ਮੁੱਖ ਸਕੱਤਰ ਵਲੋਂ ਸਕੂਲਾਂ ’ਚ ਰੋਜ਼ਾਨਾ 10,000 ਆਰ. ਟੀ-ਪੀ. ਸੀ. ਆਰ. ਟੈਸਟ ਕਰਨ ਦੇ ਹੁਕਮ

08/12/2021 3:39:43 PM

ਚੰਡੀਗੜ੍ਹ (ਸ਼ਰਮਾ) : ਸੂਬੇ ’ਚ ਕੋਵਿਡ ਮਹਾਮਾਰੀ ਨੂੰ ਕਾਬੂ ਹੇਠ ਰੱਖਣ ਅਤੇ ਇਸ ਦੇ ਫੈਲਾਅ ਦੀ ਰੋਕਥਾਮ ਲਈ ਮੁੱਖ ਸਕੱਤਰ ਵਿਨੀ ਮਹਾਜਨ ਨੇ  ਸਬੰਧਤ ਵਿਭਾਗਾਂ ਨੂੰ ਆਰ. ਟੀ.-ਪੀ. ਸੀ. ਆਰ. ਟੈਸਟਾਂ ਦੀ ਗਿਣਤੀ ਵਧਾਉਣ ਅਤੇ ਸਕੂਲਾਂ ਵਿਚ ਰੋਜ਼ਾਨਾ 10,000 ਆਰ. ਟੀ.-ਪੀ. ਸੀ. ਆਰ. ਟੈਸਟ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਵਿਡ ਰੋਕੂ ਟੀਕੇ ਦੀਆਂ ਦੋਵੇਂ ਖੁਰਾਕਾਂ ਲਗਵਾਉਣ ਵਾਲੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਹੀ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਜਾਵੇ। ਸਿਹਤ, ਮੈਡੀਕਲ ਸਿੱਖਿਆ ਅਤੇ ਸਕੂਲ ਸਿੱਖਿਆ ਦੇ ਸੀਨੀਅਰ ਅਧਿਕਾਰੀਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸੂਬੇ ਵਿਚ ਕੋਵਿਡ ਦੇ ਹਾਲਾਤ ਦੀ ਸਮੀਖਿਆ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਗੁਆਂਢੀ ਰਾਜਾਂ, ਜਿੱਥੇ ਵਾਇਰਸ ਦੇ ਮਾਮਲੇ ਫਿਰ ਤੋਂ ਵਧ ਰਹੇ ਹਨ, ਤੋਂ ਪੰਜਾਬ ਵਿਚ ਲੋਕਾਂ ਦੀ ਆਵਾਜਾਈ ’ਤੇ ਚਿੰਤਾ ਜ਼ਾਹਿਰ ਕੀਤੀ ਅਤੇ ਆਗਾਮੀ ਤਿਓਹਾਰੀ ਸੀਜ਼ਨ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਪਾਜ਼ੇਟੇਵਿਟੀ ਦਰ ’ਤੇ ਨਜ਼ਰ ਰੱਖਣ ਲਈ ਕਿਹਾ। ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਨੂੰ ਵੱਡੇ ਪੱਧਰ ’ਤੇ ਟੈਸਟਿੰਗ ਅਤੇ ਸੰਪਰਕ ਟਰੇਸਿੰਗ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਹੁਣ ਸਾਰੇ ਜ਼ਿਲਿਆਂ ਵਿਚ ਐਪੀਡੀਮੌਲੋਜਿਸਟ ਨਿਯੁਕਤ ਕੀਤੇ ਗਏ ਹਨ ਅਤੇ ਕੋਵਿਡ ਦੀ ਤੀਜੀ ਸੰਭਾਵੀ ਲਹਿਰ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।

ਇਹ ਵੀ ਪੜ੍ਹੋ :  ਕੈਪਟਨ-ਸਿੱਧੂ ਕਲੇਸ਼ ’ਚ ਫਸੀ ਕਾਂਗਰਸ, ਉੱਧਰ‘ਆਪ’ ਤੇ ਅਕਾਲੀ ਦਲ ਨੇ ਸਾਂਭਿਆ ਮੋਰਚਾ 

PunjabKesari

ਉਨ੍ਹਾਂ ਇਸ ਤੱਥ ’ਤੇ ਤਸੱਲੀ ਜ਼ਾਹਿਰ ਕੀਤੀ ਕਿ ਪਿਛਲੇ ਹਫ਼ਤੇ 3 ਤੋਂ 9 ਅਗਸਤ ਤਕ 2,45,823 ਨਮੂਨੇ ਲਏ ਗਏ, ਜਿਨ੍ਹਾਂ ਵਿਚੋਂ 352 ਪਾਜ਼ੇਟਿਵ ਪਾਏ ਗਏ ਹਨ, ਜਿਸ ਨਾਲ ਪਾਜ਼ੇਟੇਵਿਟੀ ਦਰ 0.1 ਫੀਸਦੀ ਰਹੀ। ਸੂਬੇ ਵਿਚ ਸਿਹਤ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਹਰੇਕ ਜ਼ਿਲੇ ਨੂੰ ਦੂਜੀ ਲਹਿਰ ਦੇ ਸਿਖ਼ਰ ਦੌਰਾਨ ਰਹੀ ਮੰਗ ਦੇ ਮੁਕਾਬਲੇ ਬੈੱਡਾਂ ਦੀ ਸਮਰੱਥਾ 25 ਫ਼ੀਸਦੀ ਵਧਾਉਣ ਦਾ ਟੀਚਾ ਰੱਖਣਾ ਚਾਹੀਦਾ ਹੈ। ਮੁੱਖ ਸਕੱਤਰ ਨੂੰ ਦੱਸਿਆ ਕਿ ਇਸ ਵੇਲੇ ਸਰਕਾਰੀ ਹਸਪਤਾਲਾਂ ਵਿਚ 4307 ਐੱਲ-2 ਬੈੱਡ ਮੌਜੂਦ ਹਨ, ਜੋ 25 ਫ਼ੀਸਦੀ ਵਾਧੇ ਨਾਲ 5387 ਹੋ ਜਾਣਗੇ, ਜਦੋਂਕਿ ਪ੍ਰਾਈਵੇਟ ਹਸਪਤਾਲਾਂ ਵਿਚ 6565 ਐੱਲ-2 ਬੈੱਡ ਉਪਲਬਧ ਹਨ ਅਤੇ 25 ਫ਼ੀਸਦੀ ਵਾਧੇ ਨਾਲ 1644 ਬੈੱਡ ਹੋਰ ਸ਼ਾਮਲ ਕੀਤੇ ਜਾਣਗੇ। ਅਧਿਕਾਰੀਆਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਆਕਸੀਜਨ ਦੀ ਉਪਲਬਧਤਾ ਨੂੰ ਹੋਰ ਵਧਾਉਣ ’ਤੇ ਧਿਆਨ ਕੇਂਦਰਤ ਕਰਨ ਲਈ ਆਖਦਿਆਂ ਮਹਾਜਨ ਨੇ ਸਾਰੇ ਪੀ. ਐੱਸ. ਏ. ਪਲਾਂਟਾਂ ਨੂੰ ਇਸ ਮਹੀਨੇ ਦੇ ਅੰਦਰ ਕਾਰਜਸ਼ੀਲ ਕਰਨ ਤੋਂ ਇਲਾਵਾ ਭਵਿੱਖ ਵਿਚ ਇਸ ਜੀਵਨ ਰੱਖਿਅਕ ਗੈਸ ਦੀ ਮੰਗ ਨੂੰ ਪੂਰਾ ਕਰਨ ਲਈ ਆਕਸੀਜਨ ਕੰਸਨਟਰੇਟਰ ਸਮਰੱਥਾ ਵਿੱਚ ਹੋਰ ਵਾਧਾ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ : ਧਿਆਨ ਰੱਖੋ ਰੈਪਿਡ ਟੈਸਟ ਰਿਪੋਰਟ ਮਨਜ਼ੂਰਸ਼ੁਦਾ ਨਹੀਂ, ਹਿਮਾਚਲ ਜਾਣ ਵਾਲੇ ਯਾਤਰੀਆਂ ਲਈ ਖ਼ਾਸ ਹਿਦਾਇਤਾ ਜਾਰੀ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 


Anuradha

Content Editor

Related News