ਚਾਈਨਾ ਡੋਰ ਵੇਚਣ, ਸਟੋਰ ਕਰਨ ਤੇ ਖਰੀਦਣ ''ਤੇ ਲੱਗੀ ਪਾਬੰਦੀ

11/22/2017 3:13:34 PM

ਹੁਸ਼ਿਆਰਪੁਰ (ਘੁੰਮਣ)— ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ. 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਹੁਸ਼ਿਆਰਪੁਰ ਅੰਦਰ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਖਰੀਦਣ 'ਤੇ ਪਾਬੰਦੀ ਲਾ ਦਿੱਤੀ ਹੈ। ਜਾਰੀ ਕੀਤੇ ਹੁਕਮ ਅਨੁਸਾਰ ਉਨ੍ਹਾਂ ਕਿਹਾ ਕਿ ਇਹ ਦੇਖਣ ਵਿਚ ਆਉਂਦਾ ਹੈ ਕਿ ਬੱਚੇ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਨਾਲ ਬਣੀ ਚਾਈਨਾ ਡੋਰ ਦੀ ਵਰਤੋਂ ਕਰਦੇ ਹਨ। ਇਸ ਨਾਲ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਅਤੇ ਕਈ ਵਾਰ ਇਸ ਡੋਰ ਦੀ ਲਪੇਟ ਵਿਚ ਆ ਕੇ ਦੋਪਹੀਆ ਵਾਹਨ ਚਾਲਕ ਹਾਦਸੇ ਦਾ ਸ਼ਿਕਾਰ ਵੀ ਹੋ ਜਾਂਦੇ ਹਨ। ਇਸ ਤੋਂ ਇਲਾਵਾ ਚਾਈਨਾ ਡੋਰ ਵਿਚ ਕਈ ਵਾਰ ਪੰਛੀ ਵੀ ਫਸ ਕੇ ਜ਼ਖ਼ਮੀ ਜਾਂ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ। ਮਰੇ ਹੋਏ ਪੰਛੀਆਂ ਦੇ ਰੁੱਖਾਂ 'ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਸ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਖਰੀਦਣ 'ਤੇ ਪਾਬੰਦੀ ਲਾਉਣੀ ਜ਼ਰੂਰੀ ਬਣ ਜਾਂਦੀ ਹੈ। ਇਹ ਪਾਬੰਦੀ ਧਾਗੇ ਵਾਲੀ ਡੋਰ 'ਤੇ ਲਾਗੂ ਨਹੀਂ ਹੋਵੇਗੀ। ਇਹ ਹੁਕਮ 20 ਜਨਵਰੀ 2018 ਤੱਕ ਲਾਗੂ ਰਹੇਗਾ।


Related News