ਸੂਬੇ ’ਚ ਸੰਕਟ ਵਾਲੀ ਸਥਿਤੀ ’ਤੇ ਚਰਚਾ ਲਈ ਮੁੱਖ ਮੰਤਰੀ ਸਰਬ ਪਾਰਟੀ ਬੈਠਕ ਬੁਲਾਉਣ : ਅਕਾਲੀ ਦਲ
Wednesday, May 12, 2021 - 11:44 PM (IST)
ਚੰਡੀਗੜ੍ਹ, (ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਵਿੱਤੀ ਰਾਹਤ ਪ੍ਰਦਾਨ ਕਰਨ ਦੇ ਤਰੀਕਿਆਂ ਅਤੇ ਸਾਧਨਾਂ ’ਤੇ ਚਰਚਾ ਕਰਨ ਤੋਂ ਇਲਾਵਾ ਰਾਜ ਵਿਚ ਵਧਦੀ ਮੌਤ ਦਰ ਨੂੰ ਦੇਖਦਿਆਂ ਇਸ ਅਨਿਸ਼ਚਿਤ ਸਥਿਤੀ ’ਤੇ ਚਰਚਾ ਕਰਨ ਲਈ ਸਰਬ ਪਾਰਟੀ ਮੀਟਿੰਗ ਬੁਲਾਉਣ। ਇਹ ਫ਼ੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਵਿਚ ਹੋਈ ਮੀਟਿੰਗ ਵਿਚ ਲਿਆ ਗਿਆ।
ਮੀਟਿੰਗ ਵਿਚ ਭਾਗ ਲੈਣ ਵਾਲੇ ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਕਿਹਾ ਕਿ ਸਰਬ ਪਾਰਟੀ ਜ਼ਰੂਰੀ ਹੈ ਤਾਂ ਕਿ ਸਾਰੀਆਂ ਪਾਰਟੀਆਂ ਇਕ-ਦੂਜੇ ਦੇ ਨਾਲ ਤਾਲਮੇਲ ਬਣਾ ਕੇ ਕੰਮ ਕਰਨ ਅਤੇ ਲੋਕਾਂ ਨੂੰ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਦੀਆਂ ਕੋਸ਼ਿਸ਼ਾਂ ਵਿਚ ਸਰਕਾਰ ਦੀ ਸਹਾਇਤਾ ਕਰਨ। ਅਕਾਲੀ ਦਲ ਦੇ ਪ੍ਰਧਾਨ ਨੇ ਖੁਰਾਕ ਸੇਵਾ ਅਤੇ ਪਲਾਜ਼ਮਾ ਦਾਨ ਸਣੇ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਵਲੋਂ ਪ੍ਰਦਾਨ ਕੀਤੀ ਜਾ ਰਹੀ ਮਨੁੱਖੀ ਸਹਾਇਤਾ ਦੀ ਵੀ ਸਮੀਖਿਆ ਕੀਤੀ ਅਤੇ ਇਸ ਗੱਲ ’ਤੇ ਸੰਤੁਸ਼ਟੀ ਜਾਹਿਰ ਕੀਤੀ ਕਿ ਸਹਾਇਤਾ ਸੇਵਾਵਾਂ ਨੂੰ 50 ਚੋਣ ਖੇਤਰਾਂ ਤੱਕ ਵਧਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇ ਕੁੱਝ ਦਿਨਾਂ ਵਿਚ ਸਾਰੇ ਹਲਕਿਆਂ ਤੱਕ ਪੁੱਜਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਮੀਟਿੰਗ ਵਿਚ ਰਾਜ ਵਿਚ ਚੱਲ ਰਹੇ ਲਾਕਡਾਊਨ ਕਾਰਣ ਲੋਕਾਂ ਨੂੰ ਆ ਰਹੀ ਸਮੱਸਿਆਵਾਂ ’ਤੇ ਵੀ ਧਿਆਨ ਦਿੱਤਾ ਗਿਆ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਰਾਹਤ ਦੇਣ ’ਤੇ ਜ਼ੋਰ ਦਿੱਤਾ ਗਿਆ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬੇਹੱਦ ਮੰਦਭਾਗਾ ਹੈ ਕਿ ਨਿਜੀ ਹਸਪਤਾਲ ਕੋਵਿਡ ਮਰੀਜ਼ਾਂ ਤੋਂ ਲੱਖਾਂ ਰੁਪਏ ਵਸੂਲਣ ਲੱਗੇ ਹਨ ਅਤੇ ਸਰਕਾਰ ਇਸ ਅਪਰਾਧ ਨੂੰ ਰੋਕਣ ਲਈ ਲਈ ਕੁੱਝ ਵੀ ਨਹੀ ਕਰ ਰਹੀ ਹੈ।
ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਸਿੱਧਾ ਹੁਕਮ ਦੇਣਾ ਚਾਹੀਦਾ ਹੈ ਅਤੇ ਕੋਵਿਡ ਵੈਕਸੀਨ ਦੀ ਖਰੀਦ ਲਈ ਅੰਤਰਰਾਸ਼ਟਰੀ ਟੈਂਡਰ ਖੋਲ੍ਹੇ ਜਾਣੇ ਚਾਹੀਦੇ ਹਨ, ਹਸਪਤਾਲਾਂ ਵਿਚ ਮੈਡੀਕਲ ਆਕਸੀਜਨ ਦੀ ਸਪਲਾਈ ਵਧਾਉਣ ਅਤੇ ਇਸ ਦੀ ਸਪਲਾਈ ਵਿਚ ਤੇਜ਼ੀ ਲਿਆਂਦੀ ਜਾਣੀ ਚਾਹੀਦੀ ਹੈ। ਮੀਟਿੰਗ ਵਿਚ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸੁਰਜੀਤ ਸਿੰਘ ਰਖੜਾ ਵੀ ਮੌਜੂਦ ਸਨ।