ਮੁੱਖ ਮੰਤਰੀ ਨੇ 23-24 ਨੂੰ ਹੋਣ ਵਾਲੇ ‘ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Thursday, Feb 16, 2023 - 03:20 PM (IST)
ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਮੁੱਖ ਮੰਤਰੀ ਭਗਵੰਤ ਮਾਨ ਨੇ 23 ਤੇ 24 ਫਰਵਰੀ ਨੂੰ ਇੰਡੀਅਨ ਸਕੂਲ ਆਫ਼ ਬਿਜ਼ਨੈੱਸ ’ਚ ਕਰਵਾਏ ਜਾਣ ਵਾਲੇ ‘ਇਨਵੈਸਟ ਪੰਜਾਬ ਸੰਮੇਲਨ’ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸਮੂਹ ਵਿਭਾਗਾਂ ਨਾਲ ਮੀਟਿੰਗ ਕਰ ਕੇ ਜਾਇਜ਼ਾ ਲਿਆ। ਆਪਣੀ ਸਰਕਾਰੀ ਰਿਹਾਇਸ਼ ’ਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਵੱਡੇ ਸਮਾਗਮ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ, ਜਿਸ ’ਚ ਦੇਸ਼ ਭਰ ਦੇ ਨਾਲ-ਨਾਲ ਵਿਸ਼ਵ ਭਰ ਤੋਂ ਉਦਯੋਗਿਕ ਦਿੱਗਜ ਸ਼ਾਮਲ ਹੋਣਗੇ। ਉਨ੍ਹਾਂ ਸੰਮੇਲਨ ਦੌਰਾਨ ਵੱਖ-ਵੱਖ ਵਿਸ਼ਿਆਂ ’ਤੇ ਹੋਣ ਵਾਲੇ ਤਕਨੀਕੀ ਸੈਸ਼ਨਾਂ ਦੀ ਰੂਪ ਰੇਖਾ ’ਤੇ ਵੀ ਚਰਚਾ ਕੀਤੀ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਸੰਮੇਲਨ ਸੂਬੇ ਦੇ ਵਿਆਪਕ ਸਨਅਤੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਹਾਈ ਸਿੱਧ ਹੋਵੇਗਾ, ਜਿਸ ਨਾਲ ਸੂਬਾ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹੇਗਾ। ਉਨ੍ਹਾਂ ਕਿਹਾ ਕਿ ਇਨਵੈਸਟ ਪੰਜਾਬ ਇਸ ਮੌਕੇ ਦਾ ਪੂਰਾ ਫਾਇਦਾ ਉਠਾ ਕੇ ਪੰਜਾਬ ਨੂੰ ਘਰੇਲੂ ਤੇ ਗਲੋਬਲ ਨਿਵੇਸ਼ਕਾਂ ਵਿਚ ਸਭ ਤੋਂ ਪਸੰਦੀਦਾ ਸਥਾਨ ਵਜੋਂ ਪੇਸ਼ ਕਰੇਗਾ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਦੇ ਉੱਘੇ ਉਦਯੋਗਪਤੀਆਂ ਦੀ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਡੈਲੀਗੇਟਸ ਨਾਲ ਸਿੱਧੀ ਗੱਲਬਾਤ ਲਈ ਵੀ ਪ੍ਰਬੰਧ ਕੀਤੇ ਜਾਣ।
ਇਹ ਵੀ ਪੜ੍ਹੋ : 38.50 ਲੱਖ ਰੁਪਏ ਦੀ ਲਾਗਤ ਨਾਲ ਜ਼ਿਲ਼੍ਹਾ ਲਾਇਬ੍ਰੇਰੀ ਦਾ ਕੀਤਾ ਜਾਵੇਗਾ ਆਧੁਨਿਕੀਕਰਨ : ਡਿਪਟੀ ਕਮਿਸ਼ਨਰ
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਵੱਖ-ਵੱਖ ਖੇਤਰਾਂ ਵਿਚ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਦੀ ਜਾਣਕਾਰੀ ’ਤੇ ਤਕਨੀਕੀ ਵਿਚਾਰ-ਵਟਾਂਦਰੇ ਦੇ ਨਾਲ-ਨਾਲ ਤਕਨੀਕੀ ਸਹਿਯੋਗ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਨਵੈਸਟ ਪੰਜਾਬ ਸੰਮੇਲਨ ਵਿਚ ਹਿੱਸਾ ਲੈਣ ਲਈ ਸੂਬੇ ਵਿਚ ਗਲੋਬਲ ਇੰਡਸਟਰੀ ਦੇ ਆਉਣ ਤੋਂ ਪਹਿਲਾਂ ‘ਬ੍ਰਾਂਡ ਪੰਜਾਬ’ ਨੂੰ ਸਹੀ ਢੰਗ ਨਾਲ ਪ੍ਰਫੁੱਲਿਤ ਕੀਤਾ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਆਸ ਪ੍ਰਗਟ ਕੀਤੀ ਕਿ ਇਹ ਸੰਮੇਲਨ ਉਦਯੋਗਿਕ ਖੇਤਰ ਵਿਚ ਸੂਬੇ ਦੀਆਂ ਵਿਸ਼ਾਲ ਸੰਭਾਵਨਾਵਾਂ ਨੂੰ ਵਿਸ਼ਵ ਸਾਹਮਣੇ ਦਰਸਾਉਣ ਵਿਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦੇਸ਼ ਦਾ ਉਦਯੋਗਿਕ ਕੇਂਦਰ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਆਰਥਿਕ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ।
ਇਹ ਵੀ ਪੜ੍ਹੋ : NCRB ਦੇ ਅੰਕੜੇ ਬਿਆਨ ਕਰ ਰਹੇ ਮਾਨ ਸਰਕਾਰ ਦੀ ਬਿਹਤਰ ਕਾਰਗੁਜ਼ਾਰੀ, ਪੰਜਾਬ 'ਚ ਘੱਟ ਹੋਇਆ ਅਪਰਾਧ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।