ਮਹਿਲਾ ਕਮਿਸ਼ਨ ਨੇ ਚਿਤਕਾਰਾ ਯੂਨੀਵਰਸਿਟੀ ਮਾਮਲੇ ''ਚ ਲਿਆ ਸੂ ਮੋਟੋ ਨੋਟਿਸ

Monday, Sep 28, 2026 - 07:04 PM (IST)

ਮਹਿਲਾ ਕਮਿਸ਼ਨ ਨੇ ਚਿਤਕਾਰਾ ਯੂਨੀਵਰਸਿਟੀ ਮਾਮਲੇ ''ਚ ਲਿਆ ਸੂ ਮੋਟੋ ਨੋਟਿਸ

ਪਟਿਆਲਾ: ਸੋਸ਼ਲ ਮੀਡੀਆ 'ਤੇ ਰਾਜਪੁਰਾ ਸਥਿਤ ਚਿਤਕਾਰਾ ਯੂਨੀਵਰਸਿਟੀ ਵਿਚ ਵਿਦਿਆਰਥਣਾਂ ਨਾਲ ਸਬੰਧਤ ਵਾਇਰਲ ਹੋਈਆਂ 'ਅਫ਼ਵਾਹਾਂ' ਅਤੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੇ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੂ ਮੋਟੋ ਨੋਟਿਸ ਲਿਆ ਹੈ। ਕਮਿਸ਼ਨ ਵੱਲੋਂ ਇਸ ਮਾਮਲੇ 'ਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਅਤੇ SSP ਨੂੰ ਨੋਟਿਸ ਜਾਰੀ ਕਰ ਕੇ 30 ਸਤੰਬਰ ਤੱਕ ਇਸ ਘਟਨਾਕ੍ਰਮ ਦੀ ਵਿਸਥਾਰਪੂਰਵਕ ਸਟੇਟਸ ਰਿਪੋਰਟ ਸੌਂਪਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। 

ਦੱਸ ਦਈਏ ਕਿ 25-26 ਸਤੰਬਰ ਦੀ ਦਰਮਿਆਨੀ ਰਾਤ ਨੂੰ ਸੋਸ਼ਲ ਮੀਡੀਆ 'ਤੇ ਚਿਤਕਾਰਾ ਯੂਨੀਵਰਸਿਟੀ ਦੇ ਹੋਸਟਲ ਅੰਦਰ ਭੂਤ ਹੋਣ, ਵਿਦਿਆਰਥਣਾਂ ਵੱਲੋਂ ਖ਼ੁਦਕੁਸ਼ੀ ਕਰਨ ਅਤੇ ਕੁਝ ਵਿਦਿਆਰਥਣਾਂ ਦੇ ਲਾਪਤਾ ਹੋਣ ਵਰਗੀਆਂ ਅਫ਼ਵਾਹਾਂ ਤੇਜ਼ੀ ਨਾਲ ਫੈਲ ਗਈਆਂ ਸਨ। ਇਨ੍ਹਾਂ ਅਫ਼ਵਾਹਾਂ ਮਗਰੋਂ ਵੱਡੀ ਗਿਣਤੀ ਵਿਚ ਵਿਦਿਆਰਥੀ-ਵਿਦਿਆਰਥਣਾਂ ਅੱਧੀ ਰਾਤ ਨੂੰ ਹੋਸਟਲਾਂ ਵਿਚੋਂ ਬਾਹਰ ਨਿਕਲ ਆਏ ਅਤੇ ਕੈਂਪਸ ਵਿਚ ਇਕੱਠੇ ਹੋ ਕੇ ਜ਼ੋਰਦਾਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

ਇਸ ਰੋਸ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨੇ ਕੈਂਪਸ ਦੇ ਸੁਰੱਖਿਆ ਪ੍ਰਬੰਧਾਂ ਤੇ ਗੰਭੀਰ ਸਵਾਲ ਚੁੱਕਦਿਆਂ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ। ਦੂਜੇ ਪਾਸੇ, ਯੂਨੀਵਰਸਿਟੀ ਪ੍ਰਸ਼ਾਸਨ ਨੇ ਕਿਸੇ ਵੀ ਵਿਦਿਆਰਥਣ ਦੀ ਮੌਤ ਜਾਂ ਖ਼ੁਦਕੁਸ਼ੀ ਨਾਲ ਜੁੜੇ ਸਾਰੇ ਦਾਅਵਿਆਂ ਨੂੰ ਸਿਰੇ ਤੋਂ ਖ਼ਾਰਜ ਕਰਦਿਆਂ ਇਨ੍ਹਾਂ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਫੈਲਾਈਆਂ ਗਈਆਂ ਅਫ਼ਵਾਹਾਂ ਕਰਾਰ ਦਿੱਤਾ ਸੀ। ਹੁਣ ਮਹਿਲਾ ਕਮਿਸ਼ਨ ਨੇ ਇਸ ਪੂਰੇ ਮਾਮਲੇ 'ਤੇ ਡੀ. ਸੀ. ਅਤੇ ਐੱਸ. ਐੱਸ. ਪੀ. ਤੋਂ ਵਿਸਥਾਰਤ ਰਿਪੋਰਟ ਮੰਗੀ ਹੈ। 


author

Anmol Tagra

Content Editor

Related News