ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਖ਼ਿਲਾਫ਼ ਮੁਹਿੰਮ, ਕਿਹਾ- ਬੱਚਿਆਂ ਨੂੰ ਨਾ ਦਿੱਤੀ ਜਾਵੇ ਭੀਖ

Thursday, May 26, 2022 - 01:07 AM (IST)

ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਖ਼ਿਲਾਫ਼ ਮੁਹਿੰਮ, ਕਿਹਾ- ਬੱਚਿਆਂ ਨੂੰ ਨਾ ਦਿੱਤੀ ਜਾਵੇ ਭੀਖ

ਲੁਧਿਆਣਾ (ਬਿਊਰੋ) : ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਅਤੇ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਸੂਬੇ 'ਚ ਬਾਲ ਭਿੱਖਿਆ ਨੂੰ ਰੋਕਣ ਲਈ ਅੱਜ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਲੁਧਿਆਣਾ, ਸਿੱਖਿਆ ਵਿਭਾਗ, ਚਾਈਲਡ ਲਾਈਨ, ਪੁਲਸ ਵਿਭਾਗ ਤੇ ਆਸ ਅਹਿਸਾਸ ਐੱਨ.ਜੀ.ਓ. ਵੱਲੋਂ ਸਾਂਝੇ ਤੌਰ 'ਤੇ ਲੁਧਿਆਣਾ ਦੀਆਂ ਵੱਖ-ਵੱਖ ਥਾਵਾਂ 'ਤੇ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਇਕ ਮੁਹਿੰਮ ਚਲਾਈ ਗਈ। ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਮੁਕੰਮਲ ਰੂਪ ਵਿੱਚ ਚਾਈਲਡ ਬੈਗਿੰਗ ਰੇਡ ਦਾ ਨੋਡਲ ਅਫਸਰ ਬਣਾਇਆ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਹੇਠ ਜਗਰਾਓਂ ਪੁਲ ਅਤੇ ਰੇਲਵੇ ਸਟੇਸ਼ਨ ਦੇ ਨੇੜਲੇ ਇਲਾਕਿਆਂ ਵਿੱਚ ਚਾਈਲਡ ਬੈਗਿੰਗ ਦੀ ਰੇਡ ਕੀਤੀ ਗਈ ਅਤੇ ਉਥੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਚਾਈਲਡ ਬੈਗਿੰਗ ਨੂੰ ਠੱਲ੍ਹ ਪਾਈ ਜਾ ਸਕੇ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਸ਼੍ਰੀਮਤੀ ਰਸ਼ਮੀ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ ਤਾਂ ਜੋ ਲੁਧਿਆਣਾ ਨੂੰ ਬਾਲ ਭਿੱਖਿਆ ਤੋਂ ਮੁਕਤ ਕੀਤਾ ਜਾ ਸਕੇ ਅਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਅਤੇ ਉਜਵਲ ਬਣਾਇਆ ਜਾ ਸਕੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਭੀਖ ਨਾ ਦੇ ਕੇ ਚਾਈਲਡ ਬੈਗਿੰਗ ਨੂੰ ਰੋਕਣ ਲਈ ਸਹਿਯੋਗ ਦਿੱਤਾ ਜਾਵੇ। ਟੀਮ ਵਿੱਚ ਬਾਲ ਸੁਰੱਖਿਆ ਵਿਭਾਗ ਦੇ ਸ਼੍ਰੀਮਤੀ ਹਰਪ੍ਰੀਤ ਕੌਰ ਬਾਲ ਸੁਰੱਖਿਆ ਅਫਸਰ (IC) ਅਤੇ ਸ਼੍ਰੀਮਤੀ ਰੀਤੂ ਸੂਦ (ਆਊਟਰੀਚ ਵਰਕਰ), ਮਮਤਾ ਸਿਟੀ ਚਾਈਲਡ ਲਾਈਨ, ਹਰਮਿੰਦਰ ਸਿੰਘ ਰੋਮੀ, ਦਲਜੀਤ ਸਿੰਘ (ਸਿੱਖਿਆ ਵਿਭਾਗ), ਅੰਜੂ ਵਰਮਾ ਅਤੇ ਕਾਮਿਆ ਖੰਨਾ (ਆਸ ਅਹਿਸਾਸ NGO) ਤੇ ਬਲਵੀਰ ਚੰਦ ਅਤੇ ਹੋਰ ਨੁਮਾਇੰਦੇ ਹਾਜ਼ਰ ਸਨ।

ਇਹ ਵੀ ਪੜ੍ਹੋ : ਵਿਜੇ ਸਿੰਗਲਾ ਦੀ ਬਰਖਾਸਤਗੀ ਤੋਂ ਬਾਅਦ ਲੋਕਾਂ ਨੇ ਸ਼ਹਿਰ 'ਚ ਲੱਗੇ ਹੋਰਡਿੰਗਾਂ 'ਤੇ ਮਲ਼ੀ ਕਾਲਖ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News