ਮੋਹਿੰਦਰ ਭਗਤ ਦੇ ਘਰ ਪੁੱਜੀ ਭਾਜਪਾ ਲੀਡਰਸ਼ਿਪ, ਭਾਵੁਕ ਹੋ ਪਿਤਾ ਚੁੰਨੀ ਲਾਲ ਨੇ ਕਹੀ ਵੱਡੀ ਗੱਲ
Friday, Apr 14, 2023 - 05:52 PM (IST)
ਜਲੰਧਰ (ਵੈੱਬ ਡੈਸਕ, ਸੋਨੂੰ, ਗੁਲਸ਼ਨ)- ਮੋਹਿੰਦਰ ਸਿੰਘ ਭਗਤ ਵੱਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਭਾਜਪਾ ਦੀ ਲੀਡਰਸ਼ਿਪ ਪਹੁੰਚੀ। ਇਸ ਦੌਰਾਨ ਜਲੰਧਰ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਦੇ ਨਾਲ ਮਨੋਰੰਜਨ ਕਾਲੀਆ, ਕੇ. ਡੀ. ਭੰਡਾਰੀ, ਅਮਿਤ ਤਨੇਜਾ, ਰਾਜੀਵ ਢੀਂਗਰਾ, ਅਸ਼ੋਕ ਸਰੀਨ ਹਿੱਕੀ ਸ਼ਾਮਲ ਸਨ। ਇਨ੍ਹਾਂ ਆਗੂਆਂ ਵੱਲੋਂ ਚੁੰਨੀ ਲਾਲ ਭਗਤ ਦੇ ਨਾਲ ਮੋਹਿੰਦਰ ਭਗਤ ਵੱਲੋਂ ਲਏ ਫ਼ੈਸਲੇ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਗਈ। ਇਸ ਮੌਕੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਭਗਤ ਚੁੰਨੀ ਲਾਲ ਭਾਵੁਕ ਹੋ ਗਏ। ਭਾਵੁਕ ਹੁੰਦਿਆਂ ਚੁੰਨੀ ਲਾਲ ਨੇ ਕਿਹਾ ਕਿ ਬੇਟੇ ਵੱਲੋਂ ਲਿਆ ਗਿਆ ਫ਼ੈਸਲਾ ਗਲਤ ਹੈ। ਮੈਂ ਭਾਜਪਾ ਦੇ ਨਾਲ ਹਾਂ। ਉਨ੍ਹਾਂ ਕਿਹਾ ਕਿ ਮੋਹਿੰਦਰ ਭਗਤ ਨੇ ਉਨ੍ਹਾਂ ਨਾਲ ਕਦੇ ਪਾਰਟੀ ਛੱਡਣ ਦੀ ਗੱਲ ਨਹੀਂ ਕੀਤੀ, ਜੇਕਰ ਉਨ੍ਹਾਂ ਨੂੰ ਪਤਾ ਹੁੰਦਾ ਤਾਂ ਉਹ ਕਦੇ ਵੀ ਮੋਹਿੰਦਰ ਭਗਤ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਨਾ ਹੋਣ ਦਿੰਦੇ। ਉਨ੍ਹਾਂ ਵੱਡੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਪੁੱਤਰ ਮੋਹਿੰਦਰ ਭਗਤ 'ਤੇ 'ਆਪ' ਵੱਲੋਂ ਦਬਾਅ ਪਾਇਆ ਗਿਆ ਹੈ, ਇਸੇ ਕਰਕੇ ਉਹ ਭਾਰਤੀ ਜਨਤਾ ਪਾਰਟੀ ਛੱਡ ਕੇ ਚਲੇ ਗਏ ਹਨ। ਉਨ੍ਹਾਂ ਭਗਤ ਬਿਰਾਦਰੀ ਨੂੰ ਵੀ ਭਾਜਪਾ ਪਾਰਟੀ ਨੂੰ ਹੀ ਵੋਟ ਦੇਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਰਾਹੋਂ 'ਚ ਰੂਹ ਕੰਬਾਊ ਹਾਦਸਾ, 35 ਪ੍ਰਵਾਸੀ ਮਜ਼ਦੂਰਾਂ ਦੀਆਂ ਝੌਂਪੜੀਆਂ ਨੂੰ ਲੱਗੀ ਅੱਗ, 8 ਸਾਲਾ ਬੱਚੀ ਦੀ ਮੌਤ
ਜ਼ਿਕਰਯੋਗ ਹੈ ਕਿ ਅੱਜ ਜਲੰਧਰ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਸੀਨੀਅਰ ਆਗੂ ਮੋਹਿੰਦਰ ਭਗਤ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਮੋਹਿੰਦਰ ਭਗਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਪਾਰਟੀ 'ਚ ਸ਼ਾਮਲ ਕਰਵਾਇਆ।
ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ 'ਤੇ 10 ਮਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਦਲ-ਬਦਲੂ ਦਾ ਸਿਲਸਿਲਾ ਵੀ ਜਾਰੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ’ਚ ਸ਼ਾਮਲ ਹੋ ਗਏ ਹਨ। ਅਟਵਾਲ ਨੇ 9 ਅਪ੍ਰੈਲ ਨੂੰ ਹੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ’ਚੋਂ ਅਸਤੀਫ਼ਾ ਦਿੱਤਾ ਸੀ ਅਤੇ ਉਸੇ ਦਿਨ ਹੀ ਅਟਵਾਲ ਨੂੰ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਦਿੱਲੀ ਵਿਚ ਭਾਜਪਾ ’ਚ ਸ਼ਾਮਲ ਕਰਵਾਇਆ। ਇੰਦਰ ਇਕਬਾਲ ਸਿੰਘ ਅਟਵਾਲ ਹਲਕਾ ਕੂਮਕਲਾਂ ਤੋਂ ਅਕਾਲੀ ਦਲ ਦੀ ਟਿਕਟ ’ਤੇ ਚੋਣ ਜਿੱਤ ਚੁੱਕੇ ਹਨ। ਭਾਜਪਾ ਵੱਲੋਂ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ’ਚ ਉਮੀਦਵਾਰ ਵੀ ਐਲਾਨਿਆ ਗਿਆ ਹੈ।
ਇਹ ਵੀ ਪੜ੍ਹੋ : ਸਾਬਕਾ CM ਚੰਨੀ ਦਾ ਵੱਡਾ ਖ਼ੁਲਾਸਾ, ਜੱਦੀ ਘਰ ਦੀ ਕੁਰਕੀ ਦੇ ਦਿੱਤੇ ਗਏ ਹੁਕਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।