ਮੁੱਖ ਮੰਤਰੀ ਮਾਨ ਨੇ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ, ਬੋਲੇ- ''''ਪੰਜਾਬ ਲਈ ਚਟਾਨ ਵਾਂਗ ਖੜ੍ਹਾ ਹਾਂ''''
Tuesday, Nov 18, 2025 - 06:19 PM (IST)
ਨੈਸ਼ਨਲ ਡੈਸਕ : ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਖਾਤਰ ਚਟਾਨ ਵਾਂਗ ਖੜ੍ਹਾ ਹਾਂ ਅਤੇ ਕਿਸੇ ਨੂੰ ਪੰਜਾਬ ਦੇ ਹੱਕ ਖੋਹਣ ਦੀ ਇਜਾਜ਼ਤ ਨਹੀਂ ਦੇਵਾਂਗਾ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਦਿਨ ਉੱਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਦੌਰਾਨ ਸਾਰੇ ਮੈਂਬਰ ਸੂਬਿਆਂ ਨੇ ਆਪੋ-ਆਪਣੇ ਮਸਲਿਆਂ ਉਤੇ ਰਾਏ ਰੱਖੀ ਸੀ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਸਮੇਤ ਬਹੁਤੇ ਸੂਬੇ ਪੰਜਾਬ ਦੇ ਹੱਕਾਂ ਉਤੇ ਡਾਕਾ ਮਾਰਨ ਲਈ ਪੱਬਾਂ ਭਾਰ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਦਕਿਸਮਤੀ ਨਾਲ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਸਾਡੇ ਹੱਕ ਖੋਹਣ ਲਈ ਬੇਲੋੜਾ ਦਬਾਅ ਬਣਾ ਰਹੇ ਹਨ।
ਪੜ੍ਹੋ ਇਹ ਵੀ : 20 ਸਾਲਾਂ ਤੱਕ ਨਹੀਂ ਮਿਲੇਗੀ PR! ਯੂਕੇ ਸਰਕਾਰ ਦਾ ਪ੍ਰਵਾਸੀਆਂ ਨੂੰ ਵੱਡਾ ਝਟਕਾ
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੂਬਿਆਂ ਦੀ ਗੈਰ-ਜ਼ਿੰਮੇਵਾਰ ਲੀਡਰਸ਼ਿਪ ਨੇ ਸੂਬੇ ਦੇ ਸਰੋਤਾਂ ਅਤੇ ਇੱਥੋਂ ਤੱਕ ਕਿ ਦਰਿਆਈ ਪਾਣੀਆਂ ਵਿੱਚ ਹਿੱਸਾ ਪਾਉਣ ਦੀ ਅਨਿਆਂਪੂਰਨ ਮੰਗ ਕਰਕੇ ਉੱਤਰੀ ਜ਼ੋਨਲ ਵਰਗੇ ਵੱਕਾਰੀ ਪਲੇਟਫਾਰਮ ਦਾ ਮਜ਼ਾਕ ਉਡਾਇਆ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਸਾਰੇ ਮੈਂਬਰ ਸੂਬਿਆਂ ਨੇ ਆਪਣੇ ਵਿਚਾਰ ਰੱਖੇ ਅਤੇ ਸੂਬੇ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਨੇ ਵੀ ਪੰਜਾਬ ਦਾ ਪੱਖ ਪੇਸ਼ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁੱਲ 28 ਏਜੰਡਾ ਆਈਟਮਾਂ ਵਿੱਚੋਂ 11 ਸੂਬੇ ਨਾਲ ਸਬੰਧਤ ਸਨ ਅਤੇ ਪਹਿਲੀ ਵਾਰ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਇਨ੍ਹਾਂ ਸਾਰਿਆਂ ਨੂੰ ਮੁਲਤਵੀ ਕਰ ਦਿੱਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁੱਦੇ ਅਸਲ ਵਿੱਚ ਅਕਾਲੀਆਂ, ਭਾਜਪਾ ਅਤੇ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਦੁਆਰਾ ਪੰਜਾਬ ਅਤੇ ਇਸ ਦੇ ਲੋਕਾਂ ਲਈ ਬੀਜੇ ਗਏ ਕੰਡੇ ਹਨ। ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਦਰਿਆਈ ਪਾਣੀਆਂ 'ਤੇ ਰੌਲਾ ਪਾ ਰਹੇ ਹਨ, ਉਨ੍ਹਾਂ ਨੂੰ ਇੱਕ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਦਰਿਆਈ ਪਾਣੀਆਂ ਦੀ ਉਪਲਬਧਤਾ ਦੇ ਅਸਲ ਸਮੇਂ ਦਾ ਮੁਲਾਂਕਣ ਕੀਤਾ ਜਾਣਾ ਚਾਹੀਦਾ ਹੈ ਜਿਸ ਲਈ ਪਾਣੀ ਦੀ ਮੌਜੂਦਗੀ ਦੀ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਦਰਿਆਈ ਪਾਣੀਆਂ, ਰਾਜਧਾਨੀ, ਪੰਜਾਬ ਯੂਨੀਵਰਸਿਟੀ ਅਤੇ ਹੈੱਡ ਵਰਕਸ ਬਾਰੇ ਬੋਲਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਹਰ ਦੂਜਾ ਸੂਬਾ ਪੰਜਾਬ ਦੇ ਅਧਿਕਾਰਾਂ ਵਿੱਚੋਂ ਹਿੱਸਾ ਮੰਗ ਰਿਹਾ ਹੈ, ਜੋ ਕਿ ਪੂਰੀ ਤਰ੍ਹਾਂ ਨਾਜਾਇਜ਼ ਹੈ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਪੜ੍ਹੋ ਇਹ ਵੀ : Airport 'ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ! ਸ਼ਾਰਜਾਹ ਤੋਂ ਆਏ ਯਾਤਰੀ ਤੋਂ 1.55 ਕਰੋੜ ਦਾ ਸੋਨਾ ਬਰਾਮਦ
ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ ਕਿ ਹਰਿਆਣਾ ਨੇ ਬਹੁਤ ਹੀ ਅਜੀਬ ਜਿਹੀ ਮੰਗ ਕੀਤੀ ਹੈ ਕਿ ਪੰਜਾਬ ਨੂੰ ਭਾਖੜਾ ਮੇਨ ਲਾਈਨ (ਬੀ.ਐਮ.ਐਲ.) 'ਤੇ ਮਿੰਨੀ ਹਾਈਡਲ ਪ੍ਰੋਜੈਕਟਾਂ ਦੇ ਨਿਰਮਾਣ ਤੋਂ ਰੋਕਿਆ ਜਾਵੇ ਕਿਉਂਕਿ ਇਸ ਨਾਲ ਪਾਣੀ ਦੇ ਵਹਾਅ ਵਿੱਚ ਰੁਕਾਵਟ ਪੈਦਾ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਹਰਿਆਣਾ ਦੀ ਭੋਲੀ ਲੀਡਰਸ਼ਿਪ ਅਜਿਹੇ ਬੇਹੂਦਾ ਮਸਲੇ ਖੜ੍ਹੇ ਰਹੀ ਹੈ ਜੋ ਬੇਬੁਨਿਆਦ ਅਤੇ ਤੱਥਾਂ ਤੋਂ ਬਹੁਤ ਦੂਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਦੇ ਮੁੱਦੇ ਸਿਰਫ ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.) ਰਾਹੀਂ ਹੀ ਹੱਲ ਕੀਤੇ ਜਾ ਸਕਦੇ ਹਨ, ਜੋ ਯਮੁਨਾ ਦੇ ਪਾਣੀ ਦੀ ਸਮਝਦਾਰੀ ਨਾਲ ਵਰਤੋਂ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਐਸ.ਵਾਈ.ਐਲ. ਰਾਹੀਂ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਪਾਣੀ ਦੀ ਉਪਲਬਧਤਾ ਬਾਰੇ ਵਿਗਿਆਨਕ ਆਧਾਰ ਉਤੇ ਹਿਸਾਬ ਨਹੀਂ ਲਾਇਆ ਗਿਆ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਇਸ ਬਾਰੇ ਸਵਾਲ ਹੀ ਪੈਦਾ ਨਹੀਂ ਹੁੰਦਾ। ਪਾਣੀ ਨਾਲ ਸਬੰਧਤ ਮੁੱਦੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੰਧੂ ਜਲ ਸੰਧੀ ਰੱਦ ਹੋਣ ਦੇ ਮੱਦੇਨਜ਼ਰ ਸਬੰਧਤ ਸੂਬਿਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਨੂੰ ਦੇਖਦਿਆਂ ਇਹ ਪਾਣੀ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ ਇੱਕ ਵਧੀਆ ਮੌਕਾ ਹੈ। ਉਨ੍ਹਾਂ ਕਿਹਾ ਕਿ ਚਨਾਬ ਦਰਿਆ ਨੂੰ ਰਾਵੀ ਅਤੇ ਬਿਆਸ ਦਰਿਆਵਾਂ ਨਾਲ ਜੋੜਨ ਦੀ ਸੰਭਾਵਨਾ ਹੈ, ਜਿਸ ਸਬੰਧੀ ਸਾਡੇ ਕੋਲ ਪਹਿਲਾਂ ਹੀ ਪਾਣੀ ਦੇ ਵਹਾਅ ਨੂੰ ਨਿਯਮਤ ਕਰਨ ਵਾਲੇ ਡੈਮ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚਨਾਬ ਦਰਿਆ ਨੂੰ ਰਾਵੀ ਅਤੇ ਬਿਆਸ ਦਰਿਆਵਾਂ ਨਾਲ ਜੋੜਨ 'ਤੇ ਵਾਧੂ ਪਾਣੀ ਦੇ ਵਹਾਅ ਨੂੰ ਹੇਠਲੇ ਰਾਜਾਂ ਦੁਆਰਾ ਬਿਜਲੀ ਉਤਪਾਦਨ ਅਤੇ ਸਿੰਚਾਈ ਦੋਵਾਂ ਉਦੇਸ਼ਾਂ ਲਈ ਲਾਭਦਾਇਕ ਢੰਗ ਨਾਲ ਵਰਤਿਆ ਜਾ ਸਕਦਾ ਹੈ।
ਪੜ੍ਹੋ ਇਹ ਵੀ : ਚੋਣ ਨਤੀਜਿਆਂ ਦੀ ਬਹਿਸ ਨੇ ਧਾਰਿਆ ਖੂਨੀ ਰੂਪ, 2 ਭਰਾਵਾਂ ਨੇ ਇੰਝ ਕੀਤਾ ਭਤੀਜੇ ਦਾ ਕਤਲ, ਕੰਬੀ ਰੂਹ
ਮੁੱਖ ਮੰਤਰੀ ਨੇ ਕਿਹਾ ਕਿ ਰਾਜਸਥਾਨ ਤੋਂ ਬੀ.ਬੀ.ਐਮ.ਬੀ. ਵਿੱਚ ਮੈਂਬਰ ਦੀ ਸਥਾਈ ਨਿਯੁਕਤੀ ਬਾਰੇ ਪੰਜਾਬ ਨੇ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਪੰਜਾਬ ਪੁਨਰਗਠਨ ਐਕਟ, 1966 ਦੇ ਅਧੀਨ ਗਠਿਤ ਸੰਸਥਾ ਹੈ, ਜੋ ਸਿਰਫ ਉੱਤਰਾਧਿਕਾਰੀ ਰਾਜਾਂ ਪੰਜਾਬ ਅਤੇ ਹਰਿਆਣਾ ਨਾਲ ਸਬੰਧਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਮੈਂਬਰਾਂ ਦੀ ਨਿਯੁਕਤੀ ਲਈ ਇੱਕ ਪੈਨਲ ਪੇਸ਼ ਕੀਤਾ ਹੈ ਅਤੇ ਭਾਰਤ ਸਰਕਾਰ ਪੰਜਾਬ ਅਤੇ ਹਰਿਆਣਾ ਤੋਂ ਇੱਕ-ਇੱਕ ਮੈਂਬਰ ਦੀ ਅਸਲ ਵਿਵਸਥਾ ਨੂੰ ਜਾਰੀ ਰੱਖੇ ਕਿਉਂਕਿ ਪੂਰੇ ਸਮੇਂ ਦੀ ਵਾਧੂ ਅਸਾਮੀ ਲਈ ਨਾ ਸਿਰਫ ਖਰਚਾ ਵਧੇਗਾ ਜਿਸ ਨੂੰ ਬਿਨਾਂ ਕਿਸੇ ਉਦੇਸ਼ ਦੇ ਪੰਜਾਬ ਨੂੰ ਸਹਿਣ ਕਰਨਾ ਪਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕਰਨ ਦੀ ਜ਼ੋਰਦਾਰ ਅਪੀਲ ਕੀਤੀ ਸੀ ਅਤੇ ਕਿਹਾ ਕਿ ਸੂਬੇ ਦੇ ਪੁਨਰਗਠਨ ਤੋਂ ਬਾਅਦ 1970 ਦੇ ਇੰਦਰਾ ਗਾਂਧੀ ਸਮਝੌਤੇ ਵਿੱਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਸੀ ਕਿ "ਚੰਡੀਗੜ੍ਹ ਦਾ ਰਾਜਧਾਨੀ ਪ੍ਰੋਜੈਕਟ ਖੇਤਰ, ਸਮੁੱਚੇ ਤੌਰ 'ਤੇ ਪੰਜਾਬ ਨੂੰ ਜਾਵੇਗਾ, ਜੋ ਕਿ ਕੇਂਦਰ ਸਰਕਾਰ ਦੀ ਸਪੱਸ਼ਟ ਵਚਨਬੱਧਤਾ ਸੀ। ਉਨ੍ਹਾਂ ਕਿਹਾ ਕਿ 24 ਜੁਲਾਈ, 1985 ਨੂੰ ਤਤਕਾਲੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਅਤੇ ਸੰਤ ਹਰਚੰਦ ਸਿੰਘ ਲੌਂਗੋਵਾਲ ਵਿਚਕਾਰ ਹੋਏ ਰਾਜੀਵ-ਲੌਂਗੋਵਾਲ ਸਮਝੌਤੇ ਨੇ ਸਪੱਸ਼ਟ ਤੌਰ 'ਤੇ ਪੁਸ਼ਟੀ ਕੀਤੀ ਸੀ ਕਿ ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਹਾਲਾਂਕਿ ਸਾਰੇ ਵਾਅਦਿਆਂ ਦੇ ਬਾਵਜੂਦ ਚੰਡੀਗੜ੍ਹ ਨੂੰ ਪੰਜਾਬ ਹਵਾਲੇ ਨਹੀਂ ਕੀਤਾ ਗਿਆ ਜਿਸ ਨੇ ਹਰ ਪੰਜਾਬੀ ਦੇ ਮਨ ਨੂੰ ਠੇਸ ਪਹੁੰਚਾਈ ਹੈ।
ਪੜ੍ਹੋ ਇਹ ਵੀ : ਰੂਹ ਕੰਬਾਊ ਹਾਦਸਾ: ਬੇਕਾਬੂ ਕਾਰ ਨੇ ਬਾਰਾਤੀਆਂ ਨੂੰ ਦਰੜਿਆ, 5 ਲੋਕਾਂ ਦੀ ਦਰਦਨਾਕ ਮੌਤ
ਚੰਡੀਗੜ੍ਹ ਯੂਟੀ ਦੇ ਕੰਮਕਾਜ ਵਿੱਚ ਪੰਜਾਬ ਅਤੇ ਹਰਿਆਣਾ ਦੇ ਸੇਵਾ ਕਰਮਚਾਰੀਆਂ ਦੀ ਭਰਤੀ ਦੇ 60:40 ਅਨੁਪਾਤ ਨੂੰ ਬਰਕਰਾਰ ਰੱਖਣ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਆਈਏਐਸ ਅਤੇ ਪੀਸੀਐਸ ਦੇ ਅਧਿਕਾਰੀਆਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਮੁੱਖ ਅਹੁਦਿਆਂ ਤੋਂ ਬਾਹਰ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਬਕਾਰੀ, ਸਿੱਖਿਆ, ਵਿੱਤ ਅਤੇ ਸਿਹਤ ਵਰਗੇ ਵਿਭਾਗਾਂ ਵਿੱਚ ਅਸਾਮੀਆਂ ਨੂੰ ਸਟੇਟ ਯੂਟੀ ਕੇਡਰ (ਡੀਏਐਨਆਈਸੀਐਸ) ਵਰਗੇ ਕੇਡਰਾਂ ਲਈ ਖੋਲ੍ਹਿਆ ਜਾ ਰਿਹਾ ਹੈ, ਜਿਸ ਨਾਲ ਯੂਟੀ ਪ੍ਰਸ਼ਾਸਨ ਦੇ ਪ੍ਰਭਾਵਸ਼ਾਲੀ ਕੰਮਕਾਜ ਵਿੱਚ ਪੰਜਾਬ ਰਾਜ ਦੀ ਭੂਮਿਕਾ 'ਤੇ ਮਾੜਾ ਪ੍ਰਭਾਵ ਪੈ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇੱਕ ਹੋਰ ਜੁੜਿਆ ਮੁੱਦਾ ਪੰਜਾਬ ਕੇਡਰ ਦੇ ਅਧਿਕਾਰੀਆਂ ਨੂੰ ਜਨਰਲ ਮੈਨੇਜਰ ਐਫ.ਸੀ.ਆਈ (ਪੰਜਾਬ) ਦੇ ਅਹੁਦੇ 'ਤੇ ਤਾਇਨਾਤ ਕਰਨਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਪੂਲ ਵਿੱਚ ਪੰਜਾਬ ਰਾਜ ਦੇ ਲਗਾਤਾਰ ਵੱਡੇ ਯੋਗਦਾਨ ਨੂੰ ਦੇਖਦਿਆਂ ਭਾਰਤ ਸਰਕਾਰ ਨੂੰ ਪੰਜਾਬ ਕੇਡਰ ਦੇ ਆਈ.ਏ.ਐਸ. ਅਧਿਕਾਰੀ ਨੂੰ ਐਫ.ਸੀ.ਆਈ. ਦੇ ਰੀਜ਼ਨਲ ਦਫ਼ਤਰ ਵਿੱਚ ਤਾਇਨਾਤ ਕਰਨ ਦੇ ਸਥਾਪਿਤ ਰੁਝਾਨ ਨੂੰ ਭੰਗ ਨਹੀਂ ਕਰਨਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਮ.ਡੀ. ਸਿਟਕੋ ਦਾ ਅਹੁਦਾ ਪਹਿਲਾਂ ਤੋਂ ਪੰਜਾਬ ਕੇਡਰ ਦੇ ਆਈ.ਏ.ਐਸ. ਅਧਿਕਾਰੀ ਕੋਲ ਰਿਹਾ ਹੈ, ਜਦ ਕਿ ਹੁਣ ਯੂ.ਟੀ. ਸਟੇਸ ਸਰਵਿਸ ਆਫ਼ਿਸਰਜ਼ ਨੂੰ ਇਸ ਅਹੁਦੇ 'ਤੇ ਤਾਇਨਾਤ ਕੀਤਾ ਜਾ ਰਿਹਾ ਹੈ, ਜੋ ਕਿ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਨ ਵਿੱਚ ਪੰਜਾਬ ਅਤੇ ਹਰਿਆਣਾ ਤੋਂ ਕਰਮਚਾਰੀਆਂ ਦੀ ਭਰਤੀ ਦੇ 60:40 ਦੇ ਨਿਰਧਾਰਤ ਅਨੁਪਾਤ ਦੇ ਵਿਰੁੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਲਗਭਗ 13,500 ਕਰੋੜ ਰੁਪਏ ਦਾ ਭਾਰੀ ਨੁਕਸਾਨ ਹੋਇਆ ਹੈ ਪਰ ਫਿਰ ਵੀ ਅਸੀਂ ਰਾਸ਼ਟਰੀ ਖੁਰਾਕ ਪੂਲ ਵਿੱਚ 150 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਝੋਨੇ ਦਾ ਯੋਗਦਾਨ ਪਾ ਰਹੇ ਹਾਂ। ਭਗਵੰਤ ਸਿੰਘ ਮਾਨ ਨੇ ਰੋਪੜ, ਹਰੀਕੇ ਅਤੇ ਫਿਰੋਜ਼ਪੁਰ ਹੈੱਡਵਰਕਸ ਦਾ ਕੰਟਰੋਲ ਬੀਬੀਐਮਬੀ ਨੂੰ ਤਬਦੀਲ ਕਰਨ ਦੇ ਪ੍ਰਸਤਾਵ ਦਾ ਵੀ ਵਿਰੋਧ ਕੀਤਾ ਕਿਉਂਕਿ ਇਹ ਹੈੱਡਵਰਕਸ ਪੂਰੀ ਤਰ੍ਹਾਂ ਪੰਜਾਬ ਦੇ ਅੰਦਰ ਸਥਿਤ ਹਨ ਅਤੇ ਹਮੇਸ਼ਾ ਰਾਜ ਦੁਆਰਾ ਸੰਚਾਲਿਤ ਅਤੇ ਰੱਖ-ਰਖਾਅ ਕੀਤੇ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਕਿਤੇ ਵੀ ਕਿਸੇ ਰਾਜ ਦੇ ਹੈੱਡਵਰਕਸ ਕਿਸੇ ਬਾਹਰੀ ਏਜੰਸੀ ਦੁਆਰਾ ਨਹੀਂ ਚਲਾਏ ਜਾ ਰਹੇ ਅਤੇ ਜੇਕਰ ਹੈੱਡਵਰਕਸ ਦਾ ਕੰਟਰੋਲ ਵੀ ਪੰਜਾਬ ਤੋਂ ਖੋਹ ਲਿਆ ਜਾਂਦਾ ਹੈ ਤਾਂ ਸੂਬੇ ਨੂੰ ਹੜ੍ਹਾਂ ਨਾਲ ਨਜਿੱਠਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।
ਪੜ੍ਹੋ ਇਹ ਵੀ : 1 ਦਸੰਬਰ ਤੋਂ ਬਿਜਲੀ ਬਿੱਲ 'ਤੇ ਮਿਲੇਗੀ ਰਾਹਤ, ਯੋਗੀ ਸਰਕਾਰ ਨੇ ਕਰ 'ਤਾ ਇਹ ਵੱਡਾ ਐਲਾਨ
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਬੀਐਸਐਫ ਅਤੇ ਫੌਜ ਦੀ ਸਰਹੱਦੀ ਚੌਕੀ (ਬੀਓਪੀ) 'ਤੇ ਹੜ੍ਹ ਸੁਰੱਖਿਆ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਮੁੱਦੇ ਵੀ ਉਠਾਏ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਸਤਾਵ ਨੂੰ ਅਜੇ ਤੱਕ ਕੇਂਦਰ ਸਰਕਾਰ ਦੁਆਰਾ ਮਨਜ਼ੂਰੀ ਨਹੀਂ ਦਿੱਤੀ ਗਈ ਹੈ ਅਤੇ ਅੱਗੇ ਕਿਹਾ ਕਿ ਭਾਰਤ ਸਰਕਾਰ ਨੂੰ ਬਿਨਾਂ ਕਿਸੇ ਸ਼ਰਤ ਦੇ ਪੂਰੇ ਫੰਡ ਜਾਰੀ ਕਰਨੇ ਚਾਹੀਦੇ ਹਨ ਕਿਉਂਕਿ ਇਹ ਰਾਸ਼ਟਰੀ ਸੁਰੱਖਿਆ ਦੇ ਹਿੱਤ ਵਿੱਚ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਪੰਜਾਬ ਦੇ ਲੋਕਾਂ ਨਾਲ ਡੂੰਘਾ ਸਬੰਧ ਹੈ, ਜਿਸਨੂੰ ਵੰਡ ਤੋਂ ਬਾਅਦ ਲਾਹੌਰ ਤੋਂ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਅਤੇ ਫਿਰ ਇਸਦੀ ਰਾਜਧਾਨੀ ਚੰਡੀਗੜ੍ਹ ਸਥਾਪਤ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਰਾਜਾਂ ਨੇ ਕ੍ਰਮਵਾਰ 1973 ਅਤੇ 1975 ਵਿੱਚ ਆਪਣੀ ਮਰਜ਼ੀ ਨਲਾ ਪੰਜਾਬ ਯੂਨੀਵਰਸਿਟੀ ਤੋਂ ਆਪਣੇ ਕਾਲਜ ਵਾਪਸ ਲੈ ਲਏ ਅਤੇ ਆਪਣੀਆਂ ਯੂਨੀਵਰਸਿਟੀਆਂ ਸਥਾਪਤ ਕੀਤੀਆਂ ਅਤੇ ਪੰਜਾਬ ਯੂਨੀਵਰਸਿਟੀ ਨੂੰ ਫੰਡ ਦੇਣਾ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਪੰਜਾਬ ਹੀ ਹੈ, ਜੋ ਪਿਛਲੇ 50 ਸਾਲਾਂ ਤੋਂ ਇਸ ਯੂਨੀਵਰਸਿਟੀ ਦਾ ਸਮਰਥਨ ਅਤੇ ਪ੍ਰਬੰਧਨ ਕਰ ਰਿਹਾ ਹੈ, ਪਰ ਹੁਣ ਇਸ ਪੜਾਅ 'ਤੇ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਹਰਿਆਣਾ ਆਪਣੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਮੁੜ ਕਿਉਂ ਜੋੜਨਾ ਚਾਹੁੰਦਾ ਹੈ, ਜਦੋਂ ਕਿ ਉਹ ਪਹਿਲਾਂ ਹੀ ਪਿਛਲੇ 50 ਸਾਲਾਂ ਤੋਂ ਕੁਰੂਕਸ਼ੇਤਰ ਯੂਨੀਵਰਸਿਟੀ, ਜੋ ਏ+ ਐਨਏਏਸੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਹੈ, ਨਾਲ ਸਬੰਧਤ ਹਨ। ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੇ ਸਟੈਂਡ ਨੂੰ ਦੁਹਰਾਇਆ ਕਿ ਪੰਜਾਬ ਯੂਨੀਵਰਸਿਟੀ ਦੇ ਦਰਜੇ ਵਿੱਚ ਕਿਸੇ ਵੀ ਬਦਲਾਅ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਡੀ ਯੂਨੀਵਰਸਿਟੀ ਹੈ ਅਤੇ ਅਸੀਂ ਭਵਿੱਖ ਵਿੱਚ ਵੀ ਇਸ ਦਾ ਸਮਰਥਨ ਕਰਨਾ ਅਤੇ ਫੰਡਿੰਗ ਜਾਰੀ ਰੱਖਾਂਗੇ।
ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਦਬਾਅ ਅੱਗੇ ਝੁਕਦਿਆਂ ਕੇਂਦਰ ਸਰਕਾਰ ਨੇ ਆਪਣਾ ਨੋਟੀਫਿਕੇਸ਼ਨ ਵਾਪਸ ਲੈ ਲਿਆ ਹੈ ਪਰ ਇਸ ਮੁੱਦੇ ‘ਤੇ ਕੋਈ ਸਪੱਸ਼ਟਤਾ ਨਹੀਂ ਹੈ। ਉਨ੍ਹਾਂ ਨੇ ਸੈਨੇਟ ਅਤੇ ਸਿੰਡੀਕੇਟ ਵਿੱਚ ਪਿਛਲੇ ਦਰਵਾਜ਼ੇ ਥਾਈਂ ਦਾਖ਼ਲ ਹੋਣ ਦੀ ਕੋਸ਼ਿਸ਼ ਲਈ ਹਰਿਆਣਾ ਦੀ ਵੀ ਨਿੰਦਾ ਕੀਤੀ ਅਤੇ ਕਿਹਾ ਕਿ ਇਹ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਨੂੰ ਅਜਿਹੀਆਂ ਘਟੀਆਂ ਕੋਸ਼ਿਸ਼ਾਂ ਰਾਹੀਂ ਆਪਣੇ ਨਾਪਾਕ ਮਨਸੂਬਿਆਂ ਵਿੱਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਮੌਜੂਦ ਸਨ।
