ਪਰਾਲੀ ਪ੍ਰਬੰਧਨ : ਮੁੱਖ ਸਕੱਤਰ ਨੇ ਪੰਜਾਬ ਦੇ ਉੱਚ ਅਧਿਕਾਰੀਆਂ ਨੂੰ ਦਿੱਤੀਆਂ ਇਹ ਹਦਾਇਤਾਂ

Wednesday, Oct 19, 2022 - 08:16 PM (IST)

ਪਰਾਲੀ ਪ੍ਰਬੰਧਨ : ਮੁੱਖ ਸਕੱਤਰ ਨੇ ਪੰਜਾਬ ਦੇ ਉੱਚ ਅਧਿਕਾਰੀਆਂ ਨੂੰ ਦਿੱਤੀਆਂ ਇਹ ਹਦਾਇਤਾਂ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸੂਬੇ ਦੇ ਉੱਚ ਅਧਿਕਾਰੀ ਨੂੰ ਸਾਰੇ ਜ਼ਿਲ੍ਹਿਆਂ ਦੇ ਦੌਰੇ ਕਰਨ ਲਈ ਕਿਹਾ ਹੈ ਤਾਂ ਜੋ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਕਰਕੇ ਕੌਮੀ ਪੱਧਰ ‘ਤੇ ਪੰਜਾਬ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਨ੍ਹਾਂ ਘਟਨਾਵਾਂ ਬਾਬਤ ਸੁਪਰੀਟ ਕੋਰਟ, ਕੌਮੀ ਹਵਾ ਕੁਆਲਿਟੀ ਕਮਿਸ਼ਨ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਵੀ ਸਖਤ ਟਿੱਪਣੀਆਂ ਕੀਤੀਆਂ ਹਨ। ਅਜਿਹੀਆਂ ਘਟਨਾਵਾਂ ਦੀ ਜ਼ਮੀਨੀ ਸਥਿਤੀ ਦੀ ਪੜਚੋਲ ਕਰਨੀ ਬਹੁਤ ਜ਼ਰੂਰੀ ਹੈ, ਇਸ ਲਈ ਜਿਹੜੇ ਸੀਨੀਅਰ ਆਈ. ਏ. ਐੱਸ. ਅਫ਼ਸਰਾਂ ਨੂੰ ਜ਼ਿਲ੍ਹਾ ਇੰਚਾਰਜ ਲਾਇਆ ਗਿਆ ਹੈ, ਉਹ ਸਬੰਧਤ ਜ਼ਿਲ੍ਹਿਆਂ ਦੇ ਦੌਰੇ ਜ਼ਰੂਰ ਕਰਨ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਦੇ 23 ਜ਼ਿਲ੍ਹਿਆਂ ਦੇ 23 ਸੀਨੀਅਰ ਆਈ. ਏ. ਐੱਸ. ਅਧਿਕਾਰੀਆਂ ਨੂੰ ਜ਼ਿਲ੍ਹਾ ਇੰਚਾਰਜ ਲਾਇਆ ਹੋਇਆ ਹੈ ਜੋ ਆਪੋ-ਆਪਣੇ ਜ਼ਿਲ੍ਹੇ ਵਿਚ ਫਸਲਾਂ ਦੀ ਖਰੀਦ ਪ੍ਰਕਿਰਿਆ ਅਤੇ ਭਲਾਈ ਸਕੀਮਾਂ ਨੂੰ ਲਾਗੂ ਕਰਨ ਦੀ ਨਿਗਰਾਨੀ ਕਰਦੇ ਹਨ। 

ਮੁੱਖ ਸਕੱਤਰ ਨੇ ਪਰਾਲੀ ਤੇ ਨਾੜ ਸਾੜਨ ਦੀ ਦਰ ਨੂੰ ਹੋਰ ਘੱਟ ਕਰਨ ਅਤੇ ਪਰਾਲੀ ਪ੍ਰਬੰਧਨ ਲਈ ਪੰਜਾਬ ਦੇ ਉੱਚ ਅਧਿਕਾਰੀਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਦੀ ਸਾਰੀ ਮਸ਼ੀਨਰੀ ਇਸ ਗੱਲ ਲਈ ਯਤਨਸ਼ੀਲ ਹੈ ਕਿ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਬਹੁਤ ਜ਼ਿਆਦਾ ਕਮੀ ਲਿਆਂਦੀ ਜਾਵੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਕਿਸਾਨ ਪਰਾਲੀ ਨਹੀਂ ਸਾੜਦੇ ਉਨ੍ਹਾਂ ਦਾ ਜ਼ਿਲ੍ਹਾ ਪੱਧਰ ‘ਤੇ ਵਿਸ਼ੇਸ਼ ਸਨਮਾਨ ਕੀਤਾ ਜਾਵੇ ਤਾਂ ਜੋ ਹੋਰ ਕਿਸਾਨ ਵੀ ਉਨ੍ਹਾਂ ਤੋਂ ਪ੍ਰੇਰਨਾ ਲੈ ਸਕਣ। 

ਇਹ ਖ਼ਬਰ ਵੀ ਪੜ੍ਹੋ - ਫੰਡ ਲੈਪਸ ਨਹੀਂ ਹੋਣੇ ਚਾਹੀਦੇ, ਵਿਕਾਸ ਕਾਰਜਾਂ ਦੀ ਮੱਠੀ ਰਫ਼ਤਾਰ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ : ਚੀਮਾ

ਮੁੱਖ ਸਕੱਤਰ ਨੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰਾਂ ਤੋਂ ਉਨ੍ਹਾਂ ਦੇ ਜ਼ਿਲ੍ਹੇ ਦੀ ਪਰਾਲੀ ਪ੍ਰਬੰਧਨ ਬਾਰੇ ਪ੍ਰਗਤੀ ਰਿਪੋਰਟ ਪ੍ਰਾਪਤ ਕੀਤੀ ਅਤੇ ਬਹੁਤ ਸਾਰੇ ਸੁਝਾਅ, ਨਿਰਦੇਸ਼ ਅਤੇ ਹਦਾਇਤਾਂ ਮੌਕੇ ‘ਤੇ ਹੀ ਜਾਰੀ ਕੀਤੀਆਂ। ਪਿੰਡਾਂ ਦੇ ਧਾਰਮਿਕ ਸਥਾਨਾਂ ਤੋਂ ਅਨਾਊਂਸਮੈਂਟ ਕਰਵਾ ਕੇ, ਜਾਗਰੂਕਤਾ ਕੈਂਪਾਂ ਰਾਹੀਂ ਅਤੇ ਪ੍ਰਚਾਰ ਦੇ ਹੋਰ ਸਾਧਨ ਵਰਤ ਕੇ ਜ਼ਿਆਦਾ ਤੋਂ ਜ਼ਿਆਦਾ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ।

ਇਸ ਮੌਕੇ ਡਿਪਟੀ ਕਮਿਸ਼ਨਰਾਂ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਹਾਲੇ ਤੱਕ ਕਾਫੀ ਕਮੀ ਵੇਖਣ ਨੂੰ ਮਿਲ ਰਹੀ ਹੈ ਅਤੇ ਇਸ ਨੂੰ ਕਾਬੂ ਵਿਚ ਰੱਖਣ ਲਈ ਸਾਰੇ ਆਪੋ-ਆਪਣੇ ਪੱਧਰ ‘ਤੇ ਭਰਪੂਰ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਨੇ ਅਜਿਹੇ ਬਹੁਤ ਮਾਮਲੇ ਮੁੱਖ ਸਕੱਤਰ ਦੇ ਧਿਆਨ ਵਿਚ ਲਿਆਂਦੇ ਜਿੱਥੇ ਜਾਂਚ ਕਰਨ ਤੋਂ ਬਾਅਦ ਪਤਾ ਲੱਗਾ ਕਿ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਸੀ। 

ਮੁੱਖ ਸਕੱਤਰ ਨੇ ਕਿਹਾ ਕਿ ਇਸ ਸਾਲ ਹੁਣ ਤੱਕ ਪਿਛਲੇ ਸਾਲਾਂ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਕਾਫੀ ਕਮੀ ਦਰਜ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਹੋਰ ਘਟਾਉਣ ਦੀਆਂ ਕੋਸ਼ਿਸ਼ਾਂ ਜਾਰੀ ਰੱਖੀਆਂ ਜਾਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ 'ਚ ਪਿਛਲੇ ਸਾਲਾਂ ਦੌਰਾਨ ਨਾੜ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ, ਉੱਥੇ ਪ੍ਰਸ਼ਾਸਨ ਜ਼ਿਆਦਾ ਚੌਕਸੀ ਵਰਤੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਕਰ ਕੇ ਦਿਓ ਆਪਣੀ ਰਾਏ।


author

Anuradha

Content Editor

Related News