30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Thursday, Mar 14, 2024 - 04:35 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੇ ਮੁੱਖ ਮੁਨਸ਼ੀ ਸੁਖਵਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁੱਖ ਮੁਨਸ਼ੀ ਨੂੰ ਪਿੰਡ ਮੱਲ੍ਹਣ, ਤਹਿਸੀਲ ਗਿੱਦੜਬਾਹਾ ਦੇ ਵਸਨੀਕ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਉਕਤ ਮੁੱਖ ਮੁਨਸ਼ੀ ਅਤੇ ਉਕਤ ਥਾਣੇ ’ਚ ਹੀ ਤਾਇਨਾਤ ਏ. ਐੱਸ. ਆਈ. ਮਨਜਿੰਦਰ ਸਿੰਘ ਨੇ ਦੋ ਧਿਰਾਂ ਦਰਮਿਆਨ ਹੋਏ ਝਗੜੇ ਬਾਰੇ ਥਾਣੇ ’ਚ ਦਰਜ ਕਰਵਾਈ ਸ਼ਿਕਾਇਤ ’ਚ ਸ਼ਾਮਲ ਉਸਦੇ ਦੋਸਤ ਦੀ ਮਦਦ ਕਰਨ ਬਦਲੇ 60,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਦੀ ਸ੍ਰੀ ਮੁਕਤਸਰ ਸਾਹਿਬ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਥਾਣੇ ਦੇ ਮੁੱਖ ਮੁਨਸ਼ੀ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ : ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਕਮੇਟੀਆਂ ਦਾ ਗਠਨ
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ’ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਹਿ-ਮੁਲਜ਼ਮ ਏ. ਐੱਸ. ਆਈ. ਮਨਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ ਅਤੇ ਜਾਂਚ ਦੌਰਾਨ ਥਾਣੇ ਦੇ ਐੱਸ. ਐੱਚ. ਓ. ਦੀ ਭੂਮਿਕਾ ਦੀ ਜਾਂਚ ਵੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਲੋਕ ਸਭ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਲਸ ਅਧਿਕਾਰੀਆਂ ਨੂੰ ਸਖ਼ਤ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e