ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਸੰਘਰਸ਼ ਅੱਗੋਂ ਵੀ ਜਾਰੀ ਰੱਖਾਂਗੇ : ਕੈਪਟਨ
Friday, Jan 03, 2020 - 12:49 AM (IST)
ਜਲੰਧਰ,(ਧਵਨ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਸੰਸਦ 'ਚ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮਝਦੇ ਹਨ ਕਿ ਭਾਰਤ ਸਭਨਾਂ ਲੋਕਾਂ ਦਾ ਹੈ ਅਤੇ ਧਰਮ ਦੇ ਅਧਾਰ 'ਤੇ ਕਿਸੇ ਨਾਲ ਵੀ ਕੋਈ ਵਿਤਕਰਾ ਨਹੀਂ ਕੀਤਾ ਜਾ ਸਕਦਾ ਹੈ ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਇਨ੍ਹਾਂ ਵਿਚਾਰਾਂ ਤੋਂ ਪ੍ਰਭਾਵਿਤ ਰਹੇ ਹਨ ਕਿ ਹਰ ਪ੍ਰਕਾਰ ਦੇ ਵਿਤਕਰੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਹੀ ਵਿਚਾਰਾਂ ਤੋਂ ਪ੍ਰੇਰਿਤ ਹੋ ਕੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਦੇਸ਼ 'ਚ ਆਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਬਾਰੇ ਉਹ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਇਸ ਨੂੰ ਪੰਜਾਬ 'ਚ ਕਿਸੇ ਵੀ ਹਾਲਤ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਕਿਉਂਕਿ ਇਸ ਨਾਲ ਲੋਕਾਂ ਅੰਦਰ ਅਸੁਰੱਖਿਆ ਦੀ ਭਾਵਨਾ ਪੈਦਾ ਹੋਈ ਹੈ ਅਤੇ ਨਾਲ ਹੀ ਭਾਰਤੀ ਸੰਵਿਧਾਨ ਲਈ ਵੀ ਖ਼ਤਰਾ ਪੈਦਾ ਹੋ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀਂ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀਆਂ ਦੇ ਨਾਲ ਮਿਲ ਕੇ ਲੁਧਿਆਣਾ 'ਚ ਰੋਸ ਮਾਰਚ ਕੀਤਾ ਸੀ ਉਨ੍ਹਾਂ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਲੋਕਾਂ 'ਚ ਜਿਹੜਾ ਰੋਹ ਪਹਿਲਾਂ ਸੀ, ਉਹ ਅੱਜ ਵੀ ਮੌਜੂਦ ਹੈ। ਸੰਯੁਕਤ ਰਾਸ਼ਟਰ ਨੇ ਵੀ ਇਸ ਕਾਨੂੰਨ ਨੂੰ ਵਿਤਕਰੇ ਨਾਲ ਭਰਪੂਰ ਕਰਾਰ ਦਿੱਤਾ ਹੈ।