ਚਿਤਕਾਰਾ ਯੂਨੀਵਰਸਿਟੀ ''ਚ ਹੰਗਾਮੇ ਦੇ ਮਾਮਲੇ ''ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ ਮੁਲਜ਼ਮ ਗ੍ਰਿਫ਼ਤਾਰ

Friday, Oct 02, 2026 - 07:42 PM (IST)

ਚਿਤਕਾਰਾ ਯੂਨੀਵਰਸਿਟੀ ''ਚ ਹੰਗਾਮੇ ਦੇ ਮਾਮਲੇ ''ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ ਮੁਲਜ਼ਮ ਗ੍ਰਿਫ਼ਤਾਰ

ਪਟਿਆਲਾ (ਬਲਜਿੰਦਰ): ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਵਿਖੇ 25-26 ਸਤੰਬਰ ਦੀ ਦਰਮਿਆਨੀ ਰਾਤ ਨੂੰ ਵਿਦਿਆਰਥੀਆਂ ਵੱਲੋਂ ਕੀਤੇ ਗਏ ਹੰਗਾਮੇ ਦੀ ਘਟਨਾ ਦੇ ਸਬੰਧ ਵਿਚ, ਪਟਿਆਲਾ ਪੁਲਸ ਨੇ ਸੋਸ਼ਲ ਮੀਡੀਆ ਰਾਹੀਂ ਗੁੰਮਰਾਹਕੁੰਨ ਅਫਵਾਹਾਂ ਫੈਲਾ ਕੇ ਵਿਦਿਆਰਥੀਆਂ ਨੂੰ ਭੜਕਾਉਣ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਪਟਿਆਲਾ ਪੁਲਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਿਮਾਂਸ਼ੂ (ਵਾਸੀ ਨੰਗਲ) ਅਤੇ ਆਰੀਅਨ (ਵਾਸੀ ਅੰਬਾਲਾ) ਵਜੋਂ ਹੋਈ ਹੈ।

ਇਸ ਘਟਨਾ ਤੋਂ ਬਾਅਦ, ਇਸ ਵਿਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਥਾਣਾ ਬਨੂੜ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਸੀ ਅਤੇ ਵੱਡੇ ਪੱਧਰ 'ਤੇ ਜਾਂਚ ਸ਼ੁਰੂ ਕੀਤੀ ਗਈ ਸੀ। ਪੁਲਸ ਨੇ ਦੱਸਿਆ ਕਿ ਜਾਂਚ ਦੇ ਹਿੱਸੇ ਵਜੋਂ, ਵਿਦਿਆਰਥੀਆਂ ਅਤੇ ਹੋਰ ਸ਼ਰਾਰਤੀ ਅਨਸਰਾਂ ਵੱਲੋਂ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਫੈਲਾਏ ਗਏ ਝੂਠੇ ਸੰਦੇਸ਼ਾਂ ਅਤੇ ਸੋਸ਼ਲ ਮੀਡੀਆ ਗਤੀਵਿਧੀਆਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਨੇ ਵੱਖ-ਵੱਖ ਸੋਸ਼ਲ ਮੀਡੀਆ ਗਰੁੱਪਾਂ ਰਾਹੀਂ ਗੁੰਮਰਾਹਕੁੰਨ ਸੰਦੇਸ਼ ਫੈਲਾ ਕੇ ਵਿਦਿਆਰਥੀਆਂ ਨੂੰ ਭੜਕਾਇਆ ਅਤੇ ਉਕਸਾਇਆ, ਜਿਸ ਕਾਰਨ ਯੂਨੀਵਰਸਿਟੀ ਕੈਂਪਸ ਵਿੱਚ ਸਥਿਤੀ ਤਣਾਅਪੂਰਨ ਹੋ ਗਈ। ਕੁੱਲ ਮਿਲਾ ਕੇ, 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 10 ਹੋਰਨਾਂ ਨੂੰ ਐੱਫ.ਆਈ.ਆਰ. ਵਿਚ ਨਾਮਜ਼ਦ ਕੀਤਾ ਗਿਆ ਹੈ। ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲਸ ਟੀਮਾਂ ਵੱਖ-ਵੱਖ ਥਾਵਾਂ 'ਤੇ ਭੇਜੀਆਂ ਗਈਆਂ ਹਨ।

ਗਲਤ ਜਾਣਕਾਰੀ ਫੈਲਾਉਣ, ਵਿਦਿਆਰਥੀਆਂ ਨੂੰ ਭੜਕਾਉਣ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਕਰਮਚਾਰੀਆਂ ਨੂੰ ਉਨ੍ਹਾਂ ਦੇ ਸਰਕਾਰੀ ਫਰਜ਼ ਨਿਭਾਉਣ ਵਿਚ ਰੁਕਾਵਟ ਪਾਉਣ ਵਿਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਪੁਲਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਪਟਿਆਲਾ ਪੁਲਸ ਸ਼ਾਂਤੀ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਆਪਣੀ ਵਚਨਬੱਧਤਾ 'ਤੇ ਦ੍ਰਿੜ ਹੈ।


author

Anmol Tagra

Content Editor

Related News