ਸੁਚੱਜੀ ਵੰਡ ਦੀ ਨਿਗਰਾਨੀ  ਦੇ ਮੱਦੇਨਜ਼ਰ ਜ਼ਿਲ੍ਹਾ, ਬਲਾਕ ਅਤੇ ਡਿਪੂ ਪੱਧਰ 'ਤੇ ਵਿਜੀਲੈਂਸ ਕਮੇਟੀਆਂ ਦੇ ਗਠਨ ਦੇ ਹੁਕਮ ਦਿੱਤੇ ਹਨ। ਇਹ ਕਮੇਟੀਆਂ ਆਟੇ ਦੀ ਹੋਮ ਡਿਲਿਵਰੀ ਦੀ ਨਿਗਰਾਨੀ ਵੀ ਕਰਨਗੀਆਂ, ਜੋ ਨੇੜਲੇ ਭਵਿੱਖ ਵਿੱਚ ਸ਼ੁਰੂ ਹੋਣ ਵਾਲੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੌਜੂਦਾ ਸਰਕਾਰ ਨੇ ਪ੍ਰਸ਼ਾਸਨ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ ਅਤੇ ਇਸ ਲਈ ਇਨ੍ਹਾਂ ਸਾਰੀਆਂ ਕਮੇਟੀਆਂ ਵਿੱਚ ਜਨਤਕ ਪ੍ਰਤੀਨਿਧਤਾ ਹੋਵੇਗੀ।

ਇਹ ਵੀ ਪੜ੍ਹੋ:  PM ਮੋਦੀ ਨਾਲ ਮੁਲਾਕਾਤ ਕਰਨਗੇ ਸੁਨੀਲ ਜਾਖੜ, ਵੱਡੀ ਜ਼ਿੰਮੇਵਾਰੀ ਸੌਂਪਣ ਦੇ ਮੂਡ ’ਚ ਭਾਜਪਾ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਵਿਜੀਲੈਂਸ ਕਮੇਟੀਆਂ ਨੂੰ ਐੱਨ. ਐੱਫ. ਐੱਸ. ਏ. ਐਕਟ ਅਧੀਨ ਸਾਰੀਆਂ ਸਕੀਮਾਂ ਨੂੰ ਲਾਗੂ ਕਰਨ ਦੀ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਕਮੇਟੀ ਇਨ੍ਹਾਂ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਉਲੰਘਣਾ, ਕੁਤਾਹੀ ਜਾਂ ਫੰਡਾਂ ਦੀ ਦੁਰਵਰਤੋਂ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਿਖਤੀ ਰੂਪ ਵਿੱਚ ਸੂਚਿਤ ਕਰੇਗੀ।

ਇਹ ਵੀ ਪੜ੍ਹੋ: CM ਮਾਨ ਦੀ ਸਿਹਤ ਅਧਿਕਾਰੀਆਂ ਨਾਲ ਬੈਠਕ, ਪੰਜਾਬ ਵਾਸੀਆਂ ਨੂੰ ਇਕ ਹੋਰ ਤੋਹਫ਼ਾ ਦੇਣ ਦਾ ਐਲਾਨ

ਕਮੇਟੀਆਂ ਬਾਰੇ ਹੋਰ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ’ਚ ਸਮਾਜ ਦੇ ਸਾਰੇ ਵਰਗਾਂ ਦੀ ਨਿਰਪੱਖ ਨੁਮਾਇੰਦਗੀ ਹੋਵੇਗੀ ਭਾਵੇਂ ਉਹ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਔਰਤਾਂ ਜਾਂ ਸਕੀਮ ਦੇ ਅਸਲ ਲਾਭਪਾਤਰੀ ਹੋਣ। ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਇਹ ਕਮੇਟੀਆਂ ਆਪਣਾ ਕੰਮ ਨਿਰਪੱਖਤਾ ਨਾਲ ਕਰਦੇ ਹੋਏ ਸਮਾਜ ਦੇ ਗ਼ਰੀਬ ਵਰਗ ਦੇ ਹਿੱਤਾਂ ਦੀ ਅਗਵਾਈ ਕਰਨਗੀਆਂ । ਦੱਸ ਦਈਏ ਕਿ ਰਾਜ ਸਰਕਾਰ ਵੱਲੋਂ 5 ਕਿਲੋ ਕਣਕ ਪ੍ਰਤੀ ਲਾਭਪਾਤਰੀ ਪ੍ਰਤੀ ਮਹੀਨਾ ਦੇ ਹਿਸਾਬ ਨਾਲ 1.5 ਕਰੋੜ ਵਿਅਕਤੀਆਂ ਨੂੰ ਵੰਡੀ ਜਾ ਰਹੀ ਹੈ ਜਿਸ ਨਾਲ 40 ਲੱਖ ਪਰਿਵਾਰਾਂ ਨੂੰ ਲਾਭ ਮਿਲ ਰਿਹਾ ਹੈ। ਹਾਲ ਹੀ ਵਿੱਚ ਮੰਤਰੀ ਮੰਡਲ ਨੇ ਲਾਭਪਾਤਰੀਆਂ ਨੂੰ ਆਟੇ ਦੀ ਹੋਮ ਡਿਲਿਵਰੀ ਸ਼ੁਰੂ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ, ਜੋ ਕਿ 1 ਅਕਤੂਬਰ, 2022 ਤੋਂ ਸ਼ੁਰੂ ਹੋ ਜਾਵੇਗੀ।

ਇਹ ਵੀ ਪੜ੍ਹੋ: ਲੋਕ ਸਭਾ ਹਲਕਾ ਸੰਗਰੂਰ 'ਚ ਜ਼ਿਮਨੀ ਚੋਣ ਦੀ ਆਹਟ, 'ਆਪ' ਦੇ ਸੰਭਾਵੀ ਉਮੀਦਵਾਰ 'ਤੇ ਟਿਕੀਆਂ ਨਜ਼ਰਾਂ

ਨੋਟ: ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ


author

Harnek Seechewal

Content Editor

Related News