ਗੁਰਦਾਸਪੁਰ ''ਚ ਬੇਟੀ ਬਚਾਓ, ਬੇਟੀ ਪੜ੍ਹਾਓ ਦਾ ਸੁਨੇਹਾ ਦੇਣ ਵਾਲੇ ਚੌਂਕ ਦਾ ਕੀਤਾ ਗਿਆ ਉਦਘਾਟਨ

Monday, Jan 27, 2025 - 05:04 AM (IST)

ਗੁਰਦਾਸਪੁਰ ''ਚ ਬੇਟੀ ਬਚਾਓ, ਬੇਟੀ ਪੜ੍ਹਾਓ ਦਾ ਸੁਨੇਹਾ ਦੇਣ ਵਾਲੇ ਚੌਂਕ ਦਾ ਕੀਤਾ ਗਿਆ ਉਦਘਾਟਨ

ਗੁਰਦਾਸਪੁਰ (ਹਰਜਿੰਦਰ ਗੋਰਾਇਆ) - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਸਥਿਤ ਬਰਿਆਰ ਬਾਈਪਾਸ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਇੱਕ ਸ਼ਾਨਦਾਰ ਚੌਂਕ ਦਾ ਨਿਰਮਾਣ ਕੀਤਾ ਗਿਆ ਹੈ ਜਿਸ ਦਾ ਉਦਘਾਟਨ ਅੱਜ ਗਣਤੰਤਰ ਦਿਵਸ ਦੇ ਸ਼ੁਭ ਮੌਕੇ ਕੀਤਾ ਗਿਆ। ਬੇਟੀ ਬਚਾਓ, ਬੇਟੀ ਪੜ੍ਹਾਓ ਦਾ ਸੁਨੇਹਾ ਦੇਣ ਵਾਲੇ ਇਸ ਚੌਂਕ ਦਾ ਉਦਘਾਟਨ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਬੇਦੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਸਮੀਤ ਕੌਰ, ਸੀਨੀਅਰ ਆਪ ਆਗੂ ਧਰੁਵ ਬਹਿਲ ਤੋਂ ਇਲਾਵਾ ਇਲਾਕੇ ਦੇ ਹੋਰ ਵੀ ਮੁਹਤਬਰ ਹਾਜ਼ਰ ਸਨ। 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕੀਤੇ ਗਏ ਇਸ ਚੌਂਕ ਦਾ ਉਦਘਾਟਨ ਕਰਨ ਮੌਕੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਆਪਣੀਆਂ ਧੀਆਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਨੂੰ ਪੜ੍ਹਾਈ ਵਿੱਚ ਵੱਧ ਤੋਂ ਵੱਧ ਮੌਕੇ ਦੇਣ ਲਈ ਪ੍ਰੇਰਿਤ ਕਰਨ ਤਹਿਤ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਹੀ ਇਸ ਚੌਂਕ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੌਂਕ ਵਿੱਚ ਦੋ ਵੱਡ ਅਕਾਰੀ ਗੁਰਮੁਖੀ ਦੀਆਂ ਫੱਟੀਆਂ ਬਣਾਈਆਂ ਗਈਆਂ ਹਨ ਅਤੇ ਅਧਿਆਪਕ ਬੱਚੀਆਂ ਨੂੰ ਪੜ੍ਹਾ ਰਹੇ ਹਨ। ਉਨ੍ਹਾਂ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਬੇਦੀ ਵੱਲੋਂ ਨਿੱਜੀ ਦਿਲਚਸਪੀ ਲੈ ਕੇ ਇਸ ਚੌਂਕ ਦੀ ਤਿਆਰੀ ਕਰਵਾਈ ਗਈ ਹੈ। ਉਨ੍ਹਾਂ ਨੇ ਇਸ ਉਪਰਾਲੇ ਲਈ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਚੌਂਕ ਨੂੰ ਹੋਰ ਵੀ ਖ਼ੂਬਸੂਰਤ ਬਣਾਇਆ ਜਾਵੇਗਾ।

ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਖ਼ੂਬਸੂਰਤ ਉਪਰਾਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਇਹ ਚੌਂਕ ਬਣਨ ਨਾਲ ਨਾ ਸਿਰਫ਼ ਸ਼ਹਿਰ ਦੀ ਖ਼ੂਬਸੂਰਤੀ ਵਿੱਚ ਵਾਧਾ ਹੋਇਆ ਹੈ ਓਥੇ ਇਸ ਰਾਹੀਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਦਾ ਸੁਨੇਹਾ ਵੀ ਲੋਕਾਂ ਤੱਕ ਪਹੁੰਚੇਗਾ। ਉਨ੍ਹਾਂ ਕਿਹਾ ਕਿ ਇਸ ਚੌਂਕ ਵਿੱਚ ਜਿੱਥੇ ਬੇਟੀਆਂ ਨੂੰ ਪੜ੍ਹਾਉਣ ਦਾ ਸੁਨੇਹਾ ਹੈ ਓਥੇ ਮਾਂ-ਬੋਲੀ ਪੰਜਾਬੀ ਨੂੰ ਵੀ ਉਤਸ਼ਾਹਿਤ ਕੀਤਾ ਗਿਆ ਹੈ। ਬਹਿਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਲੜਕੀਆਂ ਨੂੰ ਅੱਗੇ ਵਧਣ ਦੇ ਵੱਧ ਤੋਂ ਵੱਧ ਮੌਕੇ ਦੇ ਰਹੀ ਹੈ ਅਤੇ ਸਾਡੀਆਂ ਧੀਆਂ ਨਿੱਤ ਨਵੇਂ ਮੁਕਾਮ ਹਾਸਲ ਕਰ ਰਹੀਆਂ ਹਨ।


author

Inder Prajapati

Content Editor

Related News