ਜ਼ਿਲ੍ਹੇ ’ਚ ਚਾਈਨਾ ਡੋਰ ਵੇਚਣ, ਖ਼ਰੀਦਣ, ਸਟੋਰ ਕਰਨ ਅਤੇ ਵਰਤੋਂ ’ਤੇ ਪਾਬੰਦੀ
Saturday, Jan 31, 2026 - 03:08 PM (IST)
ਮੋਹਾਲੀ (ਰਣਬੀਰ) : ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਵੱਲੋਂ ਜਨਤਕ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਵੇਚਣ, ਖ਼ਰੀਦਣ, ਸਟੋਰ ਕਰਨ ਤੇ ਵਰਤੋਂ ’ਤੇ ਪਾਬੰਦੀ ਲਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਦੱਸਿਆ ਕਿ ਚਾਈਨਾ ਡੋਰ ਦੀ ਵਰਤੋਂ ਨਾਲ ਪਤੰਗਬਾਜ਼ੀ ਦੌਰਾਨ ਲੋਕਾਂ ਦੇ ਹੱਥਾਂ ਤੇ ਉਂਗਲੀਆਂ ਦੇ ਕੱਟੇ ਜਾਣ, ਸਾਈਕਲ ਤੇ ਸਕੂਟਰ ਚਾਲਕਾਂ ਦੇ ਗਲ੍ਹ ਤੇ ਕੰਨਾਂ ਨੂੰ ਗੰਭੀਰ ਜ਼ਖ਼ਮੀ ਕਰਨ ਤੇ ਉੱਡਦੇ ਪੰਛੀਆਂ ਦੀ ਜਾਨ ਨੂੰ ਖ਼ਤਰਾ ਪੈਦਾ ਹੋ ਰਿਹਾ ਹੈ। ਇਨ੍ਹਾਂ ਖ਼ਤਰਿਆਂ ਨੂੰ ਦੇਖਦਿਆਂ ਇਹ ਕਦਮ ਚੁੱਕਿਆ ਗਿਆ ਹੈ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ‘ਦੀ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163), ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੋਹਾਲੀ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ’ਚ ਇਹ ਪਾਬੰਦੀ 23 ਮਾਰਚ ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹੇਗੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਤੇ ਹੋਰਨਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਚਾਈਨਾ ਡੋਰ ਦੀ ਵਰਤੋਂ ਤੋਂ ਪੂਰੀ ਤਰ੍ਹਾਂ ਪਰਹੇਜ਼ ਕਰਨ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ।
