ਮੁੱਖ ਮੰਤਰੀ ਨੇ ਗੈਂਗਸਟਰਾਂ ਅਤੇ ਨਸ਼ਿਆਂ ਖਿਲਾਫ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਦੇ ਦਿੱਤੇ ਨਿਰਦੇਸ਼
Thursday, Jun 28, 2018 - 06:18 AM (IST)
ਜਲੰਧਰ (ਧਵਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਲੋਕਾਂ ਦੀਆਂ ਲੋੜਾਂ ਅਨੁਸਾਰ ਹੋਰ ਜਵਾਬਦੇਹ ਬਣਨ ਅਤੇ ਨਸ਼ਿਆਂ ਤੇ ਗੈਂਗਸਟਰਾਂ ਖਿਲਾਫ ਸਰਕਾਰ ਦੀ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਅੱਜ ਪੰਜਾਬ ਵਿਚ ਪ੍ਰਾਪਰਟੀ ਦੀ ਆਨ ਲਾਈਨ ਰਜਿਸਟਰੇਸ਼ਨ ਦੇ ਕੰਮ ਦਾ ਸ਼ੁੱਭ ਆਰੰਭ ਕੀਤਾ ਅਤੇ ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਮੁੱਖ ਮੰਤਰੀ ਨੇ ਵੀਡੀਓ ਕਾਨਫਰੰਸ ਰਾਹੀਂ ਡਿਪਟੀ ਕਮਿਸ਼ਨਰਾਂ ਨਾਲ ਚਰਚਾ ਕੀਤੀ। ਉਨ੍ਹਾਂ ਅੱਜ ਜ਼ਿਲਾ ਅੰਮ੍ਰਿਤਸਰ ਲਈ ਪ੍ਰਾਪਰਟੀ ਦੀ ਆਨ ਲਾਈਨ ਰਜਿਸਟਰੇਸ਼ਨ ਪ੍ਰਣਾਲੀ ਨੂੰ ਲਾਂਚ ਕੀਤਾ। ਇਸ ਨਾਲ ਭ੍ਰਿਸ਼ਟਾਚਾਰ 'ਤੇ ਰੋਕ ਲਾਉਣ ਅਤੇ ਪ੍ਰਾਪਰਟੀ ਨਾਲ ਸਬੰਧਤ ਕੰਮਕਾਜ ਵਿਚ ਪਾਰਦਰਸ਼ਤਾ ਆਵੇਗੀ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨਾਲ ਚਰਚਾ ਕਰਦਿਆਂ ਕਿਹਾ ਕਿ ਅਜੇ ਗੈਂਗਸਟਰਾਂ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾਣਾ ਬਾਕੀ ਹੈ ਅਤੇ ਨਾਲ ਹੀ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਖਤ ਕਦਮ ਚੁੱਕਣ ਦੀ ਲੋੜ ਹੈ।
ਉਨ੍ਹਾਂ ਸੂਬੇ ਵਿਚ ਰੋਜ਼ਗਾਰ ਸਿਰਜਣ ਦੀ ਗਤੀ ਨੂੰ ਵਧਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧ ਵਿਚ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦਿਵਾਉਣ ਦੀਆਂ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਝੋਨੇ ਦੀ ਬੀਜਾਈ ਦੇ ਦਿਨਾਂ ਵਿਚ ਬਿਜਲੀ ਦੀ ਲਗਾਤਾਰ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਪਾਣੀ ਦੀ ਸੰਭਾਲ ਵੱਲ ਧਿਆਨ ਦੇਣ। ਝੋਨੇ ਦੀ ਵਾਢੀ ਤੋਂ ਬਾਅਦ ਉਸ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਵੀ ਕੰਮ ਕਰਨ।
ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਨਸ਼ਿਆਂ 'ਤੇ ਰੋਕ ਲਾਉਣ ਲਈ ਚੱਲ ਰਹੀ ਮੁਹਿੰਮ ਵਿਚ ਵਧ-ਚੜ੍ਹ ਕੇ ਆਪਣਾ ਯੋਗਦਾਨ ਪਾਉਣ ਅਤੇ ਨਾਲ ਹੀ ਛੋਟੇ ਤੇ ਦਰਮਿਆਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਸਕੀਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਰਕਾਰ ਨੇ ਘਰ-ਘਰ ਰੋਜ਼ਗਾਰ ਯੋਜਨਾ ਸ਼ੁਰੂ ਕੀਤੀ ਹੈ ਅਤੇ ਹਰ ਜ਼ਿਲੇ ਵਿਚ ਰੋਜ਼ਗਾਰ ਮੇਲੇ ਲੱਗਣੇ ਚਾਹੀਦੇ ਹਨ।
ਇਸ ਮੌਕੇ ਮਾਲ ਮੰਤਰੀ ਸੁਖ ਸਰਕਾਰੀਆ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ (ਗ੍ਰਹਿ) ਨਿਰਮਲਜੀਤ ਕਲਸੀ, ਵਿੱਤੀ ਸਕੱਤਰ (ਮਾਲੀਆ) ਵਿੰਨੀ ਮਹਾਜਨ, ਮੁੱਖ ਮੰਤਰੀ ਦੇ ਪ੍ਰਿੰਸੀਪਲ ਸੈਕਟਰੀ ਤੇਜਵੀਰ ਸਿੰਘ ਅਤੇ ਵਿੱਤ ਸਕੱਤਰ ਅਨਿਲ ਤਿਵਾੜੀ ਵੀ ਮੌਜੂਦ ਸਨ।
