ਪੁਲਸ ਡਰੋਨ ਰਾਹੀਂ ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲਿਆਂ ’ਤੇ ਰੱਖੇਗੀ ਨਜ਼ਰ
Sunday, Feb 02, 2025 - 11:18 AM (IST)
ਬਠਿੰਡਾ (ਸੁਖਵਿੰਦਰ) : ਪਾਬੰਦੀਸ਼ੁਦਾ ਅਤੇ ਖ਼ਤਰਨਾਕ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਪੁਲਸ ਲਗਾਤਾਰ ਯਤਨਸ਼ੀਲ ਹੈ। ਸ਼ਨੀਵਾਰ ਨੂੰ ਪੁਲਸ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਪਹੁੰਚ ਕੇ ਚਾਈਨਾ ਡੋਰ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਪੁਲਸ ਨੇ ਛੱਤਾਂ ’ਤੇ ਪਤੰਗ ਉਡਾ ਰਹੇ ਬੱਚਿਆਂ ਅਤੇ ਨੌਜਵਾਨਾਂ ਦੀ ਡੋਰ ਦੀ ਵੀ ਚੈਕਿੰਗ ਕੀਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬਸੰਤ ਪੰਚਮੀ ਵਾਲੇ ਦਿਨ ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲਿਆਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ।
ਥਾਣਾ ਸਦਰ ਦੇ ਇੰਚਾਰਜ ਪਰਵਿੰਦਰ ਸਿੰਘ ਨੇ ਦੱਸਿਆ ਕਿ ਛੱਤਾਂ ’ਤੇ ਚੈਕਿੰਗ ਲਈ ਪੁਲਸ ਵੱਲੋਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਗਲੀਆਂ ਅਤੇ ਮੁਹੱਲਿਆਂ ’ਚ ਪਹੁੰਚ ਕੇ ਡੋਰ ਦੀ ਚੈਕਿੰਗ ਕਰਨਗੀਆਂ। ਇੰਨਾ ਹੀ ਨਹੀਂ ਇਸ ਦੌਰਾਨ ਪੁਲਸ ਡਰੋਨ ਦੀ ਮਦਦ ਨਾਲ ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲਿਆਂ ’ਤੇ ਨਜ਼ਰ ਰੱਖੇਗੀ। ਜੇਕਰ ਕੋਈ ਵਿਅਕਤੀ ਚਾਈਨਾ ਡੋਰ ਨਾਲ ਪਤੰਗ ਉਡਾਉਂਦਾ ਪਾਇਆ ਗਿਆ ਤਾਂ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਪੁਲਸ ਕੇਸ ਦਰਜ ਕੀਤਾ ਜਾਵੇਗਾ। ਉਨ੍ਹਾਂ ਬੱਚਿਆਂ ਅਤੇ ਮਾਪਿਆਂ ਨੂੰ ਚਾਈਨਾ ਡੋਰ ਨਾਲ ਪਤੰਗ ਉਡਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।