ਪੰਜਾਬ ਦੇ ਮੁੱਖ ਸਕੱਤਰ ਵੱਲੋਂ ਲੋਕਾਂ ਨੂੰ ਸੁਰੱਖਿਅਤ ਤੇ ਸਿਹਤਮੰਦ ਭੋਜਨ ਮੁਹੱਈਆ ਕਰਵਾਉਣ ਦੇ ਨਿਰਦੇਸ਼

Friday, May 05, 2023 - 04:17 PM (IST)

ਪੰਜਾਬ ਦੇ ਮੁੱਖ ਸਕੱਤਰ ਵੱਲੋਂ ਲੋਕਾਂ ਨੂੰ ਸੁਰੱਖਿਅਤ ਤੇ ਸਿਹਤਮੰਦ ਭੋਜਨ ਮੁਹੱਈਆ ਕਰਵਾਉਣ ਦੇ ਨਿਰਦੇਸ਼

ਚੰਡੀਗੜ੍ਹ : ਸੂਬਾ ਵਾਸੀਆਂ ਨੂੰ ਪੌਸ਼ਟਿਕ ਅਤੇ ਮਿਲਾਵਟ ਰਹਿਤ ਖ਼ੁਰਾਕ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਤੇ ਮਿਲਾਵਟਖੋਰਾਂ ਖ਼ਿਲਾਫ਼ ਹੋਰ ਸਖ਼ਤੀ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸਬੰਧਤ ਧਿਰਾਂ ਨੂੰ ਸਖ਼ਤ ਚੌਕਸੀ ਵਰਤਣ ਦੇ ਹੁਕਮ ਦਿੱਤੇ ਹਨ। ਮੁੱਖ ਸਕੱਤਰ ਨੇ ਇਹ ਗੱਲ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸੁਰੱਖਿਅਤ ਭੋਜਨ ਅਤੇ ਸਿਹਤਮੰਦ ਖ਼ੁਰਾਕ ਬਾਰੇ ਸੂਬਾ ਪੱਧਰੀ ਸਲਾਹਕਾਰ ਕਮੇਟੀ ਦੀ ਤੀਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ।

ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਖ਼ਤ ਹਦਾਇਤਾਂ ਹਨ ਕਿ ਗੁਣਵੱਤਾ ਅਤੇ ਲੋਕਾਂ ਦੀ ਸਿਹਤ ਨਾਲ ਕੌਈ ਸਮਝੌਤਾ ਨਾ ਕੀਤਾ ਜਾਵੇ ਅਤੇ ਮਿਲਵਾਟਖੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਮਿਲਾਵਟਖੋਰੀ ਰੋਕਣ ਲਈ ਜਾਗਰੂਕਤਾ ਦੇ ਨਾਲ ਚੈਕਿੰਗ, ਲੈਬ ਟੈਸਟਿੰਗ ਆਦਿ ਕਾਰਗਾਰ ਕਦਮ ਵੀ ਚੁੱਕੇ ਜਾਣ ਕਿਉਂਕਿ ਇਹ ਲੋਕਾਂ ਦੀ ਸਿਹਤ ਨਾਲ ਜੁੜਿਆ ਮਾਮਲਾ ਹੈ। ਸੂਬਾ ਸਰਕਾਰ ਸਿਹਤ ਦੇ ਮਾਮਲਿਆਂ ਨੂੰ ਲੈ ਕੇ ਬਹੁਤ ਗੰਭੀਰ ਹੈ। ਸਬਜ਼ੀਆਂ ਅਤੇ ਫਲਾਂ ਨੂੰ ਗੈਰ ਕੁਦਰਤੀ ਤਰੀਕਿਆਂ ਨਾਲ ਪਕਾਉਣ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਇਸ ਵਰਤਾਰੇ ਨੂੰ ਰੋਕਣ ਲਈ ਚੈਕਿੰਗ ਕੀਤੀ ਜਾਵੇ।

ਫੂਡ ਸੇਫਟੀ ਮੋਬਾਈਲ ਵਾਹਨਾਂ ਅਤੇ ਟੈਸਟਿੰਗ ਵਾਲੀਆਂ ਲੈਬਜ਼ ਨੂੰ ਵਧਾਇਆ ਜਾਵੇ। ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਵੇਰ ਦੀਆਂ ਪ੍ਰਾਥਨਾ ਸਭਾਵਾਂ ਵਿੱਚ ਵਿਦਿਆਰਥੀਆਂ ਨੂੰ ਮਿਲਾਵਟਖੋਰੀ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਇਸ ਸਬੰਧੀ ਵਿਦਿਆਰਥੀਆਂ ਦੇ ਮੁਕਾਬਲੇ ਵੀ ਕਰਵਾਏ ਜਾਣ। ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਲਈ ਲਾਇਸੈਂਸਿੰਗ ਅਤੇ ਰਜਿਸਟ੍ਰੇਸ਼ਨ ਲਾਜ਼ਮੀ ਕਰਾਰ ਦਿੰਦਿਆਂ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਖਾਧ ਸਮੱਗਰੀ ਬਿਨਾਂ ਇਸ ਦੇ ਨਾ ਵੇਚੀ ਜਾਵੇ।

ਜੰਜੂਆ ਨੇ ਖ਼ੁਰਾਕ ਤੇ ਡਰੱਗ ਪ੍ਰਬੰਧਨ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿੰਦਿਆਂ ਸਟਾਫ਼ ਦੀ ਭਰਤੀ, ਨਿਗਰਾਨੀ ਟੀਮਾਂ ਲਈ ਵਾਹਨਾਂ ਦੀ ਵਿਵਸਥਾ ਅਤੇ ਸੂਬੇ ਭਰ 'ਚ ਹੋਰ ਨਵੀਆਂ ਲੈਬ ਸਥਾਪਿਤ ਕਰਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਚੈਕਿੰਗ ਟੀਮਾਂ ਦੁੱਧ ਤੋਂ ਤਿਆਰ ਹੋਣ ਵਾਲੇ ਉਤਪਾਦਾਂ ਜਿਵੇਂ ਕਿ ਮੱਖਣ, ਪਨੀਰ ਤੇ ਦੇਸੀ ਘਿਓ ਦੀ ਮਿਲਾਵਟ ਕਰਨ ਵਾਲਿਆਂ ਉਤੇ ਸਖ਼ਤੀ ਕਰਦਿਆਂ ਛਾਪੇਮਾਰੀ ਕੀਤੀ ਜਾਵੇ। ਨਿਗਰਾਨ ਟੀਮਾਂ ਦੀ ਗਿਣਤੀ ਵਧਾਈ ਜਾਵੇ।
 


author

Babita

Content Editor

Related News